ਛੇ ਸਾਲ ਪੁਰਾਣੇ ਖੰਨਾ ਥਾਣਾ ਕਾਂਡ ’ਚ ਅਦਾਲਤ ਦਾ ਫ਼ੈਸਲਾ, ਸਾਬਕਾ SHO ਬਲਜਿੰਦਰ ਸਿੰਘ ਨੂੰ 3 ਸਾਲ ਕੈਦ
ਇਹ ਘਟਨਾ ਜੂਨ 2019 ਦੀ ਹੈ। ਦੋਸ਼ਾਂ ਅਨੁਸਾਰ ਉਸ ਸਮੇਂ ਖੰਨਾ ਸਦਰ ਥਾਣੇ ਦੇ ਐੱਸ.ਐੱਚ.ਓ. ਰਹੇ ਬਲਜਿੰਦਰ ਸਿੰਘ ਦੇ ਦਫ਼ਤਰ ਵਿੱਚ ਤਿੰਨ ਵਿਅਕਤੀਆਂ ਨਾਲ ਕਥਿਤ ਤੌਰ ’ਤੇ ਬਦਸਲੂਕੀ ਅਤੇ ਕੁੱਟਮਾਰ ਕੀਤੀ ਗਈ।

ਲੁਧਿਆਣਾ
ਬਿਊਰੋ ਰਿਪੋਰਟ
ਖੰਨਾ ਦੇ ਸਦਰ ਥਾਣੇ ਵਿੱਚ ਸਾਲ 2019 ਦੌਰਾਨ ਵਾਪਰੇ ਵਿਵਾਦਿਤ ਮਾਮਲੇ ਵਿੱਚ ਲੁਧਿਆਣਾ ਦੀ ਸੈਸ਼ਨ ਅਦਾਲਤ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਅਤੇ ਤਤਕਾਲੀ ਐੱਸ.ਐੱਚ.ਓ. ਬਲਜਿੰਦਰ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਮਾਮਲੇ ਵਿੱਚ ਇੱਕ ਅੰਮ੍ਰਿਤਧਾਰੀ ਵਿਅਕਤੀ, ਉਸ ਦੇ ਪੁੱਤਰ ਅਤੇ ਇੱਕ ਹੋਰ ਵਿਅਕਤੀ ਨਾਲ ਥਾਣੇ ਅੰਦਰ ਕਥਿਤ ਤੌਰ ’ਤੇ ਕੁੱਟਮਾਰ ਕਰਨ ਅਤੇ ਉਨ੍ਹਾਂ ਦੀ ਵੀਡੀਓ ਬਣਾਉਣ ਦੇ ਦੋਸ਼ ਲੱਗੇ ਸਨ।
ਇਹ ਘਟਨਾ ਜੂਨ 2019 ਦੀ ਹੈ। ਦੋਸ਼ਾਂ ਅਨੁਸਾਰ ਉਸ ਸਮੇਂ ਖੰਨਾ ਸਦਰ ਥਾਣੇ ਦੇ ਐੱਸ.ਐੱਚ.ਓ. ਰਹੇ ਬਲਜਿੰਦਰ ਸਿੰਘ ਦੇ ਦਫ਼ਤਰ ਵਿੱਚ ਤਿੰਨ ਵਿਅਕਤੀਆਂ ਨਾਲ ਕਥਿਤ ਤੌਰ ’ਤੇ ਬਦਸਲੂਕੀ ਅਤੇ ਕੁੱਟਮਾਰ ਕੀਤੀ ਗਈ। ਦੋਸ਼ ਇਹ ਵੀ ਸੀ ਕਿ ਉਨ੍ਹਾਂ ਦੇ ਕੱਪੜੇ ਉਤਰਵਾਏ ਗਏ ਅਤੇ ਇਸ ਪੂਰੀ ਘਟਨਾ ਦੀ ਵੀਡੀਓ ਰਿਕਾਰਡ ਕੀਤੀ ਗਈ। ਬਾਅਦ ਵਿੱਚ ਵੀਡੀਓ ਸੋਸ਼ਲ ਮੀਡੀਆ ’ਤੇ ਫੈਲਣ ਕਾਰਨ ਮਾਮਲਾ ਕਾਫ਼ੀ ਚਰਚਾ ਵਿੱਚ ਆ ਗਿਆ ਸੀ।
ਪੀੜਤਾਂ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ
ਮਾਮਲੇ ਵਿੱਚ ਇਨਸਾਫ਼ ਲਈ ਪੀੜਤ ਪਰਿਵਾਰ ਨੂੰ ਲੰਮਾ ਕਾਨੂੰਨੀ ਸੰਘਰਸ਼ ਕਰਨਾ ਪਿਆ। ਪੁਲਿਸ ਪੱਧਰ ’ਤੇ ਸ਼ੁਰੂਆਤੀ ਕਾਰਵਾਈ ਤੋਂ ਸੰਤੁਸ਼ਟ ਨਾ ਹੋਣ ਮਗਰੋਂ ਪੀੜਤ ਧਿਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ।
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਾਂਚ ਲਈ ਏ.ਡੀ.ਜੀ.ਪੀ. ਡਾ. ਨਰੇਸ਼ ਅਰੋੜਾ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ। SIT ਵੱਲੋਂ ਜਾਂਚ ਪੂਰੀ ਕੀਤੇ ਜਾਣ ਤੋਂ ਬਾਅਦ ਮਾਮਲੇ ਵਿੱਚ ਅਪਰਾਧਿਕ ਕਾਰਵਾਈ ਅੱਗੇ ਵਧੀ।
2020 ’ਚ ਦੋ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ
ਜਾਂਚ ਮਗਰੋਂ ਸਾਲ 2020 ਵਿੱਚ ਖੰਨਾ ਦੇ ਸਿਟੀ ਥਾਣਾ-1 ਵਿੱਚ ਬਲਜਿੰਦਰ ਸਿੰਘ ਅਤੇ ਹੌਲਦਾਰ ਵਰੁਣ ਕੁਮਾਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਨ੍ਹਾਂ ’ਤੇ ਗੈਰ-ਕਾਨੂੰਨੀ ਹਿਰਾਸਤ, ਕੁੱਟਮਾਰ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਐੱਸਸੀ-ਐੱਸਟੀ ਐਕਟ ਨਾਲ ਸਬੰਧਤ ਧਾਰਾਵਾਂ ਤਹਿਤ ਕਾਰਵਾਈ ਕੀਤੀ ਗਈ ਸੀ।
ਇਸ ਤੋਂ ਇਲਾਵਾ ਕਥਿਤ ਵੀਡੀਓ ਨੂੰ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਮਾਮਲੇ ਵਿੱਚ ਆਈ.ਟੀ. ਐਕਟ ਦੀਆਂ ਧਾਰਾਵਾਂ ਵੀ ਸ਼ਾਮਲ ਕੀਤੀਆਂ ਗਈਆਂ ਸਨ।
ਪੀੜਤ ਪੱਖ ਵੱਲੋਂ ਸਜ਼ਾ ਵਧਾਉਣ ਦੀ ਤਿਆਰੀ
ਸ਼ਿਕਾਇਤਕਰਤਾ ਧਿਰ ਦੇ ਸੀਨੀਅਰ ਵਕੀਲ ਗੁਰਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਸੈਸ਼ਨ ਅਦਾਲਤ ਨੇ ਬਲਜਿੰਦਰ ਸਿੰਘ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਹਾਲਾਂਕਿ ਪੀੜਤ ਧਿਰ ਇਸ ਸਜ਼ਾ ਨੂੰ ਕਾਫ਼ੀ ਨਹੀਂ ਮੰਨ ਰਹੀ।
ਵਕੀਲ ਮੁਤਾਬਕ ਉਹ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕਰਕੇ ਦੋਸ਼ੀ ਸਾਬਕਾ ਪੁਲਿਸ ਅਧਿਕਾਰੀ ਨੂੰ ਸੇਵਾ ਤੋਂ ਬਰਖ਼ਾਸਤ ਕਰਨ ਦੀ ਮੰਗ ਕਰਨਗੇ। ਇਸ ਦੇ ਨਾਲ ਹੀ ਸਜ਼ਾ ਵਿੱਚ ਵਾਧੇ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।
ਅਦਾਲਤ ਦੇ ਵਿਸਤ੍ਰਿਤ ਲਿਖਤੀ ਹੁਕਮਾਂ ਦੀ ਕਾਪੀ ਹਾਲੇ ਸਾਹਮਣੇ ਆਉਣੀ ਬਾਕੀ ਹੈ। ਇਸ ਤੋਂ ਬਾਅਦ ਹੀ ਜੁਰਮਾਨੇ ਦੀ ਰਕਮ ਅਤੇ ਸਹਿ-ਮੁਲਜ਼ਮ ਹੌਲਦਾਰ ਵਰੁਣ ਕੁਮਾਰ ਸਬੰਧੀ ਅਦਾਲਤ ਦੇ ਹੁਕਮਾਂ ਦੀ ਪੂਰੀ ਜਾਣਕਾਰੀ ਸਪੱਸ਼ਟ ਹੋਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/
