ਗੌਰਵ ਬਾਸੀ , ਜਲੰਧਰ 15 ਦਸੰਬਰ 2025,
ਅੱਜ ਸਵੇਰੇ ਜਾਲੰਧਰ ਦੇ ਤਕਰੀਬਨ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀਭਰੀ ਈਮੇਲ ਮਿਲਣ ਤੋਂ ਬਾਅਦ ਸ਼ਹਿਰ ਦੀ ਸੁਰੱਖਿਆ ਪ੍ਰਣਾਲੀ ਚੌਕਸ ਹੋ ਗਈ ਹੈ। ਜਾਣਕਾਰੀ ਮਿਲਦੇ ਹੀ ਪੁਲਿਸ ਅਧਿਕਾਰੀਆਂ ਨੇ ਬੰਬ ਨਿਰੋਧਕ ਦਸਤੇ ਅਤੇ ਪੁਲਿਸ ਬਲ ਨੂੰ ਸਕੂਲਾਂ ਵਿੱਚ ਭੇਜ ਕੇ ਤਲਾਸ਼ੀ ਸ਼ੁਰੂ ਕਰ ਦਿੱਤੀ ਹੈ।ਜਾਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਧਮਕੀਭਰੀਆਂ ਈਮੇਲਾਂ ਇੱਕ ਨਹੀਂ ਸਗੋਂ ਤਿੰਨ ਤੋਂ ਚਾਰ ਵੱਖ-ਵੱਖ ਈਮੇਲ ਆਈਡੀਜ਼ ਤੋਂ ਭੇਜੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਸਾਈਬਰ ਸੈੱਲ ਦੀ ਟੀਮ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਈਮੇਲ ਭੇਜਣ ਵਾਲੇ ਸਰੋਤ ਨੂੰ ਟ੍ਰੇਸ ਕਰਨ ਦੀ ਕਾਰਵਾਈ ਜਾਰੀ ਹੈ। ਸੀਪੀ ਧਨਪ੍ਰੀਤ ਕੌਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਪ੍ਰਕਾਰ ਦੀ ਘਬਰਾਹਟ ਨਾ ਪਾਲੀ ਜਾਵੇ, ਕਿਉਂਕਿ ਪੁਲਿਸ ਤੇ ਪ੍ਰਸ਼ਾਸਨ ਪੂਰੀ ਮੁੱਤਿਆਰੀ ਨਾਲ ਕੰਮ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਹੁਣ ਤੱਕ ਤਿੰਨ ਸਕੂਲਾਂ ਦੀ ਵਿਸਥਾਰ ਨਾਲ ਤਲਾਸ਼ੀ ਲਈ ਜਾ ਚੁੱਕੀ ਹੈ, ਪਰ ਕਿਸੇ ਵੀ ਸਕੂਲ ਵਿਚੋਂ ਕੋਈ ਸੰਦੇਹਾਸਪਦ ਚੀਜ਼ ਨਹੀਂ ਮਿਲੀ।

“ਸਾਡੇ ਅਧਿਕਾਰੀ ਹਾਲ ਹੀ ਵਿੱਚ ਹੋਰ ਸਕੂਲਾਂ ਵਿੱਚ ਵੀ ਚੈਕਿੰਗ ਕਰ ਰਹੇ ਹਨ ਅਤੇ ਜਿਵੇਂ ਹੀ ਕੋਈ ਨਵੀਂ ਜਾਣਕਾਰੀ ਮਿਲੇਗੀ, ਲੋਕਾਂ ਨਾਲ ਸਾਂਝੀ ਕੀਤੀ ਜਾਵੇਗੀ,” ਉਨ੍ਹਾਂ ਕਿਹਾ।ਇਸ ਮਾਮਲੇ ‘ਚ ਜਾਲੰਧਰ ਦੇ ਉਪ ਆਯੁਕਤ ਡਾਕਟਰ ਹਿਮਾਂਸ਼ੂ ਅਗਰਵਾਲ ਨੇ ਵੀ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਈਮੇਲ ਦੀ ਜਾਣਕਾਰੀ ਦਿੱਤੀ ਗਈ ਸੀ ਅਤੇ ਤੁਰੰਤ ਪੁਲਿਸ ਨਾਲ ਮਿਲਕੇ ਕਾਰਵਾਈ ਕੀਤੀ ਗਈ।
“ਲਗਭਗ 10 ਸਕੂਲਾਂ ਨੂੰ ਧਮਕੀਭਰੀ ਈਮੇਲ ਪ੍ਰਾਪਤ ਹੋਈ ਹੈ, ਪਰ ਅਜੇ ਤੱਕ ਕਿਸੇ ਵੀ ਸਕੂਲ ਤੋਂ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ,” ਡੀਸੀ ਨੇ ਦੱਸਿਆ।ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਤਲਾਸ਼ੀ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਤਲਾਸ਼ੀ ਪੂਰੀ ਹੋਣ ਤੋਂ ਬਾਅਦ ਹੀ ਇਸ ਮਾਮਲੇ ਸੰਬੰਧੀ ਐਫਆਈਆਰ ਦਰਜ ਕੀਤੀ ਜਾਵੇਗੀ। ਡੀਸੀ ਹਿਮਾਂਸ਼ੂ ਅਗਰਵਾਲ ਨੇ ਲੋਕਾਂ ਨੂੰ ਯਕੀਨ ਦਵਾਇਆ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਸਚੇਤ ਹੈ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ।
