ਪੰਜਾਬ ’ਚ ਸਰਕਾਰੀ ਦਫ਼ਤਰਾਂ ਦੀ ਹਾਜ਼ਰੀ ਨੂੰ ਲੈ ਕੇ ਸਰਕਾਰ ਸਖ਼ਤ, ਗੈਰ-ਹਾਜ਼ਰ ਅਫ਼ਸਰਾਂ ਤੇ ਮੁਲਾਜ਼ਮਾਂ ਦਾ ਹੋਵੇਗਾ ਹਿਸਾਬ
ਇਸ ਸਬੰਧੀ ਪ੍ਰਸੋਨਲ ਪਾਲਿਸੀਜ਼-2 ਸ਼ਾਖਾ ਵੱਲੋਂ ਸੂਬੇ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਗੈਰ-ਹਾਜ਼ਰੀ ਨੂੰ ਲੈ ਕੇ ਸਖ਼ਤ ਰੁਖ ਅਪਣਾਇਆ ਹੈ। ਬਿਨਾਂ ਮਨਜ਼ੂਰੀ ਜਾਂ ਬਿਨਾਂ ਕਿਸੇ ਸੂਚਨਾ ਦੇ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਹੁਣ ਪਛਾਣ ਕੀਤੀ ਜਾਵੇਗੀ ਅਤੇ ਨਿਯਮਾਂ ਮੁਤਾਬਕ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।
ਇਸ ਸਬੰਧੀ ਪ੍ਰਸੋਨਲ ਪਾਲਿਸੀਜ਼-2 ਸ਼ਾਖਾ ਵੱਲੋਂ ਸੂਬੇ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ।
ਲੋਕਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਸਰਕਾਰ ਨੇ ਲਿਆ ਨੋਟਿਸ
ਸਰਕਾਰ ਨੂੰ ਵੱਖ-ਵੱਖ ਥਾਵਾਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਰਕਾਰੀ ਦਫ਼ਤਰਾਂ ਵਿੱਚ ਕਈ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਵਾਲੀ ਸੀਟ ’ਤੇ ਮੌਜੂਦ ਨਹੀਂ ਹੁੰਦੇ। ਇਸ ਕਾਰਨ ਆਪਣੇ ਕੰਮ ਕਰਵਾਉਣ ਲਈ ਦਫ਼ਤਰਾਂ ਵਿੱਚ ਪਹੁੰਚਣ ਵਾਲੇ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਨੇ ਹੁਣ ਸਾਰੇ ਵਿਭਾਗਾਂ ਨੂੰ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਬਾਰੇ ਜਾਣਕਾਰੀ ਇਕੱਠੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਵਿਭਾਗਾਂ ਤੋਂ ਤੁਰੰਤ ਮੰਗੀ ਗਈ ਜਾਣਕਾਰੀ
ਪ੍ਰਸ਼ਾਸਨਿਕ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਆਪਣੇ-ਆਪਣੇ ਵਿਭਾਗਾਂ ਵਿੱਚ ਬਿਨਾਂ ਮਨਜ਼ੂਰੀ ਜਾਂ ਬਿਨਾਂ ਸੂਚਨਾ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੂਚੀ ਤਿਆਰ ਕਰਨ ਲਈ ਕਿਹਾ ਗਿਆ ਹੈ।
ਇਹ ਸੂਚੀ ਅੱਜ ਕਾਰਜਕਾਰੀ ਦਿਨ ਦੀ ਸਮਾਪਤੀ ਤੱਕ ਆਮ ਪ੍ਰਸ਼ਾਸਨ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸੂਚੀ ਮਿਲਣ ਮਗਰੋਂ ਹੋਵੇਗੀ ਵਿਭਾਗੀ ਕਾਰਵਾਈ
ਸਰਕਾਰ ਦੇ ਹੁਕਮਾਂ ਮੁਤਾਬਕ ਗੈਰ-ਹਾਜ਼ਰ ਮੁਲਾਜ਼ਮਾਂ ਦੀ ਸੂਚੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਮਾਮਲਿਆਂ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਸਬੰਧਤ ਸੇਵਾ ਨਿਯਮਾਂ ਦੇ ਤਹਿਤ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਸਰਕਾਰ ਦਾ ਉਦੇਸ਼ ਸਰਕਾਰੀ ਦਫ਼ਤਰਾਂ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਉਣਾ ਅਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਘਟਾਉਣਾ ਹੈ।
ਹੁਣ ਵਿਭਾਗਾਂ ਵੱਲੋਂ ਤਿਆਰ ਕੀਤੀ ਜਾਣ ਵਾਲੀ ਸੂਚੀ ’ਤੇ ਸਭ ਦੀ ਨਜ਼ਰ ਰਹੇਗੀ। ਸੂਚੀ ਸਾਹਮਣੇ ਆਉਣ ਤੋਂ ਬਾਅਦ ਇਹ ਵੀ ਸਪੱਸ਼ਟ ਹੋਵੇਗਾ ਕਿ ਕਿਹੜੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਂਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/
