ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਮੁਹਿੰਮ ਦਾ ਆਗਾਜ਼, 1 ਅਕਤੂਬਰ ਨੂੰ ਜਾਰੀ ਹੋਣਗੀਆਂ ਅੰਤਿਮ ਵੋਟਰ ਸੂਚੀਆਂ
ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਇਹ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ। ਇਸ ਦੌਰਾਨ ਪੰਜਾਬ ਦੇ 24,453 ਬੂਥ ਲੈਵਲ ਅਫ਼ਸਰ (ਬੀਐਲਓ) ਘਰ-ਘਰ ਜਾ ਕੇ ਗਿਣਤੀ ਫਾਰਮ ਵੰਡਣ, ਇਕੱਠੇ ਕਰਨ ਅਤੇ ਯੋਗ ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨਗੇ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰੀਵੀਜ਼ਨ (ਐਸਆਈਆਰ) ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ ਸੂਬੇ ਭਰ ਵਿੱਚ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕਰਨ ਦੀ ਮੁਹਿੰਮ ਸ਼ੁਰੂ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਇਹ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ। ਇਸ ਦੌਰਾਨ ਪੰਜਾਬ ਦੇ 24,453 ਬੂਥ ਲੈਵਲ ਅਫ਼ਸਰ (ਬੀਐਲਓ) ਘਰ-ਘਰ ਜਾ ਕੇ ਗਿਣਤੀ ਫਾਰਮ ਵੰਡਣ, ਇਕੱਠੇ ਕਰਨ ਅਤੇ ਯੋਗ ਵੋਟਰਾਂ ਦੇ ਵੇਰਵਿਆਂ ਦੀ ਪੁਸ਼ਟੀ ਕਰਨਗੇ।
ਇਸ ਵਿਸ਼ੇਸ਼ ਤਸਦੀਕ ਅਭਿਆਨ ਵਿੱਚ ਸੂਬੇ ਦੇ 2.14 ਕਰੋੜ ਤੋਂ ਵੱਧ ਰਜਿਸਟਰਡ ਵੋਟਰਾਂ ਨੂੰ ਸ਼ਾਮਲ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨਾਂ ਦੇ ਤਰਕਸੰਗਤੀਕਰਨ ਦਾ ਕੰਮ ਵੀ 24 ਜੁਲਾਈ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਨਿਰਧਾਰਤ ਕਾਰਜਕ੍ਰਮ ਮੁਤਾਬਕ ਡਰਾਫਟ ਵੋਟਰ ਸੂਚੀਆਂ 3 ਅਗਸਤ ਨੂੰ ਜਾਰੀ ਕੀਤੀਆਂ ਜਾਣਗੀਆਂ। ਵੋਟਰ 2 ਅਗਸਤ ਤੋਂ 2 ਸਤੰਬਰ ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 9 ਸਤੰਬਰ ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀਆਂ 1 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।
86 ਫ਼ੀਸਦੀ ਵੋਟਰਾਂ ਦੀ ਮੈਪਿੰਗ ਪਹਿਲਾਂ ਹੀ ਪੂਰੀ
ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਪੰਜਾਬ ਦੇ ਲਗਭਗ 86 ਫ਼ੀਸਦੀ ਵੋਟਰਾਂ ਦੀ ਮੈਪਿੰਗ ਦਾ ਕੰਮ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ। ਜਿਨ੍ਹਾਂ ਵੋਟਰਾਂ ਦੀ ਮੈਪਿੰਗ ਅਜੇ ਬਾਕੀ ਹੈ, ਉਨ੍ਹਾਂ ਦੀ ਸੂਚੀ ਸਿਆਸੀ ਪਾਰਟੀਆਂ ਨਾਲ ਸਾਂਝੀ ਕੀਤੀ ਗਈ ਹੈ ਤਾਂ ਜੋ ਇਹ ਪ੍ਰਕਿਰਿਆ ਹੋਰ ਤੇਜ਼ੀ ਨਾਲ ਪੂਰੀ ਕੀਤੀ ਜਾ ਸਕੇ।
ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਸੋਧ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਚੋਣ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਸ ਨਾਲ ਵੋਟਰਾਂ ਦੀ ਤਸਦੀਕ ਦੀ ਪ੍ਰਕਿਰਿਆ ਪਾਰਦਰਸ਼ੀ, ਸੁਚੱਜੀ ਅਤੇ ਸਹੀ ਢੰਗ ਨਾਲ ਮੁਕੰਮਲ ਹੋ ਸਕੇਗੀ।
ਮੀਟਿੰਗ ਦੌਰਾਨ ਵਿਸ਼ੇਸ਼ ਇੰਟੈਂਸਿਵ ਰੀਵੀਜ਼ਨ ਨਾਲ ਜੁੜੇ ਵੱਖ-ਵੱਖ ਮੁੱਦਿਆਂ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਉਠਾਏ ਗਏ ਸੁਝਾਵਾਂ ਅਤੇ ਚਿੰਤਾਵਾਂ ‘ਤੇ ਵੀ ਚਰਚਾ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ, ਕਾਂਗਰਸ, ਭਾਰਤੀ ਜਨਤਾ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਦੇ ਨਾਲ-ਨਾਲ ਸੀਨੀਅਰ ਚੋਣ ਅਧਿਕਾਰੀ ਵੀ ਹਾਜ਼ਰ ਰਹੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
