ਪੰਜਾਬ ਸਰਕਾਰ ਦਾ ਵੱਡਾ ਐਲਾਨ: ਤਿੰਨ ਸਾਲ ਸੇਵਾ ਕਰਨ ਵਾਲੇ ਸਫਾਈ ਕਰਮਚਾਰੀ ਸਿੱਧੇ ਠੇਕੇ ‘ਤੇ, ਪੰਜ ਸਾਲ ਵਾਲਿਆਂ ਨੂੰ ਕੀਤਾ ਜਾਵੇਗਾ ਰੈਗੂਲਰ
ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਮਾਸਿਕ ਮਾਣ-ਭੱਤਾ ਵਧਾ ਕੇ 20,520 ਰੁਪਏ ਕੀਤਾ ਜਾਵੇਗਾ, ਜੋ 1 ਅਗਸਤ 2026 ਤੋਂ ਲਾਗੂ ਹੋਵੇਗਾ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਸਰਕਾਰ ਨੇ ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਸੇਵਾ ਨਿਭਾ ਰਹੇ ਹਜ਼ਾਰਾਂ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਵੱਡੀ ਰਾਹਤ ਦਿੰਦਿਆਂ ਆਊਟਸੋਰਸ ਤਹਿਤ ਲਗਾਤਾਰ ਤਿੰਨ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਕਰਮਚਾਰੀਆਂ ਨੂੰ ਸਿੱਧੇ ਠੇਕੇ ‘ਤੇ ਲਿਆਉਣ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਪੰਜ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਠੇਕਾ ਕਰਮਚਾਰੀਆਂ ਅਤੇ ਸਾਲ 2021 ਵਿੱਚ ਭਰਤੀ ਹੋਏ ਸਫਾਈ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਕਾਰਵਾਈ ਵੀ ਸ਼ੁਰੂ ਕੀਤੀ ਜਾਵੇਗੀ। ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਦਾ ਮਾਸਿਕ ਮਾਣ-ਭੱਤਾ ਵਧਾ ਕੇ 20,520 ਰੁਪਏ ਕੀਤਾ ਜਾਵੇਗਾ, ਜੋ 1 ਅਗਸਤ 2026 ਤੋਂ ਲਾਗੂ ਹੋਵੇਗਾ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਆਊਟਸੋਰਸ ਰਾਹੀਂ ਸੇਵਾ ਨਿਭਾ ਰਹੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜ ਸਾਲ ਦੀ ਸੇਵਾ ਪੂਰੀ ਕਰ ਚੁੱਕੇ ਸਾਰੇ ਠੇਕਾ ਕਰਮਚਾਰੀਆਂ ਅਤੇ 2021 ਵਿੱਚ ਭਰਤੀ ਹੋਏ ਕਰਮਚਾਰੀਆਂ ਨੂੰ ਰੈਗੂਲਰ ਕਰਨ ਲਈ ਸਬੰਧਤ ਸਥਾਨਕ ਸੰਸਥਾਵਾਂ ਨੂੰ ਪ੍ਰਸਤਾਵ ਪਾਸ ਕਰਕੇ ਸਰਕਾਰ ਕੋਲ ਭੇਜਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਬੈਂਸ ਨੇ ਕਿਹਾ ਕਿ ਸਥਾਨਕ ਸੰਸਥਾਵਾਂ ਕੋਲ ਕਰਮਚਾਰੀਆਂ ਦੀ ਸੇਵਾ ਦਾ ਪੂਰਾ ਰਿਕਾਰਡ ਉਪਲਬਧ ਹੈ। ਯੋਗ ਕਰਮਚਾਰੀਆਂ ਦਾ ਵੇਰਵਾ ਅਤੇ ਪ੍ਰਸਤਾਵ ਸਰਕਾਰ ਨੂੰ ਭੇਜੇ ਜਾਣਗੇ, ਜਿਸ ਤੋਂ ਬਾਅਦ ਰੈਗੂਲਰ ਕਰਨ ਦੀ ਅਗਲੀ ਪ੍ਰਕਿਰਿਆ ਸ਼ੁਰੂ ਹੋਵੇਗੀ। ਆਊਟਸੋਰਸ ਤੋਂ ਸਿੱਧੇ ਠੇਕੇ ‘ਤੇ ਆਉਣ ਵਾਲੇ ਕਰਮਚਾਰੀਆਂ ਨੂੰ 20,520 ਰੁਪਏ ਮਾਸਿਕ ਮਾਣ-ਭੱਤਾ ਮਿਲੇਗਾ ਅਤੇ ਉਨ੍ਹਾਂ ਨੂੰ ਹੋਰ ਕਾਨੂੰਨੀ ਲਾਭ ਵੀ ਪਹਿਲਾਂ ਵਾਂਗ ਮਿਲਦੇ ਰਹਿਣਗੇ।
ਮੰਤਰੀ ਨੇ ਕਿਹਾ ਕਿ ਇਹ ਫ਼ੈਸਲੇ ਸਫਾਈ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕਰਨ ਵੱਲ ਇੱਕ ਅਹਿਮ ਕਦਮ ਹਨ। ਉਨ੍ਹਾਂ ਦੱਸਿਆ ਕਿ ਕਰਮਚਾਰੀ ਜਥੇਬੰਦੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਇਹ ਫ਼ੈਸਲੇ ਲਏ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਮਾਨਸੂਨ ਦੇ ਮੱਦੇਨਜ਼ਰ ਸਫਾਈ ਕਰਮਚਾਰੀਆਂ ਨੂੰ ਹੜਤਾਲ ਖ਼ਤਮ ਕਰਕੇ ਲੋਕ ਹਿੱਤ ਵਿੱਚ ਮੁੜ ਡਿਊਟੀ ਸੰਭਾਲਣ ਦੀ ਅਪੀਲ ਕੀਤੀ, ਤਾਂ ਜੋ ਸ਼ਹਿਰਾਂ, ਹਸਪਤਾਲਾਂ, ਸਕੂਲਾਂ ਅਤੇ ਧਾਰਮਿਕ ਸਥਾਨਾਂ ਦੀ ਸਫਾਈ ਵਿਵਸਥਾ ਪ੍ਰਭਾਵਿਤ ਨਾ ਹੋਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
