ਏਜੰਸੀਆਂ ਦੇ ਦੁਰਵਰਤੋਂ, ਪੰਜਾਬ ਦੀ ਸਿਆਸਤ ਅਤੇ ਧਾਰਮਿਕ ਮਸਲਿਆਂ ‘ਤੇ ਬੋਲੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ

ਏਜੰਸੀਆਂ ਦੇ ਦੁਰਵਰਤੋਂ, ਪੰਜਾਬ ਦੀ ਸਿਆਸਤ ਅਤੇ ਧਾਰਮਿਕ ਮਸਲਿਆਂ ‘ਤੇ ਬੋਲੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ

ਆਰਥਿਕ ਅਪਰਾਧ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ, ਪਰ ਈਡੀ, ਸੀਬੀਆਈ, ਇਨਕਮ ਟੈਕਸ ਅਤੇ ਹੋਰ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤਣਾ ਗਲਤ ਹੈ।

ਪਟਿਆਲਾ

ਬਿਊਰੋ ਰਿਪੋਰਟ

ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਾਂਚ ਏਜੰਸੀਆਂ ਦਾ ਸਿਆਸੀ ਵਰਤੋਂ ਲੋਕਤੰਤਰ ਲਈ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਆਰਥਿਕ ਅਪਰਾਧ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਜ਼ਰੂਰ ਹੋਣੀ ਚਾਹੀਦੀ ਹੈ, ਪਰ ਈਡੀ, ਸੀਬੀਆਈ, ਇਨਕਮ ਟੈਕਸ ਅਤੇ ਹੋਰ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤਣਾ ਗਲਤ ਹੈ।

ਡਾ. ਗਾਂਧੀ ਨੇ ਕਿਹਾ ਕਿ ਜੋ ਲੋਕ ਸਰਕਾਰੀ ਸਰੋਤਾਂ ਦੀ ਲੁੱਟ ਵਿੱਚ ਸ਼ਾਮਲ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਪਰ ਭਾਜਪਾ ‘ਤੇ ਦੋਸ਼ ਲਗਾਉਂਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਏਜੰਸੀਆਂ ਦਾ ਇਸਤੇਮਾਲ ਆਪਣੇ ਸਿਆਸੀ ਫਾਇਦੇ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦਿੱਲੀ ਵਿੱਚ ਈਡੀ ਅਤੇ ਸੀਬੀਆਈ ਦੀ ਵਰਤੋਂ ਹੁੰਦੀ ਹੈ, ਠੀਕ ਉਸੇ ਤਰ੍ਹਾਂ ਪੰਜਾਬ ਵਿੱਚ ਵਿਜੀਲੈਂਸ ਦਾ ਇਸਤੇਮਾਲ ਸਿਆਸੀ ਵਿਰੋਧੀਆਂ ਖ਼ਿਲਾਫ਼ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਦੋਵਾਂ ਦੀ ਸਿਆਸੀ ਕਾਰਗੁਜ਼ਾਰੀ ਵਿੱਚ ਕਾਫ਼ੀ ਸਮਾਨਤਾ ਨਜ਼ਰ ਆਉਂਦੀ ਹੈ। ਸੰਸਦ ਮੈਂਬਰ ਨੇ ਕਿਹਾ ਕਿ ਪੰਜਾਬ ਵਿੱਚ ਕਈ ਆਗੂਆਂ ‘ਤੇ ਝੂਠੇ ਕੇਸ ਦਰਜ ਕੀਤੇ ਗਏ ਅਤੇ ਵਿਰੋਧੀਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਭਾਜਪਾ ਨੇ ਕਈ ਅਜਿਹੇ ਆਗੂਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਜਿਨ੍ਹਾਂ ‘ਤੇ ਪਹਿਲਾਂ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲੱਗਦੇ ਰਹੇ ਹਨ।

ਰਾਜ ਸਭਾ ਮੈਂਬਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਮਾਮਲੇ ‘ਤੇ ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਦੇ ਹਿਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ ਅਤੇ ਬਾਹਰੀ ਲੋਕਾਂ ਨੂੰ ਰਾਜ ਸਭਾ ਭੇਜਿਆ ਗਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਨੇਤ੍ਰਿਤਵ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ ਦੇ ਅਸਲੀ ਮਸਲਿਆਂ ਤੋਂ ਧਿਆਨ ਭਟਕਾਇਆ ਜਾ ਰਿਹਾ ਹੈ।

ਈਡੀ ਦੀ ਤਾਜ਼ਾ ਕਾਰਵਾਈ ਅਤੇ ਵੱਖ-ਵੱਖ ਸੰਸਥਾਵਾਂ ‘ਤੇ ਪਏ ਛਾਪਿਆਂ ਬਾਰੇ ਉਨ੍ਹਾਂ ਕਿਹਾ ਕਿ ਜਦੋਂ ਕੋਈ ਵਿਅਕਤੀ ਭਾਜਪਾ ਵਿੱਚ ਸ਼ਾਮਲ ਹੋ ਜਾਂਦਾ ਹੈ ਤਾਂ ਉਸ ਖ਼ਿਲਾਫ਼ ਚੱਲ ਰਹੀਆਂ ਜਾਂਚਾਂ ਅਚਾਨਕ ਕਮਜ਼ੋਰ ਪੈ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰਕ ਪ੍ਰਣਾਲੀ ‘ਤੇ ਸਵਾਲ ਖੜੇ ਕਰਦਾ ਹੈ।

ਪੱਛਮੀ ਬੰਗਾਲ ਦੀ ਸਿਆਸੀ ਸਥਿਤੀ ਅਤੇ ਵਿਧਾਨ ਸਭਾ ਭੰਗ ਕੀਤੇ ਜਾਣ ਦੇ ਮਸਲੇ ‘ਤੇ ਬੋਲਦਿਆਂ ਡਾ. ਗਾਂਧੀ ਨੇ ਕਿਹਾ ਕਿ ਚੋਣ ਕਮਿਸ਼ਨ, ਅਰਧਸੈਨਿਕ ਬਲਾਂ ਅਤੇ ਹੋਰ ਸੰਵਿਧਾਨਕ ਸੰਸਥਾਵਾਂ ਦੀ ਵਰਤੋਂ ‘ਤੇ ਗੰਭੀਰ ਸਵਾਲ ਉੱਠ ਰਹੇ ਹਨ। ਉਨ੍ਹਾਂ ਮਮਤਾ ਬੈਨਰਜੀ ਦੇ ਵਿਰੋਧ ਨੂੰ ਲੋਕਤੰਤਰਕ ਅਧਿਕਾਰ ਕਰਾਰ ਦਿੱਤਾ।

ਧਾਰਮਿਕ ਮਸਲਿਆਂ ਅਤੇ ਐਸਜੀਪੀਸੀ ਦੇ ਅਲਟੀਮੇਟਮ ‘ਤੇ ਪ੍ਰਤੀਕਿਰਿਆ ਦਿੰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਧਰਮ ਹਰ ਵਿਅਕਤੀ ਦਾ ਨਿੱਜੀ ਮਾਮਲਾ ਹੈ ਅਤੇ ਕਿਸੇ ‘ਤੇ ਵੀ ਧਾਰਮਿਕ ਵਿਚਾਰ ਥੋਪਣਾ ਠੀਕ ਨਹੀਂ। ਉਨ੍ਹਾਂ ਕਿਹਾ ਕਿ ਸਮਾਜ ਨੂੰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਮਹਿੰਗਾਈ ਵਰਗੇ ਅਸਲੀ ਮਸਲਿਆਂ ‘ਤੇ ਧਿਆਨ ਦੇਣਾ ਚਾਹੀਦਾ ਹੈ। ਡਾ. ਗਾਂਧੀ ਨੇ ਕਿਹਾ ਕਿ ਹਰ ਮਨੁੱਖ ਦੀ ਧਾਰਮਿਕ ਆਜ਼ਾਦੀ ਦਾ ਸਤਿਕਾਰ ਹੋਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਲੋਕਤੰਤਰਕ ਮੁੱਲਾਂ ਦੇ ਖ਼ਿਲਾਫ਼ ਹੈ।

 

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *