ਬਲਦ ਗੱਡੀ ‘ਤੇ ਵੋਟ ਪਾਉਣ ਪਹੁੰਚੇ ਰਾਜਾ ਵੜਿੰਗ, ਮਹਿੰਗਾਈ ਖ਼ਿਲਾਫ਼ ਕੀਤਾ ਪ੍ਰਦਰਸ਼ਨ
ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪੈਟਰੋਲ ਦੀ ਕੀਮਤ ਕਰੀਬ 105 ਰੁਪਏ ਅਤੇ ਡੀਜ਼ਲ ਦੀ ਕੀਮਤ ਲਗਭਗ 95 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।

ਸ੍ਰੀ ਮੁਕਤਸਰ ਸਾਹਿਬ
ਬਿਊਰੋ ਰਿਪੋਰਟ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੰਗਲਵਾਰ ਨੂੰ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਨਾਲ ਮੁਕਤਸਰ ਦੇ ਵਾਰਡ ਨੰਬਰ 5 ਵਿੱਚ ਵੋਟ ਪਾਉਣ ਲਈ ਬਲਦ ਗੱਡੀ ਰਾਹੀਂ ਪਹੁੰਚੇ। ਉਨ੍ਹਾਂ ਦਾ ਇਹ ਵਿਲੱਖਣ ਅੰਦਾਜ਼ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦੇ ਵਿਰੋਧ ਵਜੋਂ ਸਾਹਮਣੇ ਆਇਆ।
ਰਾਜਾ ਵੜਿੰਗ ਨੇ ਕਿਹਾ ਕਿ ਮਹਿੰਗਾਈ ਨੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਕਾਫ਼ੀ ਪ੍ਰਭਾਵਿਤ ਕੀਤਾ ਹੈ ਅਤੇ ਹੁਣ ਵਾਹਨ ਚਲਾਉਣਾ ਵੀ ਹਰ ਕਿਸੇ ਲਈ ਆਸਾਨ ਨਹੀਂ ਰਿਹਾ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪੈਟਰੋਲ ਦੀ ਕੀਮਤ ਕਰੀਬ 105 ਰੁਪਏ ਅਤੇ ਡੀਜ਼ਲ ਦੀ ਕੀਮਤ ਲਗਭਗ 95 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।
ਉਨ੍ਹਾਂ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਸਿਰਫ਼ ਚੋਣਾਂ ਜਿੱਤਣ ਤੱਕ ਸੀਮਿਤ ਨਹੀਂ ਹੋਣੀ ਚਾਹੀਦੀ, ਸਗੋਂ ਲੋਕਾਂ ਨੂੰ ਮਹਿੰਗਾਈ ਤੋਂ ਰਾਹਤ ਦੇਣ ਲਈ ਵੀ ਗੰਭੀਰ ਕਦਮ ਚੁੱਕਣੇ ਲੋੜੀਂਦੇ ਹਨ।
ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਈ ਵਾਰ ਵਾਧਾ ਹੋਇਆ ਹੈ, ਜਿਸ ਕਾਰਨ ਆਵਾਜਾਈ ਦਾ ਖ਼ਰਚਾ ਵਧ ਗਿਆ ਹੈ। ਇਸ ਦਾ ਸਿੱਧਾ ਅਸਰ ਸਬਜ਼ੀਆਂ, ਰਾਸ਼ਨ ਅਤੇ ਹੋਰ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਉਤੇ ਵੀ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਮਹਿੰਗਾਈ ਕਾਰਨ ਆਮ ਪਰਿਵਾਰਾਂ ਦੇ ਘਰੇਲੂ ਬਜਟ ਵਿੱਚ 10 ਤੋਂ 15 ਫੀਸਦੀ ਤੱਕ ਵਾਧਾ ਹੋਇਆ ਹੈ ਅਤੇ ਕਿਸਾਨ ਵੀ ਇਸ ਨਾਲ ਵੱਡੇ ਪੱਧਰ ਉਤੇ ਪ੍ਰਭਾਵਿਤ ਹੋ ਰਹੇ ਹਨ। ਬਲਦ ਗੱਡੀ ਰਾਹੀਂ ਵੋਟ ਪਾਉਣ ਜਾਣ ਦਾ ਮਕਸਦ ਸਰਕਾਰ ਤੱਕ ਇਹ ਸੁਨੇਹਾ ਪਹੁੰਚਾਉਣਾ ਸੀ ਕਿ ਹਾਲਾਤ ਇੰਨੇ ਮਹਿੰਗੇ ਹੋ ਚੁੱਕੇ ਹਨ ਕਿ ਲੋਕਾਂ ਨੂੰ ਪੁਰਾਣੇ ਸਾਧਨਾਂ ਵੱਲ ਵਾਪਸ ਮੁੜਨਾ ਪੈ ਸਕਦਾ ਹੈ।
ਰਾਜਾ ਵੜਿੰਗ ਨੇ ਐਲਾਨ ਕੀਤਾ ਕਿ ਕਾਂਗਰਸ ਪਾਰਟੀ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਪੰਜਾਬ ਸਮੇਤ ਦੇਸ਼ ਭਰ ਵਿੱਚ ਵੱਡੇ ਪੱਧਰ ਉਤੇ ਪ੍ਰਦਰਸ਼ਨ ਕਰੇਗੀ ਅਤੇ ਆਮ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
