ਫ਼ੀਸਾਂ ਵਿੱਚ ਮਨਮਾਨਾ ਵਾਧਾ ਬਰਦਾਸ਼ਤ ਨਹੀਂ, ਕੇਜਰੀਵਾਲ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਦੱਸਿਆ ਇਤਿਹਾਸਕ

ਫ਼ੀਸਾਂ ਵਿੱਚ ਮਨਮਾਨਾ ਵਾਧਾ ਬਰਦਾਸ਼ਤ ਨਹੀਂ, ਕੇਜਰੀਵਾਲ ਨੇ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਦੱਸਿਆ ਇਤਿਹਾਸਕ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ।

ਦਿੱਲੀ

ਬਿਊਰੋ ਰਿਪੋਰਟ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਐਲਾਨ ਅਨੁਸਾਰ ਸਰਕਾਰ ਇੱਕ ਨਵਾਂ ਕਾਨੂੰਨ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਸ ਕਾਨੂੰਨ ਤਹਿਤ ਕੋਈ ਵੀ ਨਿੱਜੀ ਸਕੂਲ ਸਾਲਾਨਾ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕੇਗਾ। ਇਹ ਫ਼ੈਸਲਾ ਅੰਮ੍ਰਿਤਸਰ ਦੀ ਇੱਕ ਵਿਦਿਆਰਥਣ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਤੋਂ ਬਾਅਦ ਲਿਆ ਗਿਆ, ਜਿਸ ਨੇ ਆਪਣੇ ਪੱਤਰ ਵਿੱਚ ਸਕੂਲ ਪ੍ਰਬੰਧਨ ਉੱਤੇ ਮਾਨਸਿਕ ਦਬਾਅ ਬਣਾਉਣ ਦੇ ਦੋਸ਼ ਲਗਾਏ ਸਨ। ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੇ ਹਿੱਤ ਵਿੱਚ ਇੱਕ ਅਹਿਮ ਫ਼ੈਸਲਾ ਲਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਲਈ ਕਾਨੂੰਨ ਬਣਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨਵੇਂ ਪ੍ਰਬੰਧ ਅਧੀਨ ਕੋਈ ਵੀ ਸਕੂਲ ਇੱਕ ਸਾਲ ਵਿੱਚ 5 ਫ਼ੀਸਦੀ ਤੋਂ ਵੱਧ ਫ਼ੀਸ ਨਹੀਂ ਵਧਾ ਸਕੇਗਾ। ਉਨ੍ਹਾਂ ਦੱਸਿਆ ਕਿ ਲਾਇਬ੍ਰੇਰੀ, ਵਿਕਾਸ ਕਾਰਜਾਂ ਜਾਂ ਹੋਰ ਕਿਸੇ ਵੀ ਨਾਮ ਹੇਠ ਲਈ ਜਾਣ ਵਾਲੀ ਰਕਮ ਨੂੰ ਮਿਲਾ ਕੇ ਵੀ ਕੁੱਲ ਵਾਧਾ ਨਿਰਧਾਰਿਤ ਹੱਦ ਤੋਂ ਉੱਪਰ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਕਾਨੂੰਨ ਦੀ ਸਭ ਤੋਂ ਵੱਡੀ ਵਿਸ਼ੇਸ਼ਤਾ ਇਹ ਹੋਵੇਗੀ ਕਿ ਜਿਨ੍ਹਾਂ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ 15 ਫ਼ੀਸਦੀ ਤੋਂ ਵੱਧ ਫ਼ੀਸ ਵਧਾਈ ਹੈ, ਉਨ੍ਹਾਂ ਨੂੰ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਉਦਾਹਰਨ ਦਿੰਦਿਆਂ ਉਨ੍ਹਾਂ ਕਿਹਾ ਕਿ ਜੇ ਕਿਸੇ ਸਕੂਲ ਨੇ 50 ਫ਼ੀਸਦੀ ਫ਼ੀਸ ਵਧਾਈ ਹੈ ਤਾਂ 35 ਫ਼ੀਸਦੀ ਦੇ ਬਰਾਬਰ ਰਕਮ ਵਾਪਸ ਕਰਨੀ ਲਾਜ਼ਮੀ ਹੋਵੇਗੀ।

ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਬਹੁਤ ਵਿਰਲਾ ਹੋਇਆ ਹੈ ਕਿ ਨਿੱਜੀ ਸਕੂਲਾਂ ਨੂੰ ਫ਼ੀਸ ਵਾਪਸ ਕਰਨੀ ਪਈ ਹੋਵੇ। ਉਨ੍ਹਾਂ ਦੱਸਿਆ ਕਿ ਦਿੱਲੀ ਵਿੱਚ ਵੀ ਅਜਿਹਾ ਕੀਤਾ ਗਿਆ ਸੀ ਅਤੇ ਹੁਣ ਪੰਜਾਬ ਵਿੱਚ ਵੀ ਇਹ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਮਾਪੇ ਦੀ ਖ਼ਾਹਿਸ਼ ਹੁੰਦੀ ਹੈ ਕਿ ਉਸਦੇ ਬੱਚੇ ਨੂੰ ਉੱਚ ਪੱਧਰੀ ਸਿੱਖਿਆ ਪ੍ਰਾਪਤ ਹੋਵੇ। ਇੱਕ ਪਾਸੇ ਸਰਕਾਰ ਸਰਕਾਰੀ ਸਕੂਲਾਂ ਦੀ ਗੁਣਵੱਤਾ ਨੂੰ ਬਿਹਤਰ ਬਣਾ ਰਹੀ ਹੈ ਅਤੇ ਸਿੱਖਿਆ ਖੇਤਰ ਵਿੱਚ ਪੰਜਾਬ ਨੇ ਸ਼ਾਨਦਾਰ ਪ੍ਰਗਤੀ ਦਰਜ ਕੀਤੀ ਹੈ।

ਉਨ੍ਹਾਂ ਕਿਹਾ ਕਿ ਦੂਜੇ ਪਾਸੇ ਨਿੱਜੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੂੰ ਵੀ ਬੇਤਹਾਸ਼ਾ ਫ਼ੀਸ ਵਾਧੇ ਤੋਂ ਰਾਹਤ ਦਿੱਤੀ ਜਾ ਰਹੀ ਹੈ। ਕੇਜਰੀਵਾਲ ਨੇ ਕਿਹਾ ਕਿ ਕੁਝ ਨਿੱਜੀ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਿੱਚ ਵੱਡਾ ਵਾਧਾ ਕਰ ਦਿੰਦੇ ਹਨ, ਜਿਸ ਨਾਲ ਪਰਿਵਾਰਾਂ ਉੱਤੇ ਵਿੱਤੀ ਬੋਝ ਪੈਂਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਾਰੇ ਸਕੂਲ ਅਜਿਹਾ ਨਹੀਂ ਕਰਦੇ, ਪਰ ਮਨਮਾਨੀ ਕਰਨ ਵਾਲਿਆਂ ਉੱਤੇ ਨਿਯੰਤਰਣ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਹ ਕਦਮ ਪੂਰੇ ਦੇਸ਼ ਲਈ ਇੱਕ ਮਿਸਾਲ ਸਾਬਤ ਹੋ ਸਕਦਾ ਹੈ।

 

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *