ਫੀਸ ਦੇ ਮਾਮਲੇ ਨੂੰ ਲੈ ਕੇ ਕਥਿਤ ਦਬਾਅ ਵਿਚਕਾਰ 17 ਸਾਲਾ ਵਿਦਿਆਰਥਣ ਦੀ ਮੌਤ, ਸਕੂਲ ਪ੍ਰਬੰਧਨ ਖ਼ਿਲਾਫ਼ ਮਾਮਲਾ ਦਰਜ

ਫੀਸ ਦੇ ਮਾਮਲੇ ਨੂੰ ਲੈ ਕੇ ਕਥਿਤ ਦਬਾਅ ਵਿਚਕਾਰ 17 ਸਾਲਾ ਵਿਦਿਆਰਥਣ ਦੀ ਮੌਤ, ਸਕੂਲ ਪ੍ਰਬੰਧਨ ਖ਼ਿਲਾਫ਼ ਮਾਮਲਾ ਦਰਜ

ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਮੁਤਾਬਕ ਫੀਸ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਉਸ ਨੂੰ ਲਗਾਤਾਰ ਮਾਨਸਿਕ ਤੌਰ ’ਤੇ ਦਬਾਅ ਹੇਠ ਰੱਖਿਆ ਜਾਂਦਾ ਸੀ, ਜਿਸ ਕਾਰਨ ਉਹ ਗੰਭੀਰ ਤਣਾਅ ਦਾ ਸ਼ਿਕਾਰ ਹੋ ਗਈ।

ਸ੍ਰੀ ਅਮ੍ਰਿਤਸਰ ਸਾਹਿਬ

ਬਿਊਰੋ ਰਿਪੋਰਟ

ਅੰਮ੍ਰਿਤਸਰ ਵਿੱਚ 17 ਸਾਲਾ ਵਿਦਿਆਰਥਣ ਦੀ ਮੌਤ ਦਾ ਮਾਮਲਾ ਗੰਭੀਰ ਹੁੰਦਾ ਜਾ ਰਿਹਾ ਹੈ। ਮ੍ਰਿਤਕਾ ਅਮਜੋਤ ਕੌਰ ਔਲਖ ਇੱਕ ਨਿੱਜੀ ਸਕੂਲ ਦੀ ਵਿਦਿਆਰਥਣ ਸੀ। ਪਰਿਵਾਰ ਵੱਲੋਂ ਲਗਾਏ ਗਏ ਦੋਸ਼ਾਂ ਮੁਤਾਬਕ ਫੀਸ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਉਸ ਨੂੰ ਲਗਾਤਾਰ ਮਾਨਸਿਕ ਤੌਰ ’ਤੇ ਦਬਾਅ ਹੇਠ ਰੱਖਿਆ ਜਾਂਦਾ ਸੀ, ਜਿਸ ਕਾਰਨ ਉਹ ਗੰਭੀਰ ਤਣਾਅ ਦਾ ਸ਼ਿਕਾਰ ਹੋ ਗਈ।

ਜਾਣਕਾਰੀ ਅਨੁਸਾਰ ਵਿਦਿਆਰਥਣ ਦੀ ਸਿਹਤ ਅਚਾਨਕ ਵਿਗੜਣ ਮਗਰੋਂ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੀ ਦੇਹ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਨੇ ਸਕੂਲ ਪ੍ਰਬੰਧਨ, ਮੁੱਖ ਅਧਿਆਪਕਾ ਅਤੇ ਹੋਰ ਕਰਮਚਾਰੀਆਂ ’ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਮਜੋਤ ਕੌਰ ਪੜ੍ਹਾਈ ਵਿੱਚ ਬਹੁਤ ਹੋਣਹਾਰ ਸੀ ਅਤੇ ਹਰ ਜਮਾਤ ਵਿੱਚ ਵਧੀਆ ਨਤੀਜੇ ਪ੍ਰਾਪਤ ਕਰਦੀ ਰਹੀ। ਪਰਿਵਾਰ ਦਾ ਦਾਅਵਾ ਹੈ ਕਿ ਉਸ ਨੇ ਕਈ ਵਾਰ ਸਕੂਲ ਵਿੱਚ ਆਪਣੇ ਨਾਲ ਹੋ ਰਹੀਆਂ ਮੁਸ਼ਕਲਾਂ ਅਤੇ ਦਬਾਅ ਬਾਰੇ ਜਾਣਕਾਰੀ ਦਿੱਤੀ ਸੀ।

ਪਰਿਵਾਰ ਅਨੁਸਾਰ ਵਿਦਿਆਰਥਣ ਨੂੰ ਕਈ ਵਾਰ ਹੋਰ ਵਿਦਿਆਰਥੀਆਂ ਦੇ ਸਾਹਮਣੇ ਸ਼ਰਮਿੰਦਾ ਕੀਤਾ ਜਾਂਦਾ ਸੀ ਅਤੇ ਫੀਸ ਸਬੰਧੀ ਮਾਮਲਿਆਂ ਨੂੰ ਲੈ ਕੇ ਉਸ ਉੱਤੇ ਲਗਾਤਾਰ ਦਬਾਅ ਬਣਾਇਆ ਜਾਂਦਾ ਸੀ। ਇਹ ਵੀ ਦੋਸ਼ ਲਗਾਇਆ ਗਿਆ ਹੈ ਕਿ ਉਸ ਨੂੰ ਪੜ੍ਹਾਈ ਤੋਂ ਇਲਾਵਾ ਹੋਰ ਕੰਮਾਂ ਦੀਆਂ ਜ਼ਿੰਮੇਵਾਰੀਆਂ ਵੀ ਦਿੱਤੀਆਂ ਜਾਂਦੀਆਂ ਸਨ, ਜਿਸ ਕਾਰਨ ਉਹ ਮਾਨਸਿਕ ਤਣਾਅ ਵਿੱਚ ਰਹਿੰਦੀ ਸੀ।

ਪਰਿਵਾਰ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਹੋਰ ਵਿਦਿਆਰਥੀ ਨੂੰ ਅਜਿਹੀ ਸਥਿਤੀ ਦਾ ਸਾਹਮਣਾ ਨਾ ਕਰਨਾ ਪਵੇ।

ਉਧਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ ਗਈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ। ਇਨ੍ਹਾਂ ਬਿਆਨਾਂ ਦੇ ਆਧਾਰ ’ਤੇ ਸਕੂਲ ਨਾਲ ਸਬੰਧਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਮੌਤ ਦੇ ਅਸਲ ਕਾਰਨਾਂ ਬਾਰੇ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ। ਫਿਲਹਾਲ ਮਾਮਲੇ ਦੀ ਨਿਰਪੱਖ ਜਾਂਚ ਜਾਰੀ ਹੈ ਅਤੇ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

 

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *