ਪੰਜਾਬ ’ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਿਆ, 26 ਮਈ ਨੂੰ ਹੋਵੇਗੀ ਵੋਟਿੰਗ

ਪੰਜਾਬ ’ਚ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਿਆ, 26 ਮਈ ਨੂੰ ਹੋਵੇਗੀ ਵੋਟਿੰਗ

ਇਸ ਐਲਾਨ ਨਾਲ ਹੀ ਸੂਬੇ ਦੇ ਸਿਆਸੀ ਮਾਹੌਲ ਵਿੱਚ ਚਲਹਲ ਪੈਦਾ ਹੋ ਗਈ ਹੈ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਤਿਆਰੀਆਂ ਨੂੰ ਤੇਜ਼ ਕਰਨ ਦੀ ਸੰਭਾਵਨਾ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਅਧਿਕਾਰਿਕ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ ਇਹ ਚੋਣਾਂ 31 ਮਈ ਤੋਂ ਪਹਿਲਾਂ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ। ਇਸ ਐਲਾਨ ਨਾਲ ਹੀ ਸੂਬੇ ਦੇ ਸਿਆਸੀ ਮਾਹੌਲ ਵਿੱਚ ਚਲਹਲ ਪੈਦਾ ਹੋ ਗਈ ਹੈ ਅਤੇ ਵੱਖ-ਵੱਖ ਪਾਰਟੀਆਂ ਵੱਲੋਂ ਚੋਣ ਤਿਆਰੀਆਂ ਨੂੰ ਤੇਜ਼ ਕਰਨ ਦੀ ਸੰਭਾਵਨਾ ਹੈ।

ਸਰਕਾਰ ਵੱਲੋਂ ਇਹ ਨੋਟੀਫਿਕੇਸ਼ਨ ਪੰਜਾਬ ਨਗਰ ਨਿਗਮ ਐਕਟ 1976 ਦੀ ਧਾਰਾ 7-ਏ ਅਧੀਨ ਜਾਰੀ ਕੀਤਾ ਗਿਆ ਹੈ। ਇਸ ਨੋਟੀਫਿਕੇਸ਼ਨ ’ਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਮਨਜੀਤ ਸਿੰਘ ਬਰਾੜ ਆਈਏਐਸ ਦੇ ਦਸਤਖ਼ਤ ਦਰਜ ਹਨ।

ਪੰਜਾਬ ਚੋਣ ਕਮਿਸ਼ਨਰ ਵੱਲੋਂ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਚੋਣ ਪ੍ਰਕਿਰਿਆ 13 ਮਈ ਤੋਂ ਸ਼ੁਰੂ ਹੋ ਕੇ 29 ਮਈ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ 13 ਮਈ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋਵੇਗਾ, ਜਦਕਿ 16 ਮਈ ਨੂੰ ਸ਼ਾਮ 3 ਵਜੇ ਤੋਂ ਬਾਅਦ ਕੋਈ ਵੀ ਨਾਮਜ਼ਦਗੀ ਸਵੀਕਾਰ ਨਹੀਂ ਕੀਤੀ ਜਾਵੇਗੀ। ਇਸ ਤੋਂ ਬਾਅਦ 18 ਮਈ ਨੂੰ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 19 ਮਈ ਨੂੰ ਉਮੀਦਵਾਰ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਣਗੇ।

ਉਨ੍ਹਾਂ ਇਹ ਵੀ ਦੱਸਿਆ ਕਿ ਨਾਮਜ਼ਦਗੀਆਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਲਈਆਂ ਜਾਣਗੀਆਂ। ਉਸੇ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਜਾਰੀ ਕੀਤੇ ਜਾਣਗੇ। ਨਾਮਜ਼ਦਗੀ ਦੀ ਪ੍ਰਕਿਰਿਆ ਆਨਲਾਈਨ ਨਹੀਂ ਹੋਵੇਗੀ ਅਤੇ ਉਮੀਦਵਾਰਾਂ ਨੂੰ ਚੋਣ ਅਧਿਕਾਰੀ ਦੇ ਦਫ਼ਤਰ ਵਿੱਚ ਖੁਦ ਜਾ ਕੇ ਅਰਜ਼ੀ ਦੇਣੀ ਪਵੇਗੀ। ਇਸ ਤੋਂ ਬਾਅਦ ਉਨ੍ਹਾਂ ਦੀ ਜਾਣਕਾਰੀ ਵੈੱਬਸਾਈਟ ’ਤੇ ਅਪਲੋਡ ਕੀਤੀ ਜਾਵੇਗੀ।

ਚੋਣ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ 8 ਨਗਰ ਨਿਗਮਾਂ ਅਤੇ 76 ਨਗਰ ਕੌਂਸਲਾਂ ਲਈ 26 ਮਈ ਨੂੰ ਵੋਟਾਂ ਪੈਣਗੀਆਂ, ਜਦਕਿ 29 ਮਈ ਨੂੰ ਨਤੀਜੇ ਐਲਾਨੇ ਜਾਣਗੇ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਹੁਸ਼ਿਆਰਪੁਰ ਨੂੰ ਛੱਡ ਕੇ ਬਟਾਲਾ, ਪਠਾਨਕੋਟ, ਕਪੂਰਥਲਾ, ਐਸਏਐਸ ਨਗਰ ਮੁਹਾਲੀ, ਬਠਿੰਡਾ, ਅਬੋਹਰ, ਮੋਗਾ ਅਤੇ ਬਰਨਾਲਾ ਨਗਰ ਨਿਗਮਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਜਦਕਿ ਹੁਸ਼ਿਆਰਪੁਰ ਨਗਰ ਨਿਗਮ ਦੀਆਂ ਚੋਣਾਂ ਦਾ ਐਲਾਨ 2 ਤੋਂ 3 ਹਫ਼ਤਿਆਂ ਬਾਅਦ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵਾਰਡਾਂ ਦੇ ਰਾਖਵੇਂਕਰਨ ਨਾਲ ਜੁੜੇ ਮਾਮਲੇ ਕਾਰਨ ਨਗਰ ਕੌਂਸਲ ਸ਼ਾਮਚੁਰਾਸੀ ਵਿੱਚ ਵੀ ਚੋਣਾਂ ਨਹੀਂ ਕਰਵਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਪੰਜਾਬ ਰਾਜ ਚੋਣ ਕਮਿਸ਼ਨ ਅਤੇ ਸਬੰਧਤ ਵਿਭਾਗਾਂ ਨੂੰ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਚੋਣ ਪ੍ਰਕਿਰਿਆ ਨੂੰ ਸਮੇਂ ਸਿਰ ਸ਼ੁਰੂ ਕੀਤਾ ਜਾ ਸਕੇ।

ਇਸ ਐਲਾਨ ਤੋਂ ਬਾਅਦ ਸਬੰਧਤ ਨਗਰ ਨਿਗਮਾਂ ਅਤੇ ਨਗਰ ਕੌਂਸਲ ਖੇਤਰਾਂ ਵਿੱਚ ਸਿਆਸੀ ਗਤੀਵਿਧੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਚੋਣ ਮੁਹਿੰਮਾਂ ਦੀ ਸ਼ੁਰੂਆਤ ਕੀਤੀ ਜਾ ਸਕਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *