ਅੰਮ੍ਰਿਤਸਰ ਵਿੱਚ SSOC ਦੀ ਛਾਪੇਮਾਰੀ, ਦੋ ਨੌਜਵਾਨ ਗ੍ਰਿਫ਼ਤਾਰ, 2 ਹੈਂਡ ਗ੍ਰਨੇਡ ਕੀਤੇ ਬਰਾਮਦ
ਇਸ ਬਰਾਮਦਗੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਸਚੇਤ ਹੋ ਗਈਆਂ ਹਨ ਅਤੇ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਸ੍ਰੀ ਅਮ੍ਰਿਤਸਰ ਸਾਹਿਬ
ਬਿਊਰੋ ਰਿਪੋਰਟ
ਅੰਮ੍ਰਿਤਸਰ ਵਿੱਚ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਵੱਲੋਂ ਵੱਡੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਦੌਰਾਨ ਪੁਲਿਸ ਟੀਮ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਇਸ ਬਰਾਮਦਗੀ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਸਚੇਤ ਹੋ ਗਈਆਂ ਹਨ ਅਤੇ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਗੁਪਤ ਜਾਣਕਾਰੀ ਦੇ ਆਧਾਰ ‘ਤੇ ਹੋਈ ਕਾਰਵਾਈ
ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ 18 ਮਈ 2026 ਨੂੰ SSOC ਅੰਮ੍ਰਿਤਸਰ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਅਜੈ ਨਾਮਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ। ਦੱਸਿਆ ਜਾ ਰਿਹਾ ਹੈ ਕਿ ਅਜੈ, ਰਾਮ ਸਵਰੂਪ ਦਾ ਪੁੱਤਰ ਹੈ ਅਤੇ ਅਜਨਾਲਾ ਦੇ ਬਾਜੀਗਰ ਮੁਹੱਲੇ ਦਾ ਰਹਿਣ ਵਾਲਾ ਹੈ। ਪੁਲਿਸ ਵੱਲੋਂ ਉਸ ਦੇ ਇੱਕ ਹੋਰ ਸਾਥੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁਲਜ਼ਮਾਂ ਕੋਲੋਂ ਮਿਲੇ ਵਿਸਫੋਟਕ
ਪੁਲਿਸ ਨੇ ਦੋਵਾਂ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ 2 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਵਿਸਫੋਟਕ ਸਮੱਗਰੀ ਉਨ੍ਹਾਂ ਕੋਲ ਕਿੱਥੋਂ ਆਈ ਅਤੇ ਇਸਦਾ ਇਸਤੇਮਾਲ ਕਿਸ ਮਨਸੂਬੇ ਲਈ ਕੀਤਾ ਜਾਣਾ ਸੀ।
ਪੁਲਿਸ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈਂਦਿਆਂ ਇਹ ਵੀ ਜਾਂਚ ਕਰ ਰਹੀ ਹੈ ਕਿ ਕਿਤੇ ਮੁਲਜ਼ਮਾਂ ਦੇ ਸੰਬੰਧ ਕਿਸੇ ਵੱਡੇ ਗੈਂਗ ਜਾਂ ਅਪਰਾਧਿਕ ਨੈੱਟਵਰਕ ਨਾਲ ਤਾਂ ਨਹੀਂ ਜੁੜੇ ਹੋਏ। ਸੁਰੱਖਿਆ ਏਜੰਸੀਆਂ ਵੱਲੋਂ ਹਰ ਪੱਖ ਤੋਂ ਜਾਂਚ ਜਾਰੀ ਹੈ।
ਵਿਸਫੋਟਕ ਐਕਟ ਤਹਿਤ ਮਾਮਲਾ ਦਰਜ
ਇਸ ਮਾਮਲੇ ਸਬੰਧੀ ਥਾਣਾ SSOC ਅੰਮ੍ਰਿਤਸਰ ਵਿੱਚ ਧਾਰਾ 61(2) ਬੀਐਨਐਸ ਅਤੇ 4/5 ਵਿਸਫੋਟਕ ਪਦਾਰਥ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਜਾਂਚ ਦੌਰਾਨ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਪੁਲਿਸ ਹੁਣ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਤਿਆਰੀ ਕਰ ਰਹੀ ਹੈ, ਤਾਂ ਜੋ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਅਤੇ ਸੰਭਾਵਿਤ ਸਾਜ਼ਿਸ਼ਾਂ ਬਾਰੇ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।
