ਅੰਮ੍ਰਿਤਪਾਲ ਸਿੰਘ ਮਾਮਲੇ ‘ਤੇ ਅੰਮ੍ਰਿਤਸਰ ਸੈਸ਼ਨ ਕੋਰਟ ਵਿੱਚ ਸੁਣਵਾਈ, 11 ਮਈ ਨੂੰ ਪੰਜਾਬ ਸਰਕਾਰ ਦੇਵੇਗੀ ਜਵਾਬ
ਸੁਣਵਾਈ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਰੀਕ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਮਹੱਤਵਪੂਰਨ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਚਾਰਜਾਂ ਨੂੰ ਬੇਬੁਨਿਆਦ ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।

ਸ੍ਰੀ ਅਮ੍ਰਿਤਸਰ ਸਾਹਿਬ
ਬਿਊਰੋ ਰਿਪੋਰਟ
ਖਡੂਰ ਸਾਹਿਬ ਤੋਂ ਸੰਸਦ ਮੈਂਬਰ Amritpal Singh ਨਾਲ ਸੰਬੰਧਿਤ ਮਾਮਲੇ ਦੀ ਅੱਜ Amritsar Sessions Court ਵਿੱਚ ਸੁਣਵਾਈ ਹੋਈ। ਇਸ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਦੀ ਪੱਖੋਂ ਉਨ੍ਹਾਂ ਦੇ ਵਕੀਲ ਰੀਤੂ ਰਾਜ ਸਿੰਘ ਸੰਧੂ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਵਕੀਲ ਸੰਧੂ ਨੇ ਦੱਸਿਆ ਕਿ ਅੱਜ ਦੀ ਤਰੀਕ ਦੌਰਾਨ ਉਨ੍ਹਾਂ ਵੱਲੋਂ ਅਦਾਲਤ ਵਿੱਚ ਇੱਕ ਮਹੱਤਵਪੂਰਨ ਅਰਜ਼ੀ ਦਾਇਰ ਕੀਤੀ ਗਈ ਹੈ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਚਾਰਜਾਂ ਨੂੰ ਬੇਬੁਨਿਆਦ ਦੱਸਦਿਆਂ ਉਨ੍ਹਾਂ ਨੂੰ ਡਿਸਚਾਰਜ ਕਰਨ ਦੀ ਮੰਗ ਕੀਤੀ ਗਈ ਹੈ।
ਵਕੀਲ ਨੇ ਕਿਹਾ ਕਿ ਚਲਾਨ ਅਤੇ ਮਾਮਲੇ ਨਾਲ ਸੰਬੰਧਿਤ ਸਾਰੇ ਦਸਤਾਵੇਜ਼ਾਂ ਦਾ ਅਧਿਐਨ ਕਰਨ ਤੋਂ ਬਾਅਦ ਅਦਾਲਤ ਵਿੱਚ ਵਿਸਥਾਰਪੂਰਵਕ ਅਰਜ਼ੀ ਦਾਇਰ ਕੀਤੀ ਗਈ ਹੈ। ਉਨ੍ਹਾਂ ਦਲੀਲ ਦਿੱਤੀ ਕਿ ਜਿਨ੍ਹਾਂ ਧਾਰਾਵਾਂ ਤਹਿਤ ਚਾਰਜ ਲਗਾਏ ਗਏ ਹਨ, ਉਹ ਤੱਥਾਂ ਅਤੇ ਮੌਜੂਦਾ ਸਬੂਤਾਂ ਦੇ ਆਧਾਰ ‘ਤੇ ਸਹੀ ਨਹੀਂ ਬਣਦੇ, ਇਸ ਲਈ ਅਦਾਲਤ ਨੂੰ ਅੰਮ੍ਰਿਤਪਾਲ ਸਿੰਘ ਨੂੰ ਇਨ੍ਹਾਂ ਚਾਰਜਾਂ ਤੋਂ ਬਰੀ ਕਰਨਾ ਚਾਹੀਦਾ ਹੈ।
11 ਮਈ ਨੂੰ ਸਟੇਟ ਵੱਲੋਂ ਪੇਸ਼ ਕੀਤਾ ਜਾਵੇਗਾ ਜਵਾਬ
ਰੀਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਅਦਾਲਤ ਨੇ ਹੁਣ ਇਸ ਅਰਜ਼ੀ ‘ਤੇ ਸਟੇਟ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ 11 ਮਈ ਨੂੰ ਆਪਣਾ ਰਿਪਲਾਈ ਫਾਈਲ ਕੀਤਾ ਜਾਵੇਗਾ, ਜਿਸ ਤੋਂ ਬਾਅਦ ਅਦਾਲਤ ਅਗਲੀ ਕਾਰਵਾਈ ਅੱਗੇ ਵਧਾਏਗੀ। ਉਨ੍ਹਾਂ ਇਹ ਵੀ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਲਗਾਤਾਰ ਵੀਡੀਓ ਕਾਨਫਰੰਸਿੰਗ ਰਾਹੀਂ ਦਰਜ ਕੀਤੀ ਜਾ ਰਹੀ ਹੈ। ਵਕੀਲ ਦੇ ਮੁਤਾਬਕ ਉਹ ਇਸ ਸਮੇਂ ਵੀ ਉਸੇ ਸੈੱਲ ਵਿੱਚ ਹਨ, ਜਿੱਥੇ ਪਹਿਲਾਂ ਰੱਖੇ ਗਏ ਸਨ ਅਤੇ ਉਨ੍ਹਾਂ ਦੀ ਸਥਿਤੀ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਇਆ।
ਵਕੀਲ ਸੰਧੂ ਨੇ ਕਿਹਾ ਕਿ ਅਦਾਲਤੀ ਕਾਰਵਾਈ ਦੌਰਾਨ ਹਰ ਤਰੀਕ ‘ਤੇ ਅੰਮ੍ਰਿਤਪਾਲ ਸਿੰਘ ਦੀ ਹਾਜ਼ਰੀ ਵੀਡੀਓ ਕਾਨਫਰੰਸਿੰਗ ਰਾਹੀਂ ਲਗਾਈ ਜਾਂਦੀ ਹੈ ਅਤੇ ਸਾਰੀ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਹੀ ਚੱਲ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਮੁਅੱਕਲ ਖ਼ਿਲਾਫ਼ ਜਾਂਚ ਦੌਰਾਨ ਕੋਈ ਨਵਾਂ ਗੰਭੀਰ ਤੱਥ ਸਾਹਮਣੇ ਨਹੀਂ ਆਇਆ ਅਤੇ ਉਹ ਕਾਨੂੰਨੀ ਤੌਰ ‘ਤੇ ਆਪਣਾ ਪੱਖ ਮਜ਼ਬੂਤੀ ਨਾਲ ਅਦਾਲਤ ਅੱਗੇ ਰੱਖ ਰਹੇ ਹਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
