ਚੰਡੀਗੜ੍ਹ ’ਚ ਕਿਸਾਨਾਂ ਦਾ ਸੱਤ ਦਿਨਾਂ ਦਾ ਪੱਕਾ ਮੋਰਚਾ, 1 ਤੋਂ 7 ਸਤੰਬਰ ਤੱਕ ਏਅਰਪੋਰਟ ਰੋਡ ’ਤੇ ਰਹੇਗਾ ਧਰਨਾ
ਮੀਟਿੰਗ ਤੋਂ ਬਾਅਦ ਰਾਜੇਵਾਲ ਨੇ ਦੱਸਿਆ ਕਿ ਕਿਸਾਨਾਂ ਨੂੰ ਸੈਕਟਰ 48-49 ਨੇੜੇ ਏਅਰਪੋਰਟ ਰੋਡ ’ਤੇ ਧਰਨਾ ਲਗਾਉਣ ਦੀ ਇਜਾਜ਼ਤ ਮਿਲ ਗਈ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਸੰਯੁਕਤ ਕਿਸਾਨ ਮੋਰਚਾ ਵੱਲੋਂ ਚੰਡੀਗੜ੍ਹ ਵਿੱਚ 1 ਸਤੰਬਰ ਤੋਂ 7 ਸਤੰਬਰ ਤੱਕ ਸੱਤ ਦਿਨਾਂ ਦਾ ਧਰਨਾ ਲਗਾਇਆ ਜਾਵੇਗਾ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਇਸ ਸਬੰਧੀ ਚੰਡੀਗੜ੍ਹ ਦੇ ਐਸਐਸਪੀ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਰਾਜੇਵਾਲ ਨੇ ਦੱਸਿਆ ਕਿ ਕਿਸਾਨਾਂ ਨੂੰ ਸੈਕਟਰ 48-49 ਨੇੜੇ ਏਅਰਪੋਰਟ ਰੋਡ ’ਤੇ ਧਰਨਾ ਲਗਾਉਣ ਦੀ ਇਜਾਜ਼ਤ ਮਿਲ ਗਈ ਹੈ।
ਰਾਜੇਵਾਲ ਨੇ ਦੱਸਿਆ ਕਿ ਧਰਨੇ ਲਈ ਕਿਸਾਨ ਆਗੂਆਂ ਵੱਲੋਂ ਪ੍ਰਸ਼ਾਸਨ ਨੂੰ ਦੋ-ਤਿੰਨ ਥਾਵਾਂ ਦੇ ਵਿਕਲਪ ਦਿੱਤੇ ਗਏ ਸਨ, ਜਿਨ੍ਹਾਂ ਵਿੱਚੋਂ ਏਅਰਪੋਰਟ ਰੋਡ ਨੇੜੇ ਵਾਲੀ ਥਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਧਰਨਾ ਲਗਾਤਾਰ ਸੱਤ ਦਿਨ ਚੱਲੇਗਾ ਅਤੇ ਇਸ ਦੌਰਾਨ ਕੇਂਦਰ ਤੇ ਪੰਜਾਬ ਸਰਕਾਰ ਨਾਲ ਸਬੰਧਤ ਵੱਖ-ਵੱਖ ਮੁੱਦੇ ਉਠਾਏ ਜਾਣਗੇ।
ਕਿਸਾਨ ਆਗੂ ਨੇ ਕਿਹਾ ਕਿ ਧਰਨੇ ਦੀਆਂ ਮੰਗਾਂ ਨੂੰ ਲੈ ਕੇ ਇੱਕ ਵਿਸਥਾਰਿਤ ਚਾਰਟਰ ਤਿਆਰ ਕੀਤਾ ਜਾ ਰਿਹਾ ਹੈ। ਇਸ ਵਿੱਚ ਕਿਸਾਨਾਂ ਨਾਲ ਜੁੜੇ ਕਈ ਅਹਿਮ ਮੁੱਦੇ ਸ਼ਾਮਲ ਕੀਤੇ ਜਾਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਮੰਗਾਂ ਦੀ ਪੂਰੀ ਸੂਚੀ ਜਾਰੀ ਕੀਤੀ ਜਾਵੇਗੀ।
ਇਹ ਮੁੱਦੇ ਰਹਿਣਗੇ ਕਿਸਾਨਾਂ ਦੇ ਏਜੰਡੇ ’ਤੇ
ਰਾਜੇਵਾਲ ਮੁਤਾਬਕ ਧਰਨੇ ਦੌਰਾਨ ਪੁਨਰਗਠਨ ਐਕਟ 1966 ਦੀਆਂ ਧਾਰਾਵਾਂ 78, 79 ਅਤੇ 80 ਨੂੰ ਵਾਪਸ ਲੈਣ ਦੀ ਮੰਗ, ਪਾਣੀਆਂ ਨਾਲ ਸਬੰਧਤ ਸਮਝੌਤਿਆਂ ਨੂੰ ਰੱਦ ਕਰਨ, ਕਿਸਾਨਾਂ ਦੇ ਕਰਜ਼ੇ, ਗੰਨੇ ਦੇ ਭਾਅ ਅਤੇ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਫ੍ਰੀ ਟਰੇਡ ਐਗਰੀਮੈਂਟ ਵਰਗੇ ਮੁੱਦੇ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਧਰਨੇ ਦੀਆਂ ਸਾਰੀਆਂ ਮੁੱਖ ਮੰਗਾਂ ਬਾਰੇ ਵਿਸਥਾਰਿਤ ਜਾਣਕਾਰੀ ਜਲਦ ਜਨਤਕ ਕੀਤੀ ਜਾਵੇਗੀ। ਚੀਨੀ ਦੀਆਂ ਵਧ ਰਹੀਆਂ ਕੀਮਤਾਂ ਬਾਰੇ ਪੁੱਛੇ ਸਵਾਲ ’ਤੇ ਰਾਜੇਵਾਲ ਨੇ ਇਸ ਨੂੰ ਸਰਕਾਰੀ ਨੀਤੀਆਂ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਈਥਾਨੌਲ ਨੂੰ ਉਤਸ਼ਾਹਿਤ ਕੀਤੇ ਜਾਣ ਕਾਰਨ ਚੀਨੀ ਦੀਆਂ ਕੀਮਤਾਂ ’ਤੇ ਵੀ ਅਸਰ ਪੈ ਰਿਹਾ ਹੈ।
ਕਿਸਾਨਾਂ ਨਾਲ ਤਾਲਮੇਲ ਕਰੇਗੀ ਚੰਡੀਗੜ੍ਹ ਪੁਲਿਸ
ਸੱਤ ਦਿਨਾਂ ਤੱਕ ਚੱਲਣ ਵਾਲੇ ਧਰਨੇ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨ ਆਗੂਆਂ ਨਾਲ ਲਗਾਤਾਰ ਤਾਲਮੇਲ ਬਣਾਈ ਰੱਖਣ ਦੇ ਪ੍ਰਬੰਧ ਕੀਤੇ ਜਾਣਗੇ। ਇਸ ਸਬੰਧੀ ਐਸਐਸਪੀ ਚੰਡੀਗੜ੍ਹ ਨਾਲ ਹੋਈ ਮੀਟਿੰਗ ਵਿੱਚ ਕਿਸਾਨ ਆਗੂਆਂ ਅਤੇ ਪੁਲਿਸ ਵਿਚਾਲੇ ਤਾਲਮੇਲ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਤੋਂ ਬਾਅਦ ਰਾਜੇਵਾਲ ਨੇ ਕਿਹਾ ਕਿ ਧਰਨੇ ਨੂੰ ਲੈ ਕੇ ਪ੍ਰਸ਼ਾਸਨ ਨਾਲ ਗੱਲਬਾਤ ਹੋਈ ਹੈ ਅਤੇ ਦੋਵਾਂ ਧਿਰਾਂ ਵਿਚਾਲੇ ਤਾਲਮੇਲ ਬਣਾਈ ਰੱਖਣ ਸਬੰਧੀ ਸਹਿਮਤੀ ਬਣੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/
