ਜਲੰਧਰ ਦੌਰੇ ‘ਤੇ PM ਮੋਦੀ ਨੇ ਅੰਮ੍ਰਿਤਸਰ-ਵਾਰਾਣਸੀ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, ₹5,470 ਕਰੋੜ ਦੇ ਪ੍ਰੋਜੈਕਟਾਂ ਦੀ ਦਿੱਤੀ ਸੌਗਾਤ

ਜਲੰਧਰ ਦੌਰੇ ‘ਤੇ PM ਮੋਦੀ ਨੇ ਅੰਮ੍ਰਿਤਸਰ-ਵਾਰਾਣਸੀ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, ₹5,470 ਕਰੋੜ ਦੇ ਪ੍ਰੋਜੈਕਟਾਂ ਦੀ ਦਿੱਤੀ ਸੌਗਾਤ

ਇਸ ਮੌਕੇ ਉਨ੍ਹਾਂ ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਦੇ ਸੀਰ ਗੋਵਰਧਨਪੁਰ ਤੱਕ ਚੱਲਣ ਵਾਲੀ ਨਵੀਂ ਐਕਸਪ੍ਰੈਸ ਟ੍ਰੇਨ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਜਲੰਧਰ

ਬਿਊਰੋ ਰਿਪੋਰਟ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਪੰਜਾਬ ਦੌਰੇ ਦੌਰਾਨ ਜਲੰਧਰ ਪਹੁੰਚ ਕੇ ਸੂਬੇ ਨੂੰ ਕਈ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਦਿੱਤੀ। ਉਨ੍ਹਾਂ ਕਰੀਬ 5,470 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਦੇ ਸੀਰ ਗੋਵਰਧਨਪੁਰ ਤੱਕ ਚੱਲਣ ਵਾਲੀ ਨਵੀਂ ਐਕਸਪ੍ਰੈਸ ਟ੍ਰੇਨ ਨੂੰ ਵੀ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਪ੍ਰਧਾਨ ਮੰਤਰੀ ਨੇ ਜਲੰਧਰ ਰੇਲਵੇ ਸਟੇਸ਼ਨ ‘ਤੇ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਟ੍ਰੇਨ ਵਿੱਚ ਸਵਾਰ ਹੋ ਕੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਵੀ ਕੀਤੀ। ਇਸ ਦੌਰਾਨ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਹਰਭਜਨ ਸਿੰਘ ਵੀ ਮੌਜੂਦ ਰਹੇ, ਜਦਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮਾਗਮ ਵਿੱਚ ਸ਼ਾਮਲ ਨਹੀਂ ਹੋਏ।

ਜਲੰਧਰ ਪਹੁੰਚਣ ‘ਤੇ ਪ੍ਰਧਾਨ ਮੰਤਰੀ ਦਾ ਭੰਗੜੇ ਨਾਲ ਰਵਾਇਤੀ ਸਵਾਗਤ ਕੀਤਾ ਗਿਆ। ਸਟੇਸ਼ਨ ‘ਤੇ ਉਨ੍ਹਾਂ ਨੇ ਯਾਤਰੀਆਂ ਅਤੇ ਮੌਜੂਦ ਲੋਕਾਂ ਦਾ ਹੱਥ ਹਿਲਾ ਕੇ ਅਭਿਨੰਦਨ ਸਵੀਕਾਰ ਕੀਤਾ। ਸਮਾਗਮ ਦੌਰਾਨ ਜਦੋਂ ਉਹ ਮੰਚ ‘ਤੇ ਪਹੁੰਚੇ ਤਾਂ ਉਨ੍ਹਾਂ ਨੇ ਕਿਸਾਨਾਂ ਦੀ ਪਛਾਣ ਮੰਨੀ ਜਾਂਦੀ ਹਰੀ ਪੱਗ ਵੀ ਸਜਾਈ ਹੋਈ ਸੀ।

ਆਪਣੇ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਲਈ ਪੂਰੀ ਵਚਨਬੱਧ ਹੈ ਅਤੇ ਸੂਬੇ ਨਾਲ ਕਿਸੇ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ 2014 ਤੋਂ ਪਹਿਲਾਂ ਰੇਲਵੇ ਖੇਤਰ ਵਿੱਚ ਵਿਕਾਸ ਦੀ ਰਫ਼ਤਾਰ ਬਹੁਤ ਹੌਲੀ ਸੀ, ਪਰ ਹੁਣ ਦੇਸ਼ ਭਰ ਵਿੱਚ ਰੇਲਵੇ ਸਟੇਸ਼ਨਾਂ ਦਾ ਤੇਜ਼ੀ ਨਾਲ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 1,300 ਤੋਂ ਵੱਧ ਰੇਲਵੇ ਸਟੇਸ਼ਨਾਂ ਨੂੰ ਨਵੇਂ ਰੂਪ ਵਿੱਚ ਵਿਕਸਤ ਕੀਤਾ ਜਾ ਰਿਹਾ ਹੈ।

ਪੀਐਮ ਨੇ ਕਿਹਾ ਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ ਨੂੰ ਸ਼ਹਿਰ ਦੀ ਖੇਡਾਂ ਵਾਲੀ ਪਛਾਣ ਅਨੁਸਾਰ ਤਿਆਰ ਕੀਤਾ ਗਿਆ ਹੈ, ਜਿੱਥੇ ਸਪੋਰਟਸ ਥੀਮ ਦੀ ਝਲਕ ਵੇਖਣ ਨੂੰ ਮਿਲੇਗੀ। ਇਸੇ ਤਰ੍ਹਾਂ ਸ੍ਰੀ ਆਨੰਦਪੁਰ ਸਾਹਿਬ ਰੇਲਵੇ ਸਟੇਸ਼ਨ ‘ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਵਿਰਾਸਤ ਨੂੰ ਦਰਸਾਇਆ ਗਿਆ ਹੈ, ਜਦਕਿ ਹੋਰ ਸਟੇਸ਼ਨਾਂ ਨੂੰ ਵੀ ਸਥਾਨਕ ਸੱਭਿਆਚਾਰ ਅਤੇ ਇਤਿਹਾਸ ਨਾਲ ਜੋੜਿਆ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਸਥਾਨਕ ਕਾਰੀਗਰਾਂ, ਸਵੈ-ਸਹਾਇਤਾ ਸਮੂਹਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਵੀ ਰੁਜ਼ਗਾਰ ਅਤੇ ਨਵੇਂ ਮੌਕੇ ਮਿਲਣਗੇ। ਉਨ੍ਹਾਂ ‘ਸਵੱਛਤਾ ਸੇ ਸਵਾਗਤ’ ਮੁਹਿੰਮ ਦੀ ਵੀ ਸ਼ਲਾਘਾ ਕੀਤੀ ਅਤੇ ਪੰਜਾਬ ਦੇ ਮਹਾਨ ਆਜ਼ਾਦੀ ਸੰਗਰਾਮੀ ਸਰਦਾਰ ਤੇਜਾ ਸਿੰਘ ਸਮੁੰਦਰੀ ਨੂੰ ਉਨ੍ਹਾਂ ਦੇ 100ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ।

ਆਪਣੇ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨੇ ਗੁਰੂਆਂ ਪ੍ਰਤੀ ਸਨਮਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਮਹਾਰਾਜ ਦੇ ਨਾਮ ‘ਤੇ ਅਤੇ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ‘ਤੇ ਰੱਖ ਕੇ ਮਹਾਨ ਸ਼ਖ਼ਸੀਅਤਾਂ ਨੂੰ ਸਨਮਾਨ ਦਿੱਤਾ ਹੈ। ਉਨ੍ਹਾਂ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਨੂੰ ਵੀ ਵਿਸ਼ੇਸ਼ ਦੱਸਿਆ ਅਤੇ ਉਨ੍ਹਾਂ ਨੂੰ ਮਿਲੇ ਪਦਮ ਸ਼੍ਰੀ ਸਨਮਾਨ ਲਈ ਵਧਾਈ ਦਿੱਤੀ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *