ਪਟਿਆਲਾ ਰੇਲ ਟਰੈਕ ਧਮਾਕੇ ਮਗਰੋਂ ਪੰਜਾਬ ਭਰ ਵਿੱਚ ਚੌਕਸੀ ਵਧੀ, ਹਾਈ ਅਲਰਟ ਜਾਰੀ
ਇਸ ਘਟਨਾ ਨੇ ਰੇਲਵੇ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਅਲਰਟ ਮੋਡ ਵਿੱਚ ਲਿਆ ਦਿੱਤਾ ਹੈ। ਖਾਸ ਕਰਕੇ ਵੱਡੇ ਸ਼ਹਿਰਾਂ ਦੇ ਰੇਲਵੇ ਸਟੇਸ਼ਨਾਂ ਉੱਤੇ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਅਣਚਾਹੀ ਘਟਨਾ ਤੋਂ ਪਹਿਲਾਂ ਹੀ ਨਜਿੱਠਿਆ ਜਾ ਸਕੇ।

ਚੰਡੀਗੜ੍ਹ
ਬਿਊਰੋ ਰਿਪੋਰਟ
ਕੱਲ੍ਹ ਦੇਰ ਰਾਤ ਪਟਿਆਲਾ ਵਿੱਚ ਰੇਲਵੇ ਟਰੈਕ ਉੱਪਰ ਹੋਏ ਧਮਾਕੇ ਤੋਂ ਬਾਅਦ ਸਾਰੇ ਪੰਜਾਬ ਵਿੱਚ ਸੁਰੱਖਿਆ ਪ੍ਰਬੰਧ ਹੋਰ ਵੀ ਸਖ਼ਤ ਕਰ ਦਿੱਤੇ ਗਏ ਹਨ। ਇਸ ਘਟਨਾ ਨੇ ਰੇਲਵੇ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਅਲਰਟ ਮੋਡ ਵਿੱਚ ਲਿਆ ਦਿੱਤਾ ਹੈ। ਖਾਸ ਕਰਕੇ ਵੱਡੇ ਸ਼ਹਿਰਾਂ ਦੇ ਰੇਲਵੇ ਸਟੇਸ਼ਨਾਂ ਉੱਤੇ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਅਣਚਾਹੀ ਘਟਨਾ ਤੋਂ ਪਹਿਲਾਂ ਹੀ ਨਜਿੱਠਿਆ ਜਾ ਸਕੇ।
ਅੰਮ੍ਰਿਤਸਰ ਰੇਲਵੇ ਸਟੇਸ਼ਨ ਉੱਤੇ ਜੀਆਰਪੀ, ਆਰਪੀਐਫ ਅਤੇ ਸਥਾਨਕ ਪੁਲਿਸ ਵੱਲੋਂ ਮਿਲ ਕੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਸਟੇਸ਼ਨ ਵਿੱਚ ਦਾਖਲ ਹੋਣ ਵਾਲੇ ਹਰ ਯਾਤਰੀ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਸਮਾਨ ਨੂੰ ਵੀ ਧਿਆਨ ਨਾਲ ਚੈਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਰੇਲਗੱਡੀਆਂ ਵਿੱਚ ਵੀ ਸੁਰੱਖਿਆ ਦਸਤਿਆਂ ਵੱਲੋਂ ਮੁਸਤੈਦੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ। ਹਰ ਪਲੇਟਫਾਰਮ ਉੱਤੇ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ ਜਿਸ ਨਾਲ ਯਾਤਰੀਆਂ ਨੂੰ ਵਧੇਰੇ ਸੁਰੱਖਿਆ ਦਾ ਅਹਿਸਾਸ ਹੋ ਰਿਹਾ ਹੈ।
ਸੂਤਰਾਂ ਦੇ ਅਨੁਸਾਰ ਇਸ ਧਮਾਕੇ ਵਿੱਚ ਇੱਕ ਨੌਜਵਾਨ ਜਗਰੂਪ ਸਿੰਘ ਦਾ ਨਾਮ ਸਾਹਮਣੇ ਆ ਰਿਹਾ ਹੈ, ਜੋ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪੰਜਵੜ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਇਸ ਦੀ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ, ਪਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਵੱਖ-ਵੱਖ ਪੱਖਾਂ ’ਤੇ ਜਾਂਚ ਜਾਰੀ ਹੈ। ਸੁਰੱਖਿਆ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਕੀ ਇਸ ਘਟਨਾ ਦੇ ਪਿੱਛੇ ਕੋਈ ਵੱਡਾ ਜਾਲ ਤਾਂ ਨਹੀਂ। ਡੀਐਸਪੀ ਰੇਲਵੇ ਅਰਵਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਆਮ ਤੌਰ ’ਤੇ ਚੈਕਿੰਗ ਪਹਿਲਾਂ ਵੀ ਹੁੰਦੀ ਰਹੀ ਹੈ, ਪਰ ਅਜਿਹੀ ਘਟਨਾ ਤੋਂ ਬਾਅਦ ਵਧੇਰੇ ਸਾਵਧਾਨੀ ਲਾਜ਼ਮੀ ਬਣ ਜਾਂਦੀ ਹੈ।
ਉਨ੍ਹਾਂ ਨੇ ਦੱਸਿਆ ਕਿ ਜੀਆਰਪੀ ਅਤੇ ਆਰਪੀਐਫ ਦੀਆਂ ਕਈ ਟੀਮਾਂ ਸਟੇਸ਼ਨਾਂ ਅਤੇ ਰੇਲਗੱਡੀਆਂ ਵਿੱਚ ਲਗਾਤਾਰ ਚੈਕਿੰਗ ਕਰ ਰਹੀਆਂ ਹਨ। ਇਸ ਦੇ ਨਾਲ ਹੀ ਐਂਟੀ-ਸੈਬੋਟਾਜ ਟੀਮਾਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ ਜੋ ਹਰ ਸ਼ੱਕੀ ਗਤੀਵਿਧੀ ’ਤੇ ਨਿਗਰਾਨੀ ਕਰ ਰਹੀਆਂ ਹਨ। ਪੁਲਿਸ ਵੱਲੋਂ ਆਮ ਲੋਕਾਂ ਨੂੰ ਵੀ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਯਾਤਰੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਜੇ ਉਹਨਾਂ ਨੂੰ ਕੋਈ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਨਜ਼ਰ ਆਵੇ ਤਾਂ ਤੁਰੰਤ ਰੇਲਵੇ ਪੁਲਿਸ ਜਾਂ ਨਜ਼ਦੀਕੀ ਕਰਮਚਾਰੀ ਨੂੰ ਸੂਚਿਤ ਕੀਤਾ ਜਾਵੇ। ਪੁਲਿਸ ਦਾ ਕਹਿਣਾ ਹੈ ਕਿ ਜਨਤਾ ਦੇ ਸਹਿਯੋਗ ਨਾਲ ਹੀ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ ਅਤੇ ਯਾਤਰਾ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕਦਾ ਹੈ।
