ਅਗਨੀਵੀਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਭਰਤੀਆਂ ‘ਚ ਮਿਲੇਗਾ ਰਿਜ਼ਰਵੇਸ਼ਨ

ਅਗਨੀਵੀਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਰਕਾਰੀ ਭਰਤੀਆਂ ‘ਚ ਮਿਲੇਗਾ ਰਿਜ਼ਰਵੇਸ਼ਨ

ਇਸ ਸਬੰਧੀ ਇੱਕ ਉੱਚ-ਸ਼ਕਤੀਸ਼ਾਲੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ, ਜੋ ਭਰਤੀ ਪ੍ਰਕਿਰਿਆ ਅਤੇ ਰਿਜ਼ਰਵੇਸ਼ਨ ਨੀਤੀ ਲਈ ਵਿਸਥਾਰਪੂਰਵਕ ਢਾਂਚਾ ਤਿਆਰ ਕਰੇਗੀ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਸਰਕਾਰ ਨੇ ਅਗਨੀਵੀਰਾਂ  ਯੋਜਨਾ ਅਧੀਨ ਸੇਵਾ ਨਿਭਾ ਚੁੱਕੇ ਅਗਨੀਵੀਰਾਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਿਆ ਹੈ। ਮੁੱਖ ਮੰਤਰੀ Bhagwant Mann ਦੀ ਅਗਵਾਈ ਹੇਠ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਦੇਣ ਨੂੰ ਸਿਧਾਂਤਕ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਇੱਕ ਉੱਚ-ਸ਼ਕਤੀਸ਼ਾਲੀ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ, ਜੋ ਭਰਤੀ ਪ੍ਰਕਿਰਿਆ ਅਤੇ ਰਿਜ਼ਰਵੇਸ਼ਨ ਨੀਤੀ ਲਈ ਵਿਸਥਾਰਪੂਰਵਕ ਢਾਂਚਾ ਤਿਆਰ ਕਰੇਗੀ।

ਚੰਡੀਗੜ੍ਹ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਨੀਤੀ ਦਾ ਖਾਕਾ ਤਿਆਰ ਕੀਤਾ ਜਾਵੇ, ਤਾਂ ਜੋ ਫੌਜੀ ਸੇਵਾ ਪੂਰੀ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਨੌਜਵਾਨਾਂ ਨੂੰ ਇੱਜ਼ਤਦਾਰ ਰੁਜ਼ਗਾਰ ਦੇ ਮੌਕੇ ਮਿਲ ਸਕਣ। ਉਨ੍ਹਾਂ ਕਿਹਾ ਕਿ ਅਗਨੀਵੀਰ ਅਨੁਸ਼ਾਸਿਤ, ਸਿਖਲਾਈ ਪ੍ਰਾਪਤ ਅਤੇ ਕਾਬਲ ਨੌਜਵਾਨ ਹਨ, ਜਿਨ੍ਹਾਂ ਦੀ ਯੋਗਤਾ ਨੂੰ ਸੂਬੇ ਦੇ ਵਿਕਾਸ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਣਾਈ ਜਾਣ ਵਾਲੀ ਰਾਖਵਾਂਕਰਨ ਨੀਤੀ ਵਿਆਪਕ ਅਤੇ ਵਿਹਾਰਕ ਹੋਣੀ ਚਾਹੀਦੀ ਹੈ, ਤਾਂ ਜੋ ਦੇਸ਼ ਦੀ ਸੇਵਾ ਕਰਕੇ ਵਾਪਸ ਆਉਣ ਵਾਲੇ ਨੌਜਵਾਨਾਂ ਦਾ ਪੁਨਰਵਾਸ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਅਜਿਹੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਖੇਤਰ ਵਿੱਚ ਤਰਜੀਹ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਨ੍ਹਾਂ ਵਿਭਾਗਾਂ ਵਿੱਚ ਮਿਲ ਸਕਦੇ ਹਨ ਮੌਕੇ

ਸੀਐਮ ਮਾਨ ਨੇ ਕਿਹਾ ਕਿ ਅਗਨੀਵੀਰਾਂ ਦੀਆਂ ਸੇਵਾਵਾਂ ਪੰਜਾਬ ਪੁਲਿਸ, ਜੰਗਲਾਤ ਵਿਭਾਗ, ਫਾਇਰ ਸਰਵਿਸ, ਜੇਲ੍ਹ ਵਿਭਾਗ, ਹੋਮ ਗਾਰਡ, ਪੇਸਕੋ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਵਰਤੀਆਂ ਜਾ ਸਕਦੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਭਰਤੀ ਅਤੇ ਰਿਜ਼ਰਵੇਸ਼ਨ ਨਾਲ ਜੁੜੇ ਮਾਪਦੰਡਾਂ ਨੂੰ ਜਲਦ ਤੋਂ ਜਲਦ ਅੰਤਿਮ ਰੂਪ ਦਿੱਤਾ ਜਾਵੇ, ਤਾਂ ਜੋ ਨੌਜਵਾਨਾਂ ਦੀ ਯੋਗਤਾ ਦਾ ਸਹੀ ਲਾਭ ਲਿਆ ਜਾ ਸਕੇ।

ਚਾਰ ਸੀਨੀਅਰ ਅਧਿਕਾਰੀਆਂ ਦੀ ਬਣੀ ਕਮੇਟੀ

ਇਸ ਨੀਤੀ ਨੂੰ ਅੰਤਿਮ ਰੂਪ ਦੇਣ ਲਈ ਸਰਕਾਰ ਵੱਲੋਂ ਚਾਰ ਸੀਨੀਅਰ ਅਧਿਕਾਰੀਆਂ ਦੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਵਿੱਚ ਵਿਕਾਸ ਪ੍ਰਤਾਪ, ਭਾਵਨਾ ਗਰਗ, ਸੁਮੇਰ ਸਿੰਘ ਗੁਰਜਰ ਅਤੇ ਐਸਐਸ ਸ਼੍ਰੀਵਾਸਤਵ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਅਗਨੀਵੀਰਾਂ ਦੀ ਭਰਤੀ, ਰਾਖਵਾਂਕਰਨ ਅਤੇ ਹੋਰ ਸਹੂਲਤਾਂ ਸਬੰਧੀ ਆਪਣੀਆਂ ਸਿਫਾਰਸ਼ਾਂ ਸਰਕਾਰ ਨੂੰ ਸੌਂਪੇਗੀ।

ਸ਼ਹੀਦ ਪਰਿਵਾਰਾਂ ਲਈ ਵੀ ਸਰਕਾਰ ਦਾ ਵੱਡਾ ਸਹਾਰਾ

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਸੈਨਿਕਾਂ, ਅਰਧ ਸੈਨਿਕ ਬਲਾਂ ਅਤੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਮਦਦ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।

ਸੀਐਮ ਮਾਨ ਨੇ ਉਮੀਦ ਜਤਾਈ ਕਿ ਅਗਨੀਵੀਰਾਂ ਲਈ ਇਹ ਨਵੀਂ ਪਹਿਲ ਨਾ ਸਿਰਫ਼ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਏਗੀ, ਸਗੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਆਰਥਿਕ ਅਤੇ ਸਮਾਜਿਕ ਮਜ਼ਬੂਤੀ ਪ੍ਰਦਾਨ ਕਰੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *