ਪੰਜਾਬ ਵਿੱਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਪਾਰ, ਝੋਨੇ ਦੀ ਲੁਆਈ ਨੇ ਵਧਾਇਆ ਲੋਡ; ਮੌਨਸੂਨ ਤੋਂ ਰਾਹਤ ਦੀ ਆਸ
ਇਸੇ ਦੌਰਾਨ ਕਈ ਇਲਾਕਿਆਂ ਵਿੱਚ ਕਿਸਾਨਾਂ ਨੂੰ ਬਿਜਲੀ ਕੱਟਾਂ ਦੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਉੱਧਰ, ਘਰਾਂ ਵਿੱਚ ਏਸੀ, ਕੂਲਰ, ਫਰਿੱਜ ਅਤੇ ਪੱਖਿਆਂ ਦੀ ਵੱਧ ਵਰਤੋਂ ਅਤੇ ਉਦਯੋਗਿਕ ਖੇਤਰ ਦੀ ਵਧਦੀ ਮੰਗ ਨੇ ਵੀ ਬਿਜਲੀ ‘ਤੇ ਦਬਾਅ ਵਧਾ ਦਿੱਤਾ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਵਿੱਚ ਝੋਨੇ ਦੀ ਲੁਆਈ ਆਪਣੇ ਸਿਖਰ ‘ਤੇ ਪਹੁੰਚ ਚੁੱਕੀ ਹੈ, ਜਿਸ ਕਾਰਨ ਬਿਜਲੀ ਦੀ ਮੰਗ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬੀਤੇ ਦਿਨ ਸੂਬੇ ਵਿੱਚ ਬਿਜਲੀ ਦੀ ਮੰਗ ਰਿਕਾਰਡ 17,147 ਮੈਗਾਵਾਟ ਤੱਕ ਪਹੁੰਚ ਗਈ। ਅੰਕੜਿਆਂ ਅਨੁਸਾਰ, ਪੰਜਾਬ ਆਪਣੇ ਬਿਜਲੀ ਸਰੋਤਾਂ ਤੋਂ ਸਿਰਫ਼ 5,788 ਮੈਗਾਵਾਟ ਬਿਜਲੀ ਦਾ ਉਤਪਾਦਨ ਕਰ ਰਿਹਾ ਹੈ, ਜਦਕਿ 11,359 ਮੈਗਾਵਾਟ ਬਿਜਲੀ ਬਾਹਰੀ ਸਰੋਤਾਂ ਤੋਂ ਲਈ ਜਾ ਰਹੀ ਹੈ। ਇਸ ਵਿੱਚੋਂ 10,594 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਮਿਲ ਰਹੀ ਹੈ।
ਜੇ ਪਿਛਲੇ ਸਾਲਾਂ ਦੇ ਅੰਕੜਿਆਂ ‘ਤੇ ਨਜ਼ਰ ਮਾਰੀਏ ਤਾਂ 29 ਜੂਨ 2025 ਨੂੰ ਪੰਜਾਬ ਵਿੱਚ ਬਿਜਲੀ ਦੀ ਮੰਗ 15,421 ਮੈਗਾਵਾਟ ਸੀ, ਜਦਕਿ 29 ਜੂਨ 2024 ਨੂੰ ਇਹ 16,083 ਮੈਗਾਵਾਟ ਦਰਜ ਕੀਤੀ ਗਈ ਸੀ। ਮੌਜੂਦਾ ਅੰਕੜੇ ਦਰਸਾਉਂਦੇ ਹਨ ਕਿ ਇਸ ਵਾਰ ਬਿਜਲੀ ਦੀ ਲੋੜ ਪਿਛਲੇ ਦੋ ਸਾਲਾਂ ਦੇ ਮੁਕਾਬਲੇ ਕਾਫ਼ੀ ਵੱਧ ਗਈ ਹੈ।
ਗਰਮੀ ਅਤੇ ਝੋਨੇ ਦੀ ਲੁਆਈ ਨਾਲ ਵਧਿਆ ਬਿਜਲੀ ਦਾ ਬੋਝ
ਤਿੱਖੀ ਗਰਮੀ ਅਤੇ ਝੋਨੇ ਦੀ ਖੇਤੀ ਕਾਰਨ ਬਿਜਲੀ ਦੀ ਖਪਤ ਵਿੱਚ ਵੱਡਾ ਵਾਧਾ ਹੋਇਆ ਹੈ। ਖੇਤਾਂ ਵਿੱਚ ਕੱਦੂ ਕਰਨ ਅਤੇ ਝੋਨੇ ਦੀ ਸਿੰਚਾਈ ਲਈ ਕਿਸਾਨ ਵੱਡੀ ਗਿਣਤੀ ਵਿੱਚ ਟਿਊਬਵੈੱਲ ਚਲਾ ਰਹੇ ਹਨ, ਜਿਸ ਨਾਲ ਬਿਜਲੀ ਦੀ ਵਰਤੋਂ ਵਧੀ ਹੈ। ਇਸੇ ਦੌਰਾਨ ਕਈ ਇਲਾਕਿਆਂ ਵਿੱਚ ਕਿਸਾਨਾਂ ਨੂੰ ਬਿਜਲੀ ਕੱਟਾਂ ਦੀ ਸਮੱਸਿਆ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਉੱਧਰ, ਘਰਾਂ ਵਿੱਚ ਏਸੀ, ਕੂਲਰ, ਫਰਿੱਜ ਅਤੇ ਪੱਖਿਆਂ ਦੀ ਵੱਧ ਵਰਤੋਂ ਅਤੇ ਉਦਯੋਗਿਕ ਖੇਤਰ ਦੀ ਵਧਦੀ ਮੰਗ ਨੇ ਵੀ ਬਿਜਲੀ ‘ਤੇ ਦਬਾਅ ਵਧਾ ਦਿੱਤਾ ਹੈ।
ਪਾਵਰ ਵਿਭਾਗ ਵੱਲੋਂ ਮੌਸਮ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਜੇ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੁੰਦੀ ਹੈ ਤਾਂ ਬਿਜਲੀ ਦੀ ਮੰਗ ਵਿੱਚ ਕਮੀ ਆ ਸਕਦੀ ਹੈ। ਕਿਸਾਨ ਵੀ ਮੌਨਸੂਨ ਦੀ ਉਡੀਕ ਕਰ ਰਹੇ ਹਨ, ਕਿਉਂਕਿ ਮੀਂਹ ਨਾਲ ਸਿੰਚਾਈ ਲਈ ਟਿਊਬਵੈੱਲਾਂ ‘ਤੇ ਨਿਰਭਰਤਾ ਘਟੇਗੀ ਅਤੇ ਉਨ੍ਹਾਂ ਨੂੰ ਵੱਡੀ ਰਾਹਤ ਮਿਲੇਗੀ।
ਜੁਲਾਈ ਦੇ ਪਹਿਲੇ ਹਫ਼ਤੇ ਦਸਤਕ ਦੇ ਸਕਦਾ ਹੈ ਮੌਨਸੂਨ
ਇਸ ਵਾਰ ਮੌਨਸੂਨ ਆਪਣੇ ਆਮ ਸਮੇਂ ਨਾਲੋਂ ਕੁਝ ਪਿੱਛੇ ਚੱਲ ਰਿਹਾ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਜੁਲਾਈ ਦੇ ਪਹਿਲੇ ਹਫ਼ਤੇ ਦੌਰਾਨ ਮੌਨਸੂਨ ਪੰਜਾਬ ਵਿੱਚ ਦਾਖ਼ਲ ਹੋ ਸਕਦਾ ਹੈ। ਇਸ ਤੋਂ ਪਹਿਲਾਂ ਪ੍ਰੀ-ਮੌਨਸੂਨ ਗਤੀਵਿਧੀਆਂ ਦੇ ਤਹਿਤ 1 ਤੋਂ 3 ਜੁਲਾਈ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਪੰਜਾਬ ਦੇ ਕਈ ਹਿੱਸਿਆਂ ਅਤੇ ਚੰਡੀਗੜ੍ਹ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਵੀ ਜਤਾਈ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
