ਪੱਕਾ ਪੁਲ ਨਾ ਬਣਿਆ ਤਾਂ ਸਰਪੰਚਾਂ ਦਾ ਸੰਘਰਸ਼ ਤੇਜ਼, 10 ਦਿਨਾਂ ਦਾ ਅਲਟੀਮੇਟਮ; ਅਸਤੀਫ਼ਿਆਂ, ਹਾਈਵੇ ਜਾਮ ਤੇ ਚੋਣ ਬਾਈਕਾਟ ਦੀ ਚੇਤਾਵਨੀ
ਸਰਪੰਚਾਂ ਨੇ ਕਿਹਾ ਕਿ ਪੁਲ ਦੇ ਨਿਰਮਾਣ ਲਈ ਕੇਂਦਰ ਸਰਕਾਰ ਵੱਲੋਂ ਫੰਡ ਮਨਜ਼ੂਰ ਕੀਤੇ ਜਾ ਚੁੱਕੇ ਹਨ, ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਟੈਂਡਰ ਜਾਰੀ ਨਾ ਕੀਤੇ ਜਾਣ ਕਾਰਨ ਉਸਾਰੀ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ।

ਗੁਰਦਾਸਪੁਰ
ਬਿਊਰੋ ਰਿਪੋਰਟ
ਰਾਵੀ ਦਰਿਆ ‘ਤੇ ਮਕੌੜਾ ਪੱਤਣ ਵਿਖੇ ਬਣੇ ਅਸਥਾਈ ਪੈਂਟੂਨ ਪੁਲ ਦਾ ਅਗਲਾ ਹਿੱਸਾ ਵਹਿ ਜਾਣ ਕਾਰਨ ਦਰਿਆ ਪਾਰ ਵਸਦੇ ਸੱਤ ਪਿੰਡਾਂ ਦਾ ਮੁੱਖ ਭੂਮੀ ਨਾਲ ਸੰਪਰਕ ਮੁੜ ਟੁੱਟ ਗਿਆ ਹੈ। ਇਸ ਕਾਰਨ ਲੋਕ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਕਿਸ਼ਤੀਆਂ ਰਾਹੀਂ ਦਰਿਆ ਪਾਰ ਕਰਨ ਲਈ ਮਜਬੂਰ ਹਨ। ਬਰਸਾਤ ਦੇ ਮੌਸਮ ਦੌਰਾਨ ਸੁਰੱਖਿਅਤ ਆਵਾਜਾਈ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਪੱਕੇ ਪੁਲ ਦੀ ਉਸਾਰੀ ਦੀ ਮੰਗ ਨੂੰ ਲੈ ਕੇ ਇਲਾਕੇ ਦੇ ਸਰਪੰਚਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ 10 ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਪਿੰਡ ਭਰਿਆਲ ਦੇ ਸਰਪੰਚ ਅਮਰੀਕ ਸਿੰਘ ਅਤੇ ਹੋਰ ਸਰਪੰਚਾਂ ਨੇ ਕਿਹਾ ਕਿ ਪੁਲ ਦੇ ਨਿਰਮਾਣ ਲਈ ਕੇਂਦਰ ਸਰਕਾਰ ਵੱਲੋਂ ਫੰਡ ਮਨਜ਼ੂਰ ਕੀਤੇ ਜਾ ਚੁੱਕੇ ਹਨ, ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਟੈਂਡਰ ਜਾਰੀ ਨਾ ਕੀਤੇ ਜਾਣ ਕਾਰਨ ਉਸਾਰੀ ਦਾ ਕੰਮ ਸ਼ੁਰੂ ਨਹੀਂ ਹੋ ਸਕਿਆ।
ਸਰਪੰਚਾਂ ਨੇ ਦੱਸਿਆ ਕਿ ਉਹ ਜਲਦ ਹੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਣਗੇ। ਜੇਕਰ 10 ਦਿਨਾਂ ਦੇ ਅੰਦਰ ਪੁਲ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਰਾਵੀ ਪਾਰ ਦੇ ਸਾਰੇ ਸਰਪੰਚ ਸਮੂਹਿਕ ਤੌਰ ‘ਤੇ ਅਸਤੀਫ਼ੇ ਦੇਣਗੇ। ਇਸ ਦੇ ਨਾਲ ਹੀ ਜੰਮੂ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਬਾਈਕਾਟ ਦਾ ਵੀ ਐਲਾਨ ਕੀਤਾ ਜਾਵੇਗਾ।
ਰਾਵੀ ਪਾਰ ਦੇ ਤੂਰ, ਚੇਬੇ, ਭਰਿਆਲ, ਲਸੀਆਂ, ਕੁੱਕੜ, ਮੰਮੀ ਚੱਕਰੰਗਾ ਅਤੇ ਕਜਲੇ ਸਮੇਤ ਸੱਤ ਪਿੰਡਾਂ ਦੇ ਲੋਕ ਹਰ ਸਾਲ ਇਸ ਸਮੱਸਿਆ ਨਾਲ ਜੂਝਦੇ ਹਨ। ਮਾਨਸੂਨ ਤੋਂ ਪਹਿਲਾਂ ਅਸਥਾਈ ਪੈਂਟੂਨ ਪੁਲ ਹਟਾ ਦਿੱਤਾ ਜਾਂਦਾ ਹੈ ਜਾਂ ਬਰਸਾਤ ਦੌਰਾਨ ਨੁਕਸਾਨੀ ਜਾਂਦਾ ਹੈ, ਜਿਸ ਕਾਰਨ ਇਨ੍ਹਾਂ ਪਿੰਡਾਂ ਦਾ ਸੰਪਰਕ ਮੁੱਖ ਭੂਮੀ ਨਾਲ ਟੁੱਟ ਜਾਂਦਾ ਹੈ। ਸਭ ਤੋਂ ਵੱਧ ਮੁਸ਼ਕਲ ਵਿਦਿਆਰਥੀਆਂ, ਮਰੀਜ਼ਾਂ, ਕਿਸਾਨਾਂ ਅਤੇ ਰੋਜ਼ਾਨਾ ਆਵਾਜਾਈ ਕਰਨ ਵਾਲੇ ਲੋਕਾਂ ਨੂੰ ਆਉਂਦੀ ਹੈ, ਜਿਨ੍ਹਾਂ ਨੂੰ ਮਜ਼ਬੂਰੀ ਵਿੱਚ ਕਿਸ਼ਤੀਆਂ ਦਾ ਸਹਾਰਾ ਲੈਣਾ ਪੈਂਦਾ ਹੈ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਗੁਰਦਾਸਪੁਰ ਤੋਂ ਸਾਬਕਾ ਸੰਸਦ ਮੈਂਬਰ ਸੰਨੀ ਦਿਓਲ ਦੇ ਯਤਨਾਂ ਸਦਕਾ ਕੇਂਦਰ ਸਰਕਾਰ ਨੇ ਇਸ ਪੁਲ ਲਈ ਕਰੀਬ 100 ਕਰੋੜ ਰੁਪਏ ਮਨਜ਼ੂਰ ਕੀਤੇ ਸਨ। ਹਾਲਾਂਕਿ ਜ਼ਮੀਨ ਐਕਵਾਇਰ ਕਰਨ ਅਤੇ ਹੋਰ ਪ੍ਰਸ਼ਾਸਨਿਕ ਕਾਰਵਾਈਆਂ ਪੂਰੀਆਂ ਨਾ ਹੋਣ ਕਾਰਨ ਪ੍ਰੋਜੈਕਟ ਅਜੇ ਤੱਕ ਸ਼ੁਰੂ ਨਹੀਂ ਹੋ ਸਕਿਆ। ਲੋਕਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਾਵੀ ਦਰਿਆ ‘ਤੇ ਜਲਦ ਪੱਕਾ ਪੁਲ ਬਣਾ ਕੇ ਇਸ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
