ਪੇਪਰ ਲੀਕ ਰੋਕਣ ਲਈ ਸਖ਼ਤ ਕਾਨੂੰਨ ਲਾਗੂ, ਰਾਸ਼ਟਰਪਤੀ ਦੀ ਮਨਜ਼ੂਰੀ ਮਗਰੋਂ ਸੋਧ ਬਿੱਲ ਬਣਿਆ ਐਕਟ

ਪੇਪਰ ਲੀਕ ਰੋਕਣ ਲਈ ਸਖ਼ਤ ਕਾਨੂੰਨ ਲਾਗੂ, ਰਾਸ਼ਟਰਪਤੀ ਦੀ ਮਨਜ਼ੂਰੀ ਮਗਰੋਂ ਸੋਧ ਬਿੱਲ ਬਣਿਆ ਐਕਟ

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਬਿੱਲ ਕਾਨੂੰਨ ਦਾ ਰੂਪ ਧਾਰ ਚੁੱਕਾ ਹੈ। ਸੰਸਦ ਦੇ ਦੋਵੇਂ ਸਦਨਾਂ ਨੇ ਵਿਰੋਧੀ ਧਿਰ ਦੇ ਵਾਕਆਊਟ ਦੌਰਾਨ ਇਸ ਨੂੰ ਮਨਜ਼ੂਰੀ ਦਿੱਤੀ ਸੀ।

ਨਵੀਂ ਦਿੱਲੀ

ਬਿਊਰੋ ਰਿਪੋਰਟ

ਸਰਕਾਰੀ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਅਤੇ ਧਾਂਦਲੀ ਨੂੰ ਰੋਕਣ ਲਈ ਸੰਸਦ ਵੱਲੋਂ ਪਾਸ ਕੀਤਾ ਗਿਆ ‘ਜਨਤਕ ਪ੍ਰੀਖਿਆ (ਗਲਤ ਸਾਧਨਾਂ ਦੀ ਰੋਕਥਾਮ) ਸੋਧ ਐਕਟ, 2026’ ਹੁਣ ਪੂਰੀ ਤਰ੍ਹਾਂ ਲਾਗੂ ਹੋ ਗਿਆ ਹੈ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਇਹ ਬਿੱਲ ਕਾਨੂੰਨ ਦਾ ਰੂਪ ਧਾਰ ਚੁੱਕਾ ਹੈ। ਸੰਸਦ ਦੇ ਦੋਵੇਂ ਸਦਨਾਂ ਨੇ ਵਿਰੋਧੀ ਧਿਰ ਦੇ ਵਾਕਆਊਟ ਦੌਰਾਨ ਇਸ ਨੂੰ ਮਨਜ਼ੂਰੀ ਦਿੱਤੀ ਸੀ।

ਨਵੇਂ ਕਾਨੂੰਨ ਦਾ ਉਦੇਸ਼ ਪੇਪਰ ਲੀਕ ਦੀਆਂ ਘਟਨਾਵਾਂ ‘ਤੇ ਸਖ਼ਤ ਰੋਕ ਲਗਾਉਣਾ ਅਤੇ ਸਰਕਾਰੀ ਤੇ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਮਜ਼ਬੂਤ ਕਰਨਾ ਹੈ। ਇਸ ਤਹਿਤ ਦੋਸ਼ੀਆਂ ਲਈ ਸਖ਼ਤ ਸਜ਼ਾ ਅਤੇ ਭਾਰੀ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ। ਰਾਜ ਸਭਾ ਨੇ ਵੀਰਵਾਰ ਨੂੰ ਆਵਾਜ਼ੀ ਵੋਟ ਨਾਲ ਇਸ ਨੂੰ ਪਾਸ ਕੀਤਾ ਸੀ, ਜਦਕਿ ਲੋਕ ਸਭਾ ਨੇ ਇੱਕ ਦਿਨ ਪਹਿਲਾਂ ਹੀ ਇਸ ਨੂੰ ਮਨਜ਼ੂਰੀ ਦੇ ਦਿੱਤੀ ਸੀ। ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ ਇਹ ਕਾਨੂੰਨ ਦੇਸ਼ ਭਰ ਵਿੱਚ ਲਾਗੂ ਹੋ ਗਿਆ ਹੈ।

ਕੇਂਦਰ ਸਰਕਾਰ ਅਨੁਸਾਰ ਇਸ ਸੋਧ ਦਾ ਮੁੱਖ ਮਕਸਦ ਸਰਕਾਰੀ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਅਤੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਅਤੇ ਹਿੱਤਾਂ ਦੀ ਰੱਖਿਆ ਕਰਨਾ ਹੈ।

ਧਾਂਦਲੀ ਕਰਨ ਵਾਲਿਆਂ ਲਈ ਸਖ਼ਤ ਸਜ਼ਾ

ਸੋਧੇ ਹੋਏ ਕਾਨੂੰਨ ਅਨੁਸਾਰ ਜਨਤਕ ਪ੍ਰੀਖਿਆਵਾਂ ਵਿੱਚ ਧਾਂਦਲੀ ਕਰਨ, ਪੇਪਰ ਲੀਕ ਕਰਨ ਜਾਂ ਗਲਤ ਸਾਧਨਾਂ ਦੀ ਵਰਤੋਂ ਕਰਨ ਵਾਲਿਆਂ ਨੂੰ 5 ਤੋਂ 10 ਸਾਲ ਤੱਕ ਦੀ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਹੋ ਸਕਦੀ ਹੈ।

ਇਸ ਤੋਂ ਇਲਾਵਾ ਪੇਪਰ ਲੀਕ ਨਾਲ ਜੁੜੇ ਸੰਗਠਿਤ ਗਿਰੋਹਾਂ ਅਤੇ ਸਿੰਡੀਕੇਟਾਂ ਖ਼ਿਲਾਫ਼ ਹੋਰ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ। ਅਜਿਹੇ ਮਾਮਲਿਆਂ ਵਿੱਚ ਘੱਟੋ-ਘੱਟ 7 ਸਾਲ ਦੀ ਕੈਦ ਅਤੇ ਘੱਟੋ-ਘੱਟ 10 ਕਰੋੜ ਰੁਪਏ ਦੇ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।

PM ਮੋਦੀ ਨੇ ਕਿਹਾ- ਪੇਪਰ ਲੀਕ ਮਾਫ਼ੀਆ ‘ਤੇ ਕੱਸੇਗੀ ਨਕੇਲ

ਸੰਸਦ ਤੋਂ ਬਿੱਲ ਪਾਸ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਪੇਪਰ ਲੀਕ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣ ਦਾ ਮਹੱਤਵਪੂਰਨ ਕੰਮ ਪੂਰਾ ਹੋ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਪ੍ਰੀਖਿਆਵਾਂ ਵਿੱਚ ਧਾਂਦਲੀ ਅਤੇ ਪੇਪਰ ਲੀਕ ਨੂੰ ਰੋਕਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਆਧੁਨਿਕ ਤਕਨੀਕ ਦੀ ਵਰਤੋਂ ਨਾਲ ਪ੍ਰੀਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਇਆ ਜਾ ਰਿਹਾ ਹੈ, ਤਾਂ ਜੋ ਕੋਈ ਵੀ ਪੇਪਰ ਲੀਕ ਮਾਫ਼ੀਆ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਨਾ ਕਰ ਸਕੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/

Leave a Reply

Your email address will not be published. Required fields are marked *