ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ ਰੰਧਾਵਾ ਨੇ ਤੋੜੀ ਚੁੱਪ, ਬੋਲੇ- ‘ਇੰਨੀਆਂ ਮੀਟਿੰਗਾਂ ਤੋਂ ਬਾਅਦ ਅਜਿਹੇ ਹਾਲਾਤ ਨਹੀਂ ਬਣਨੇ ਚਾਹੀਦੇ ਸਨ’
ਇਸ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਨੂੰ ਜਨਮ ਦਿੱਤਾ, ਖ਼ਾਸ ਕਰਕੇ ਉਸ ਸਮੇਂ ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਆਪਣੇ ਸਮਰਥਕਾਂ ਦੀ ਅਹਿਮ ਬੈਠਕ ਬੁਲਾਈ ਹੋਈ ਸੀ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਕਾਂਗਰਸ ਵਿੱਚ ਚੱਲ ਰਹੀ ਅੰਦਰੂਨੀ ਖਿੱਚਤਾਣ ਦਰਮਿਆਨ ਸੀਨੀਅਰ ਕਾਂਗਰਸੀ ਆਗੂ ਅਤੇ ਰਾਜਸਥਾਨ ਕਾਂਗਰਸ ਦੇ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਨੂੰ ਜਨਮ ਦਿੱਤਾ, ਖ਼ਾਸ ਕਰਕੇ ਉਸ ਸਮੇਂ ਜਦੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਆਪਣੇ ਸਮਰਥਕਾਂ ਦੀ ਅਹਿਮ ਬੈਠਕ ਬੁਲਾਈ ਹੋਈ ਸੀ।
ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਜਿੰਦਰ ਰੰਧਾਵਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਦਾ ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਮੁਲਾਕਾਤ ਸਰਹੱਦੀ ਖੇਤਰਾਂ ਦੇ ਮਸਲਿਆਂ ਅਤੇ ਪੰਜਾਬ ਦੀ ਸੁਰੱਖਿਆ ਨੂੰ ਲੈ ਕੇ ਪਹਿਲਾਂ ਤੋਂ ਤੈਅ ਸੀ। ਰੰਧਾਵਾ ਨੇ ਕਿਹਾ ਕਿ ਉਹ ਆਪਣੀ ਮੌਜੂਦਾ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾ ਰਹੇ ਹਨ ਅਤੇ ਕਿਸੇ ਹੋਰ ਸਿਆਸੀ ਵਿਕਲਪ ਬਾਰੇ ਸੋਚਣ ਦਾ ਕੋਈ ਸਵਾਲ ਨਹੀਂ ਉੱਠਦਾ।
ਪੰਜਾਬ ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਵਿਵਾਦ ਬਾਰੇ ਰੰਧਾਵਾ ਨੇ ਕਿਹਾ ਕਿ ਇੰਨੀਆਂ ਮੀਟਿੰਗਾਂ ਅਤੇ ਵਿਚਾਰ-ਵਟਾਂਦਰਿਆਂ ਤੋਂ ਬਾਅਦ ਅਜਿਹੀ ਸਥਿਤੀ ਨਹੀਂ ਬਣਨੀ ਚਾਹੀਦੀ ਸੀ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਹਾਲਾਤ ਅਜੇ ਇੰਨੇ ਗੰਭੀਰ ਨਹੀਂ ਹਨ ਕਿ ਕਿਸੇ ਹੋਰ ਪਾਰਟੀ ਵਿੱਚ ਜਾਣ ਬਾਰੇ ਸੋਚਿਆ ਜਾਵੇ।
ਚਰਨਜੀਤ ਸਿੰਘ ਚੰਨੀ ਵੱਲੋਂ ਬੁਲਾਈ ਗਈ ਮੀਟਿੰਗ ਸਬੰਧੀ ਪੁੱਛੇ ਸਵਾਲ ‘ਤੇ ਰੰਧਾਵਾ ਨੇ ਕਿਹਾ ਕਿ ਚੰਨੀ ਦੀ ਨਾਰਾਜ਼ਗੀ ਬਾਰੇ ਉਹ ਖੁਦ ਹੀ ਬਿਹਤਰ ਜਵਾਬ ਦੇ ਸਕਦੇ ਹਨ। ਉਨ੍ਹਾਂ ਇਸ ਮਾਮਲੇ ‘ਤੇ ਹੋਰ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਨਵੇਂ ਸੰਗਠਨਾਤਮਕ ਢਾਂਚੇ ਵਿੱਚ ਸੁਖਜਿੰਦਰ ਸਿੰਘ ਰੰਧਾਵਾ ਨੂੰ ਕੋਰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ, ਜਦਕਿ ਚਰਨਜੀਤ ਸਿੰਘ ਚੰਨੀ ਨੂੰ ਕੈਂਪੇਨ ਕਮੇਟੀ ਦੀ ਕਮਾਨ ਸੌਂਪੀ ਗਈ ਹੈ।
ਉੱਥੇ ਹੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੋਰਿੰਡਾ ਸਥਿਤ ਨਿਵਾਸ ‘ਤੇ ਸਮਰਥਕਾਂ ਦੀ ਅਹਿਮ ਮੀਟਿੰਗ ਬੁਲਾਈ, ਜਿਸ ਵਿੱਚ ਕਾਂਗਰਸ ਦੇ ਕਈ ਸੰਸਦ ਮੈਂਬਰ, ਵਿਧਾਇਕ, ਹਲਕਾ ਇੰਚਾਰਜ ਅਤੇ ਸੀਨੀਅਰ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਓਪੀ ਸੋਨੀ, ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਸਿੰਘ ਕੋਟਲੀ, ਗੁਰਪ੍ਰੀਤ ਸਿੰਘ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਲਖਬੀਰ ਸਿੰਘ ਲੱਖਾ, ਤਰਸੇਮ ਡੀ.ਸੀ., ਦਰਸ਼ਨ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਕਮਿੰਦਰ ਸਿੰਘ ਕੜਵਲਪੁਰ ਅਤੇ ਸਾਬਕਾ ਸੰਸਦ ਮੈਂਬਰ ਮੁਹੰਮਦ ਸਾਦਿਕ ਸਮੇਤ ਕਈ ਹੋਰ ਆਗੂ ਮੌਜੂਦ ਰਹੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
