ਅਦਾਲਤ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਹੁਕਮ
ਸੁਣਵਾਈ ਦੌਰਾਨ ਮਾਹੌਲ ਪੂਰੀ ਤਰ੍ਹਾਂ ਸ਼ਾਂਤ ਰਿਹਾ ਅਤੇ ਅਦਾਲਤ ਨੇ ਉਪਲਬਧ ਤੱਥਾਂ ਦੇ ਆਧਾਰ ‘ਤੇ ਨਿਆਂਇਕ ਹਿਰਾਸਤ ਦਾ ਫੈਸਲਾ ਸੁਣਾਇਆ।

ਚੰਡੀਗੜ੍ਹ
ਬਿਊਰੋ ਰਿਪੋਰਟ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅੱਜ ਦੋ ਦਿਨਾਂ ਦੇ ਪੁਲਿਸ ਰਿਮਾਂਡ ਦੇ ਖਤਮ ਹੋਣ ਮਗਰੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਅਦਾਲਤ ਅੱਗੇ ਪੇਸ਼ ਕੀਤਾ ਗਿਆ। ਅਦਾਲਤ ਨੇ ਸੁਣਵਾਈ ਕਰਦਿਆਂ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ। ਉਨ੍ਹਾਂ ਦੇ ਵਕੀਲ ਰਿਤੁਰਾਜ ਸਿੰਘ ਨੇ ਦਲੀਲ ਦਿੱਤੀ ਕਿ ਪੁਲਿਸ ਵੱਲੋਂ ਹੁਣ ਤੱਕ ਕੋਈ ਵੀ ਰਿਕਵਰੀ ਨਹੀਂ ਕੀਤੀ ਗਈ। ਅਜਨਾਲਾ ਪੁਲਿਸ ਨੇ ਇਸ ਦੌਰਾਨ ਹੋਰ ਪੁਲਿਸ ਰਿਮਾਂਡ ਦੀ ਮੰਗ ਵੀ ਨਹੀਂ ਕੀਤੀ। ਸੁਣਵਾਈ ਦੌਰਾਨ ਮਾਹੌਲ ਪੂਰੀ ਤਰ੍ਹਾਂ ਸ਼ਾਂਤ ਰਿਹਾ ਅਤੇ ਅਦਾਲਤ ਨੇ ਉਪਲਬਧ ਤੱਥਾਂ ਦੇ ਆਧਾਰ ‘ਤੇ ਨਿਆਂਇਕ ਹਿਰਾਸਤ ਦਾ ਫੈਸਲਾ ਸੁਣਾਇਆ।
ਜ਼ਿਕਰਯੋਗ ਹੈ ਕਿ 21 ਅਪ੍ਰੈਲ ਨੂੰ ਪੰਜਾਬ ਪੁਲਿਸ ਦੀ ਇੱਕ ਖ਼ਾਸ ਟੀਮ ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਪਹੁੰਚੀ ਸੀ, ਜਿੱਥੇ ਅੰਮ੍ਰਿਤਪਾਲ ਸਿੰਘ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਤਹਿਤ ਨਜ਼ਰਬੰਦ ਰੱਖਿਆ ਗਿਆ ਸੀ। NSA ਅਧੀਨ ਉਸਦੀ ਨਜ਼ਰਬੰਦੀ 22 ਅਪ੍ਰੈਲ ਨੂੰ ਸਮਾਪਤ ਹੋ ਗਈ, ਜਿਸ ਤੋਂ ਬਾਅਦ ਪੁਲਿਸ ਨੇ ਪੁਰਾਣੇ ਕੇਸਾਂ ਵਿੱਚ ਕਾਰਵਾਈ ਤੇਜ਼ ਕਰ ਦਿੱਤੀ। ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਿਤੁਰਾਜ ਸਿੰਘ ਮੁਤਾਬਕ NSA ਦੀ ਮਿਆਦ ਮੁਕੰਮਲ ਹੋ ਚੁੱਕੀ ਹੈ, ਪਰ ਐਫਆਈਆਰ ਨੰਬਰ 39 ਦੇ ਅਧੀਨ ਕਾਨੂੰਨੀ ਪ੍ਰਕਿਰਿਆ ਜਾਰੀ ਹੈ। ਇਸ ਮਾਮਲੇ ਵਿੱਚ ਧਾਰਾ 307 ਸਮੇਤ ਕਈ ਗੰਭੀਰ ਇਲਜ਼ਾਮ ਲਗਾਏ ਗਏ ਹਨ। ਉਨ੍ਹਾਂ ਦੇ ਅਨੁਸਾਰ, ਇਸ ਕੇਸ ਨਾਲ ਜੁੜੇ ਹੋਰ ਸਾਥੀ ਪਹਿਲਾਂ ਹੀ ਅਦਾਲਤ ਵਿੱਚ ਪੇਸ਼ ਹੋ ਚੁੱਕੇ ਹਨ।
ਇਹ ਵੀ ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਅਪ੍ਰੈਲ 2023 ਵਿੱਚ ਮੋਗਾ ਦੇ ਰੋਡੇ ਪਿੰਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਫਰਵਰੀ 2023 ਵਿੱਚ ਅਜਨਾਲਾ ਪੁਲਿਸ ਥਾਣੇ ‘ਚ ਵੱਡਾ ਵਿਵਾਦ ਖੜ੍ਹਾ ਹੋਇਆ ਸੀ, ਜਦੋਂ ਅੰਮ੍ਰਿਤਪਾਲ ਆਪਣੇ ਸਮਰਥਕਾਂ ਨਾਲ ਬੈਰੀਕੇਡ ਤੋੜ ਕੇ ਥਾਣੇ ਵਿੱਚ ਦਾਖਲ ਹੋ ਗਿਆ ਸੀ। ਇਸ ਦੌਰਾਨ ਪੁਲਿਸ ਅਤੇ ਸਮਰਥਕਾਂ ਵਿਚਕਾਰ ਝੜਪਾਂ ਵੀ ਹੋਈਆਂ ਸਨ, ਜਿਨ੍ਹਾਂ ਦਾ ਮਕਸਦ ਕਥਿਤ ਤੌਰ ‘ਤੇ ਇੱਕ ਗ੍ਰਿਫ਼ਤਾਰ ਸਾਥੀ ਨੂੰ ਛੁਡਾਉਣਾ ਸੀ। ਇਸ ਮਾਮਲੇ ਵਿੱਚ ਅੰਮ੍ਰਿਤਪਾਲ ਸਿੰਘ ਸਮੇਤ 41 ਵਿਅਕਤੀਆਂ ਵਿਰੁੱਧ ਕਤਲ ਦੀ ਕੋਸ਼ਿਸ਼, ਸਰਕਾਰੀ ਕਰਮਚਾਰੀਆਂ ‘ਤੇ ਹਮਲਾ, ਅਪਰਾਧਿਕ ਸਾਜ਼ਿਸ਼ ਅਤੇ ਦੰਗਾ ਕਰਨ ਵਰਗੇ ਗੰਭੀਰ ਦੋਸ਼ ਦਰਜ ਕੀਤੇ ਗਏ ਹਨ। ਪੁਲਿਸ ਦੇ ਅਨੁਸਾਰ, ਅੰਮ੍ਰਿਤਪਾਲ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਵਜੋਂ ਸਾਹਮਣੇ ਆਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
