ਪੰਜਾਬ ‘ਚ 12 ਜੁਲਾਈ ਤੱਕ ਮੀਂਹ ਦਾ ਦੌਰ ਰਹੇਗਾ ਜਾਰੀ, 6 ਜ਼ਿਲ੍ਹਿਆਂ ਲਈ ਭਾਰੀ ਬਾਰਿਸ਼ ਦਾ ਅਲਰਟ
ਵਿਭਾਗ ਮੁਤਾਬਕ ਲਗਾਤਾਰ ਬਾਰਿਸ਼ ਕਾਰਨ ਤਾਪਮਾਨ ਵਿੱਚ ਕਰੀਬ ਪੰਜ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ। ਇਸ ਵੇਲੇ ਵੀ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਜਾ ਰਿਹਾ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 12 ਜੁਲਾਈ ਤੱਕ ਸੂਬੇ ਦੇ ਕਈ ਹਿੱਸਿਆਂ ਲਈ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਮੁਤਾਬਕ ਲਗਾਤਾਰ ਬਾਰਿਸ਼ ਕਾਰਨ ਤਾਪਮਾਨ ਵਿੱਚ ਕਰੀਬ ਪੰਜ ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ। ਇਸ ਵੇਲੇ ਵੀ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2.1 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਜਾ ਰਿਹਾ ਹੈ।
ਮੌਸਮ ਵਿਭਾਗ ਅਨੁਸਾਰ ਮੰਗਲਵਾਰ ਤੋਂ ਸ਼ੁਰੂ ਹੋਣ ਵਾਲੇ ਤਿੰਨ ਦਿਨਾਂ ਦੌਰਾਨ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੁਹਾਲੀ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮੌਸਮ ਦੇ ਹਾਲਾਤ ਵਿਗੜ ਸਕਦੇ ਹਨ। ਇਸ ਤੋਂ ਇਲਾਵਾ ਸੂਬੇ ਦੇ ਹੋਰ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।
11 ਅਤੇ 12 ਜੁਲਾਈ ਨੂੰ ਹੋ ਸਕਦੀ ਹੈ ਭਾਰੀ ਬਾਰਿਸ਼
ਮੌਸਮ ਵਿਭਾਗ ਨੇ ਦੱਸਿਆ ਕਿ 10 ਜੁਲਾਈ ਨੂੰ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ 11 ਅਤੇ 12 ਜੁਲਾਈ ਨੂੰ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਇਹ ਮਾਨਸੂਨ ਦੇ ਹੋਰ ਸਰਗਰਮ ਹੋਣ ਦਾ ਸੰਕੇਤ ਹੈ, ਜਿਸ ਨਾਲ ਕਿਸਾਨਾਂ ਨੂੰ ਫ਼ਾਇਦਾ ਮਿਲ ਸਕਦਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।
ਸੋਮਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਹੋਈ ਬਾਰਿਸ਼
ਸੋਮਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ, ਜਿਸ ਨਾਲ ਸੂਬੇ ਦੇ ਤਾਪਮਾਨ ਵਿੱਚ 1.7 ਡਿਗਰੀ ਸੈਲਸੀਅਸ ਦੀ ਕਮੀ ਆਈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਪਟਿਆਲਾ ਵਿੱਚ 25.2 ਮਿਲੀਮੀਟਰ, ਮੁਹਾਲੀ ਵਿੱਚ 18.0 ਮਿਲੀਮੀਟਰ, ਲੁਧਿਆਣਾ ਵਿੱਚ 2.2 ਮਿਲੀਮੀਟਰ, ਪਠਾਨਕੋਟ ਵਿੱਚ 0.4 ਮਿਲੀਮੀਟਰ ਅਤੇ ਹੁਸ਼ਿਆਰਪੁਰ ਵਿੱਚ 0.5 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
