ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦਾ ਵੱਡਾ ਦਾਅਵਾ, ਕਿਹਾ- ਅਗਲਾ ਸੀਐੱਮ ਭਗਵੰਤ ਮਾਨ ਨਹੀਂ ਹੋਵੇਗਾ
ਉਨ੍ਹਾਂ ਦਾਅਵਾ ਕੀਤਾ ਕਿ ਕਰੋੜਾਂ ਲੋਕ ਗਰੀਬੀ ਰੇਖਾ ਤੋਂ ਬਾਹਰ ਆਏ ਹਨ ਅਤੇ ਰਿਹਾਇਸ਼, ਬਿਜਲੀ, ਸਾਫ਼ ਪਾਣੀ ਅਤੇ ਮੁਫ਼ਤ ਰਾਸ਼ਨ ਵਰਗੀਆਂ ਯੋਜਨਾਵਾਂ ਦਾ ਲਾਭ ਦੇਸ਼ ਦੇ ਹਰ ਵਰਗ ਤੱਕ ਪਹੁੰਚਿਆ ਹੈ।

ਸ੍ਰੀ ਅਮ੍ਰਿਤਸਰ ਸਾਹਿਬ
ਬਿਊਰੋ ਰਿਪੋਰਟ
ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਵਪਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਉਪਰੰਤ ਉਨ੍ਹਾਂ ਪ੍ਰੈਸ ਕਾਨਫਰੰਸ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ 12 ਸਾਲਾਂ ਦੇ ਕਾਰਜਕਾਲ ਅਤੇ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ।
ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਰਾਜਨੀਤੀ ਵਿੱਚ ਨਵਾਂ ਬਦਲਾਅ ਲਿਆਂਦਾ ਹੈ ਅਤੇ ਲੋਕਾਂ ਦਾ ਰਾਜਨੀਤਿਕ ਲੀਡਰਸ਼ਿਪ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਗਰੀਬ ਕਲਿਆਣ, ਬੁਨਿਆਦੀ ਢਾਂਚੇ ਦੇ ਵਿਸਥਾਰ, ਰਾਸ਼ਟਰੀ ਸੁਰੱਖਿਆ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਰਗੇ ਕਈ ਖੇਤਰਾਂ ਵਿੱਚ ਮਹੱਤਵਪੂਰਨ ਕੰਮ ਕੀਤੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਰੋੜਾਂ ਲੋਕ ਗਰੀਬੀ ਰੇਖਾ ਤੋਂ ਬਾਹਰ ਆਏ ਹਨ ਅਤੇ ਰਿਹਾਇਸ਼, ਬਿਜਲੀ, ਸਾਫ਼ ਪਾਣੀ ਅਤੇ ਮੁਫ਼ਤ ਰਾਸ਼ਨ ਵਰਗੀਆਂ ਯੋਜਨਾਵਾਂ ਦਾ ਲਾਭ ਦੇਸ਼ ਦੇ ਹਰ ਵਰਗ ਤੱਕ ਪਹੁੰਚਿਆ ਹੈ।
ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਸਬੰਧੀ ਪੁੱਛੇ ਸਵਾਲ ‘ਤੇ ਖੱਟਰ ਨੇ ਕਿਹਾ ਕਿ ਅਗਲਾ ਮੁੱਖ ਮੰਤਰੀ ਕੋਈ ਵੀ ਬਣ ਸਕਦਾ ਹੈ, ਪਰ ਭਗਵੰਤ ਮਾਨ ਨਹੀਂ ਹੋਣਗੇ। ਉਨ੍ਹਾਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਗੈਂਗਸਟਰਵਾਦ ਅਤੇ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਹੈ।
ਭਾਰਤ ਅਤੇ ਪਾਕਿਸਤਾਨ ਵਿਚਾਲੇ ਵਪਾਰ ਮੁੜ ਸ਼ੁਰੂ ਕਰਨ ਦੀ ਵਪਾਰੀਆਂ ਦੀ ਮੰਗ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਸਬੰਧਾਂ ਅਤੇ ਵਪਾਰਕ ਨੀਤੀਆਂ ਨਾਲ ਜੁੜੇ ਫੈਸਲੇ ਮੌਜੂਦਾ ਹਾਲਾਤ ਅਤੇ ਸਮੇਂ ਦੀ ਲੋੜ ਨੂੰ ਦੇਖਦਿਆਂ ਲਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸਥਿਤੀ ਦੇ ਅਨੁਸਾਰ ਇਸ ਮਾਮਲੇ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।
ਪੰਜਾਬ ਵਿੱਚ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਲੱਗ ਰਹੇ ਦੋਸ਼ਾਂ ਨੂੰ ਰੱਦ ਕਰਦਿਆਂ ਖੱਟਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਠੋਸ ਮੁੱਦਾ ਨਹੀਂ ਹੈ, ਇਸ ਲਈ ਉਹ ਭਾਜਪਾ ਖ਼ਿਲਾਫ਼ ਬੇਬੁਨਿਆਦ ਇਲਜ਼ਾਮ ਲਗਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਨਤਾ ਸੂਝਵਾਨ ਹੈ ਅਤੇ ਉਹ ਸਰਕਾਰਾਂ ਦਾ ਮੁਲਾਂਕਣ ਉਨ੍ਹਾਂ ਦੇ ਕੰਮਕਾਜ ਦੇ ਆਧਾਰ ‘ਤੇ ਕਰਦੀ ਹੈ।
ਕੇਂਦਰੀ ਮੰਤਰੀ ਨੇ ਇਹ ਵੀ ਦਾਅਵਾ ਕੀਤਾ ਕਿ ਦੇਸ਼ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਅਭੂਤਪੂਰਵ ਗਤੀ ਮਿਲੀ ਹੈ ਅਤੇ ਸੜਕਾਂ, ਰੇਲਵੇ, ਹਵਾਈ ਸੇਵਾਵਾਂ ਅਤੇ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਵੱਡੇ ਪੱਧਰ ‘ਤੇ ਸੁਧਾਰ ਹੋਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਉਦੇਸ਼ ਸੇਵਾ, ਵਿਕਾਸ ਅਤੇ ਸਵੈ-ਨਿਰਭਰ ਭਾਰਤ ਦੇ ਸੰਕਲਪ ਨੂੰ ਹੋਰ ਮਜ਼ਬੂਤ ਬਣਾਉਣਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
