ਪੰਚਾਇਤੀ ਚੋਣਾਂ ਸਬੰਧੀ ਮਾਮਲੇ ‘ਚ ਹਾਈਕੋਰਟ ਦੀ ਸਖ਼ਤ ਟਿੱਪਣੀ, ਆਨਲਾਈਨ ਨਾਮਜ਼ਦਗੀ ਪ੍ਰਣਾਲੀ ਨਾ ਲਾਗੂ ਕਰਨ ‘ਤੇ ਚੋਣ ਕਮਿਸ਼ਨ ਨੂੰ ਨੋਟਿਸ
ਇਹ ਮਾਮਲਾ ਹਾਈ ਕੋਰਟ ਵਿੱਚ ਦਾਇਰ ਮਾਣਹਾਨੀ ਪਟੀਸ਼ਨ ਨਾਲ ਸਬੰਧਿਤ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਅਦਾਲਤ ਦੇ ਪਹਿਲਾਂ ਦਿੱਤੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਥਾਨਕ ਚੋਣਾਂ ਦੌਰਾਨ ਆਨਲਾਈਨ ਨਾਮਜ਼ਦਗੀ ਪ੍ਰਣਾਲੀ ਲਾਗੂ ਨਾ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਕਮਿਸ਼ਨ ਨੂੰ 27 ਮਈ ਤੱਕ ਆਪਣਾ ਜਵਾਬ ਦਾਖਲ ਕਰਨ ਲਈ ਕਿਹਾ ਹੈ। ਇਹ ਮਾਮਲਾ ਹਾਈ ਕੋਰਟ ਵਿੱਚ ਦਾਇਰ ਮਾਣਹਾਨੀ ਪਟੀਸ਼ਨ ਨਾਲ ਸਬੰਧਿਤ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਅਦਾਲਤ ਦੇ ਪਹਿਲਾਂ ਦਿੱਤੇ ਹੁਕਮਾਂ ਦੀ ਪਾਲਣਾ ਨਹੀਂ ਕੀਤੀ ਗਈ।
ਪਟੀਸ਼ਨਕਰਤਾ ਐਡਵੋਕੇਟ ਨਿਖਿਲ ਥੰਮਨ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਨਾਲ ਜੁੜੀ ਉਨ੍ਹਾਂ ਦੀ ਜਨਹਿੱਤ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਚੀਫ਼ ਜਸਟਿਸ ਦੀ ਬੈਂਚ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਇਸ ਮੰਗ ‘ਤੇ ਵਿਚਾਰ ਕਰਨ ਅਤੇ 60 ਦਿਨਾਂ ਦੇ ਅੰਦਰ ਇੱਕ ਸਪੀਕਿੰਗ ਆਰਡਰ ਜਾਰੀ ਕਰਨ ਦੇ ਹੁਕਮ ਦਿੱਤੇ ਸਨ।
ਪਟੀਸ਼ਨਕਰਤਾ ਦਾ ਦੋਸ਼ ਹੈ ਕਿ ਹਾਈ ਕੋਰਟ ਦੇ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਵਿੱਚ ਉਮੀਦਵਾਰਾਂ ਲਈ ਆਨਲਾਈਨ ਨਾਮਜ਼ਦਗੀ ਦਾਖਲ ਕਰਨ ਦੀ ਕੋਈ ਵਿਵਸਥਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਹਾਈ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਇਸ ਮਗਰੋਂ ਹਾਈ ਕੋਰਟ ਨੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਮਾਣਹਾਨੀ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਹੈ।
ਪਹਿਲਾਂ ਦਾਇਰ ਕੀਤੀ ਗਈ ਜਨਹਿੱਤ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ ਪੰਜਾਬ ਵਿੱਚ ਪੰਚਾਇਤ, ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੌਰਾਨ ਉਮੀਦਵਾਰਾਂ ਨੂੰ ਨਾਮਜ਼ਦਗੀ ਦਾਖਲ ਕਰਨ ਵੇਲੇ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਵਾਰ ਵਿਰੋਧੀ ਧਿਰਾਂ ਵੱਲੋਂ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਖੋਹ ਕੇ ਪਾੜ ਦੇਣ ਜਾਂ ਉਨ੍ਹਾਂ ਨੂੰ ਨਾਮਜ਼ਦਗੀ ਦਾਖਲ ਕਰਨ ਤੋਂ ਰੋਕਣ ਵਰਗੀਆਂ ਘਟਨਾਵਾਂ ਵੀ ਸਾਹਮਣੇ ਆ ਚੁੱਕੀਆਂ ਹਨ।
ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਸੀ ਕਿ ਚੋਣਾਂ ਨੂੰ ਹੋਰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਲਈ ਹਰ ਉਮੀਦਵਾਰ ਨੂੰ ਆਨਲਾਈਨ ਨਾਮਜ਼ਦਗੀ ਭਰਨ ਦਾ ਵਿਕਲਪ ਦਿੱਤਾ ਜਾਣਾ ਚਾਹੀਦਾ ਹੈ। ਇਸ ਨਾਲ ਚੋਣਾਂ ਦੌਰਾਨ ਹੋਣ ਵਾਲੀ ਧੱਕੇਸ਼ਾਹੀ ‘ਤੇ ਵੀ ਰੋਕ ਲੱਗ ਸਕੇਗੀ ਅਤੇ ਲੋਕਤੰਤਰੀ ਪ੍ਰਕਿਰਿਆ ਹੋਰ ਮਜ਼ਬੂਤ ਬਣੇਗੀ।
ਇਸ ਮਾਮਲੇ ‘ਤੇ ਚੀਫ਼ ਜਸਟਿਸ ਦੀ ਬੈਂਚ ਨੇ ਫਰਵਰੀ ਮਹੀਨੇ ਵਿੱਚ ਸੁਣਵਾਈ ਕਰਦਿਆਂ ਪੰਜਾਬ ਰਾਜ ਚੋਣ ਕਮਿਸ਼ਨ ਨੂੰ 60 ਦਿਨਾਂ ਦੇ ਅੰਦਰ ਇਸ ਸਬੰਧੀ ਸਪੀਕਿੰਗ ਆਰਡਰ ਜਾਰੀ ਕਰਨ ਲਈ ਕਿਹਾ ਸੀ। ਹਾਲਾਂਕਿ ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਕਮਿਸ਼ਨ ਵੱਲੋਂ ਅਜੇ ਤੱਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਹੁਣ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
