ਪੰਜਾਬ ਦੇ ਰਾਜਪਾਲ ਨਾਲ ਮਿਲੇ ਸੁਖਬੀਰ ਬਾਦਲ, ਬਰਨਾਲਾ ਮਾਮਲੇ ਅਤੇ ਕਥਿਤ ਪੇਪਰ ਲੀਕ ਨੂੰ ਲੈ ਕੇ ਸੌਂਪਿਆ ਮੰਗ ਪੱਤਰ
ਇਸ ਦੌਰਾਨ ਵਫ਼ਦ ਨੇ ਰਾਜਪਾਲ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਬਰਨਾਲਾ ਦੀ ਘਟਨਾ ਅਤੇ ਪੰਜਾਬ ਵਿੱਚ ਸਾਹਮਣੇ ਆਏ ਕਥਿਤ ਪੇਪਰ ਲੀਕ ਮਾਮਲਿਆਂ ਦਾ ਮੁੱਦਾ ਉਠਾਇਆ।

ਚੰਡੀਗੜ੍ਹ
ਬਿਊਰੋ ਰਿਪੋਰਟ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪਾਰਟੀ ਦਾ ਇੱਕ ਵਫ਼ਦ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਪਹੁੰਚਿਆ। ਇਸ ਦੌਰਾਨ ਵਫ਼ਦ ਨੇ ਰਾਜਪਾਲ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਬਰਨਾਲਾ ਦੀ ਘਟਨਾ ਅਤੇ ਪੰਜਾਬ ਵਿੱਚ ਸਾਹਮਣੇ ਆਏ ਕਥਿਤ ਪੇਪਰ ਲੀਕ ਮਾਮਲਿਆਂ ਦਾ ਮੁੱਦਾ ਉਠਾਇਆ। ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਸੂਬਾ ਸਰਕਾਰ ‘ਤੇ ਤਿੱਖੇ ਹਮਲੇ ਬੋਲੇ।
ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਪੰਜਾਬ ਪੁਲਿਸ ਸੁਤੰਤਰ ਢੰਗ ਨਾਲ ਨਹੀਂ, ਸਗੋਂ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਹੀ ਹੈ ਅਤੇ ਸਰਕਾਰ ਖ਼ਿਲਾਫ਼ ਬੋਲਣ ਵਾਲਿਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਵਿੱਚ ਇੱਕ ਡੀਐਸਪੀ ਦੀ ਕਥਿਤ ਭੂਮਿਕਾ ਦੇ ਬਾਵਜੂਦ ਸਰਕਾਰ ਨੇ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਅਤੇ ਲੋਕਾਂ ਦੇ ਵਿਰੋਧ ਤੋਂ ਬਾਅਦ ਸਿਰਫ਼ ਰਸਮੀ ਤੌਰ ‘ਤੇ ਮੁਅੱਤਲ ਕੀਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਸੰਬੰਧਤ ਡੀਐਸਪੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਉਸ ਨੂੰ ਸੇਵਾ ਤੋਂ ਬਰਖ਼ਾਸਤ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜੇ ਅਜਿਹਾ ਨਹੀਂ ਹੁੰਦਾ ਤਾਂ ਜਿਵੇਂ ਅਕਾਲੀ ਆਗੂਆਂ ‘ਤੇ ਕੇਸ ਦਰਜ ਕੀਤੇ ਗਏ ਹਨ, ਉਸੇ ਤਰ੍ਹਾਂ ਮੁੱਖ ਮੰਤਰੀ ਅਤੇ ਹੋਰ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ।
ਕਥਿਤ ਪੇਪਰ ਲੀਕ ਦੇ ਮੁੱਦੇ ‘ਤੇ ਬੋਲਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਪ੍ਰੀਖਿਆਵਾਂ ਨਾਲ ਜੁੜੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਸਰਕਾਰ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਪੁਲਿਸ ਵੱਲੋਂ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਰਚ 2026 ਵਿੱਚ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਪੇਪਰਾਂ ਤੋਂ ਇਲਾਵਾ 19 ਜੁਲਾਈ ਨੂੰ ਫ਼ਰੀਦਕੋਟ ਵਿੱਚ ਫਾਰਮੇਸੀ ਪ੍ਰੀਖਿਆ ਦਾ ਪੇਪਰ ਵੀ ਲੀਕ ਹੋਇਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਕਈ ਭਰਤੀ ਪ੍ਰਕਿਰਿਆਵਾਂ ਅਤੇ ਪ੍ਰੀਖਿਆਵਾਂ ‘ਤੇ ਹਾਈ ਕੋਰਟ ਵੱਲੋਂ ਰੋਕ ਲਗਾਈ ਗਈ ਹੈ ਅਤੇ ਕਈ ਮਾਮਲੇ ਅਜੇ ਵੀ ਅਦਾਲਤ ਵਿੱਚ ਵਿਚਾਰ ਅਧੀਨ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਦੋਸ਼ ਲਗਾਇਆ ਕਿ ਆਪਣੇ ਕਰੀਬੀਆਂ ਨੂੰ ਲਾਭ ਪਹੁੰਚਾਉਣ ਲਈ ਕਥਿਤ ਤੌਰ ‘ਤੇ ਪੇਪਰ ਲੀਕ ਕਰਵਾਏ ਗਏ ਅਤੇ ਨੌਕਰੀਆਂ ਲਈ ਰੇਟ ਵੀ ਤੈਅ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸੰਸਦ ਵਿੱਚ ਵੀ ਉਠਾਇਆ ਜਾ ਚੁੱਕਾ ਹੈ ਅਤੇ ਹੁਣ ਪਾਰਟੀ ਦੀ ਮੰਗ ਹੈ ਕਿ ਪੰਜਾਬ ਵਿੱਚ ਹੋਏ ਸਾਰੇ ਕਥਿਤ ਪੇਪਰ ਲੀਕ ਮਾਮਲਿਆਂ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ। ਉਨ੍ਹਾਂ ਦਾ ਕਹਿਣਾ ਸੀ ਕਿ ਨਿਰਪੱਖ ਜਾਂਚ ਹੋਣ ‘ਤੇ ਕਈ ਵੱਡੇ ਚਿਹਰੇ ਬੇਨਕਾਬ ਹੋ ਸਕਦੇ ਹਨ। ਨਾਲ ਹੀ ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ, ਜਦਕਿ ਬਾਹਰੀ ਸੂਬਿਆਂ ਦੇ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ 1 ਅਗਸਤ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਅਤੇ ਰੈਲੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੀ ਰਣਨੀਤੀ ਤੈਅ ਕਰਨ ਲਈ ਪਾਰਟੀ ਦੀ ਇੱਕ ਅਹਿਮ ਮੀਟਿੰਗ ਵੀ ਬੁਲਾਈ ਗਈ ਹੈ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਪਟਿਆਲਾ ਵਿੱਚ ਇੱਕ ਧਾਰਮਿਕ ਸਮਾਗਮ ਦੌਰਾਨ ਮੁੱਖ ਮੰਤਰੀ ਵੱਲੋਂ ਤੀਰ ਚਲਾਉਣ ਦੀ ਘਟਨਾ ‘ਤੇ ਸਵਾਲ ਉਠਾਏ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਦੀ ਹਾਕੀ ਟੀਮ ਦੀ ਵਰਦੀ ਵਿੱਚ ਕੀਤੀਆਂ ਤਬਦੀਲੀਆਂ ਅਤੇ ਸੂਬੇ ਵਿੱਚ ਖੇਡ ਮੈਦਾਨ ਬਣਾਉਣ ਸਬੰਧੀ ਸਰਕਾਰ ਦੇ ਦਾਅਵਿਆਂ ਬਾਰੇ ਵੀ ਸਪੱਸ਼ਟੀਕਰਨ ਦੀ ਮੰਗ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
