ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਲਈ ਕਰਵਟ, ਮੀਂਹ ਤੇ ਤੇਜ਼ ਹਵਾਵਾਂ ਦੀ ਸੰਭਾਵਨਾ
5 ਜੂਨ ਤੱਕ ਸੂਬੇ ਦੇ ਕਈ ਖੇਤਰਾਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 4 ਜੂਨ ਲਈ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਗਰਮੀ ਦੇ ਤੀਬਰ ਪ੍ਰਭਾਵ ਤੋਂ ਕੁਝ ਰਾਹਤ ਮਿਲੀ ਹੈ ਅਤੇ 3 ਜੂਨ ਤੋਂ ਮੌਸਮ ਵਿੱਚ ਹੋਰ ਤਬਦੀਲੀ ਆਉਣ ਦੇ ਸੰਕੇਤ ਮਿਲ ਰਹੇ ਹਨ। 5 ਜੂਨ ਤੱਕ ਸੂਬੇ ਦੇ ਕਈ ਖੇਤਰਾਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 4 ਜੂਨ ਲਈ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਸਬੰਧੀ ਚੇਤਾਵਨੀ ਜਾਰੀ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਸੋਮਵਾਰ ਨੂੰ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕਰੀਬ 2.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਹੋਇਆ। ਫਿਰ ਵੀ ਤਾਪਮਾਨ ਆਮ ਨਾਲੋਂ ਲਗਭਗ 4.2 ਡਿਗਰੀ ਸੈਲਸੀਅਸ ਘੱਟ ਰਿਹਾ। ਬਠਿੰਡਾ ਸੂਬੇ ਦਾ ਸਭ ਤੋਂ ਗਰਮ ਇਲਾਕਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਅਗਲੇ ਤਿੰਨ ਦਿਨਾਂ ਦੌਰਾਨ ਕਿਹੋ ਜਿਹਾ ਰਹੇਗਾ ਮੌਸਮ
2 ਜੂਨ ਨੂੰ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਮੌਸਮ ਆਮ ਰਹਿਣ ਦੀ ਉਮੀਦ ਹੈ। ਜ਼ਿਆਦਾਤਰ ਜ਼ਿਲ੍ਹਿਆਂ ਲਈ ਕਿਸੇ ਖਾਸ ਚੇਤਾਵਨੀ ਦਾ ਐਲਾਨ ਨਹੀਂ ਕੀਤਾ ਗਿਆ। ਹਾਲਾਂਕਿ ਕੁਝ ਥਾਵਾਂ ‘ਤੇ ਬੱਦਲਵਾਈ ਰਹਿ ਸਕਦੀ ਹੈ ਅਤੇ ਸ਼ਾਮ ਵੇਲੇ ਮੌਸਮ ਵਿੱਚ ਹਲਕਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।
3 ਜੂਨ ਨੂੰ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਬਰਨਾਲਾ ਅਤੇ ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਹੋਣ ਦੀ ਸੰਭਾਵਨਾ ਹੈ।
4 ਜੂਨ ਲਈ ਮੌਸਮ ਵਿਭਾਗ ਨੇ ਹੋਰ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਬਠਿੰਡਾ, ਮਾਨਸਾ, ਮੋਗਾ, ਬਰਨਾਲਾ, ਸੰਗਰੂਰ ਅਤੇ ਲੁਧਿਆਣਾ ਸਮੇਤ ਕਈ ਇਲਾਕਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਉੱਧਰ ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਵੀ ਗਰਜ-ਚਮਕ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਬਣੀ ਹੋਈ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
