ਗੁਰਬਾਣੀ ਦੇ ਲਾਈਵ ਟੈਲੀਕਾਸਟ ‘ਤੇ ਵਿਵਾਦ, SGPC ਨੇ GTC ਨਿਊਜ਼ ਨੂੰ ਭੇਜਿਆ ਲੀਗਲ ਨੋਟਿਸ

ਗੁਰਬਾਣੀ ਦੇ ਲਾਈਵ ਟੈਲੀਕਾਸਟ ‘ਤੇ ਵਿਵਾਦ, SGPC ਨੇ GTC ਨਿਊਜ਼ ਨੂੰ ਭੇਜਿਆ ਲੀਗਲ ਨੋਟਿਸ

ਇਸ ਮਾਮਲੇ ਨੂੰ ਗੰਭੀਰ ਮੰਨਦਿਆਂ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੈਨਲ ਨੂੰ ਤੁਰੰਤ ਪ੍ਰਸਾਰਣ ਰੋਕਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਚੈਨਲ ਨੂੰ ਲਿਖਤੀ ਪੱਤਰ ਭੇਜਿਆ ਗਿਆ ਸੀ ਅਤੇ ਹੁਣ ਕਾਨੂੰਨੀ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।

ਸ੍ਰੀ ਅੰਮ੍ਰਿਤਸਰ ਸਾਹਿਬ

ਬਿਊਰੋ ਰਿਪੋਰਟ

ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਸਖ਼ਤ ਇਤਰਾਜ਼ ਜਤਾਇਆ ਹੈ। SGPC ਦਾ ਕਹਿਣਾ ਹੈ ਕਿ GTC ਨਿਊਜ਼ ਚੈਨਲ ਵੱਲੋਂ ਬਿਨਾਂ ਕਿਸੇ ਅਧਿਕਾਰਤ ਪ੍ਰਵਾਨਗੀ ਦੇ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਗੰਭੀਰ ਮੰਨਦਿਆਂ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੈਨਲ ਨੂੰ ਤੁਰੰਤ ਪ੍ਰਸਾਰਣ ਰੋਕਣ ਲਈ ਕਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਚੈਨਲ ਨੂੰ ਲਿਖਤੀ ਪੱਤਰ ਭੇਜਿਆ ਗਿਆ ਸੀ ਅਤੇ ਹੁਣ ਕਾਨੂੰਨੀ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਪ੍ਰਸਾਰਣ ਸਬੰਧੀ ਸਿੱਖ ਸੰਗਤ ਵਿੱਚ ਗਲਤਫਹਿਮੀਆਂ ਪੈਦਾ ਕਰਨ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਦੇ ਅਨੁਸਾਰ ਸਰਕਾਰ ਧਾਰਮਿਕ ਮਾਮਲਿਆਂ ਨੂੰ ਸਿਆਸੀ ਰੰਗ ਦੇ ਕੇ ਬੇਲੋੜਾ ਵਿਵਾਦ ਖੜ੍ਹਾ ਕਰ ਰਹੀ ਹੈ।

ਧਾਮੀ ਨੇ ਕਿਹਾ ਕਿ ਜੇਕਰ ਸਰਕਾਰ ਧਾਰਮਿਕ ਪ੍ਰਸਾਰਣ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰਨਾ ਚਾਹੁੰਦੀ ਹੈ ਤਾਂ ਇਹ ਵੀ ਦੱਸਣਾ ਚਾਹੀਦਾ ਹੈ ਕਿ ਹੋਰ ਧਰਮਾਂ ਦੇ ਪ੍ਰਸਾਰਣ ਸਬੰਧੀ ਅਜਿਹੇ ਸਵਾਲ ਕਿਉਂ ਨਹੀਂ ਉਠਾਏ ਜਾਂਦੇ। ਉਨ੍ਹਾਂ ਦਾ ਕਹਿਣਾ ਸੀ ਕਿ ਗੁਰਬਾਣੀ ਦੇ ਵਿਸ਼ਵ ਪੱਧਰੀ ਪ੍ਰਸਾਰਣ ਨੂੰ ਪ੍ਰਭਾਵਿਤ ਕਰਨ ਲਈ ਕਈ ਤਰ੍ਹਾਂ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਅਜਿਹੇ ਸਮੇਂ ਸਿੱਖ ਸੰਸਥਾਵਾਂ ਦਾ ਸਾਥ ਦੇਣ ਦੀ ਲੋੜ ਹੈ।

ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਅਧਿਕਾਰ SGPC ਕੋਲ ਹੀ ਰਾਖਵੇਂ

SGPC ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਟੈਲੀਕਾਸਟ ਦੇ ਸਾਰੇ ਅਧਿਕਾਰ ਕੇਵਲ ਸ਼੍ਰੋਮਣੀ ਕਮੇਟੀ ਕੋਲ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਚੈਨਲ ਵੱਲੋਂ ਬਿਨਾਂ ਮਨਜ਼ੂਰੀ ਲਾਈਵ ਪ੍ਰਸਾਰਣ ਕਰਨਾ ਨਿਯਮਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਦੱਸਿਆ ਕਿ GTC ਨਿਊਜ਼ ਨੂੰ ਕਾਨੂੰਨੀ ਨੋਟਿਸ ਅਤੇ ਲਿਖਤੀ ਪੱਤਰ ਭੇਜੇ ਜਾ ਚੁੱਕੇ ਹਨ ਅਤੇ ਚੈਨਲ ਵੱਲੋਂ ਇਸ ਸਬੰਧੀ ਜਵਾਬ ਵੀ ਪ੍ਰਾਪਤ ਹੋ ਗਿਆ ਹੈ।

GTC ਨਿਊਜ਼ ਤੁਰੰਤ ਲਾਈਵ ਪ੍ਰਸਾਰਣ ਬੰਦ ਕਰੇ : ਧਾਮੀ

ਐਡਵੋਕੇਟ ਧਾਮੀ ਨੇ ਇਹ ਵੀ ਦਾਅਵਾ ਕੀਤਾ ਕਿ GTC ਨਿਊਜ਼ ਚੈਨਲ ਦਾ ਸਬੰਧ ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ਨਾਲ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਨਾ ਤਾਂ SGPC ਨਾਲ ਕੋਈ ਅਧਿਕਾਰਤ ਗੱਲਬਾਤ ਕੀਤੀ ਗਈ ਅਤੇ ਨਾ ਹੀ ਲਾਈਵ ਪ੍ਰਸਾਰਣ ਲਈ ਕੋਈ ਇਜਾਜ਼ਤ ਲਈ ਗਈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਪੂਰਾ ਮਾਮਲਾ ਸਿਆਸੀ ਦਖ਼ਲ ਜਾਂ ਸ਼ਕਤੀ ਪ੍ਰਦਰਸ਼ਨ ਦਾ ਹਿੱਸਾ ਹੈ।

SGPC ਪ੍ਰਧਾਨ ਨੇ ਦੁਹਰਾਇਆ ਕਿ ਸ਼੍ਰੋਮਣੀ ਕਮੇਟੀ ਗੁਰਬਾਣੀ ਦੀ ਮਰਿਆਦਾ ਅਤੇ ਸਿੱਖ ਧਾਰਮਿਕ ਪਰੰਪਰਾਵਾਂ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਪ੍ਰਸਾਰਣ ਸਿਰਫ਼ ਪੰਥਕ ਮਰਿਆਦਾ ਅਤੇ ਨਿਰਧਾਰਤ ਨਿਯਮਾਂ ਅਨੁਸਾਰ ਹੀ ਹੋਣਾ ਚਾਹੀਦਾ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/

Leave a Reply

Your email address will not be published. Required fields are marked *