ਬਿਕਰਮ ਮਜੀਠੀਆ ਦੀ ਕਾਨੂੰਨੀ ਟੀਮ ਪਹੁੰਚੀ ਅੰਮ੍ਰਿਤਸਰ ਅਦਾਲਤ, ਐੱਫਆਈਆਰ ਦੀ ਕਾਪੀ ਮੁਹੱਈਆ ਕਰਵਾਉਣ ਦੀ ਕੀਤੀ ਮੰਗ

ਬਿਕਰਮ ਮਜੀਠੀਆ ਦੀ ਕਾਨੂੰਨੀ ਟੀਮ ਪਹੁੰਚੀ ਅੰਮ੍ਰਿਤਸਰ ਅਦਾਲਤ, ਐੱਫਆਈਆਰ ਦੀ ਕਾਪੀ ਮੁਹੱਈਆ ਕਰਵਾਉਣ ਦੀ ਕੀਤੀ ਮੰਗ

ਪੁਲਿਸ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਦੀ ਕਾਪੀ ਨਾ ਦਿੱਤੇ ਜਾਣ ਦੇ ਦੋਸ਼ਾਂ ਦਰਮਿਆਨ ਇਹ ਪਟੀਸ਼ਨ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ।

ਸ੍ਰੀ ਅਮ੍ਰਿਤਸਰ ਸਾਹਿਬ

ਬਿਊਰੋ ਰਿਪੋਰਟ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਮਾਮਲੇ ਵਿੱਚ ਉਨ੍ਹਾਂ ਦੀ ਕਾਨੂੰਨੀ ਟੀਮ ਨੇ ਅੰਮ੍ਰਿਤਸਰ ਅਦਾਲਤ ਦਾ ਰੁਖ ਕੀਤਾ ਹੈ। ਪੁਲਿਸ ਵੱਲੋਂ ਦਰਜ ਕੀਤੀ ਗਈ ਐੱਫਆਈਆਰ ਦੀ ਕਾਪੀ ਨਾ ਦਿੱਤੇ ਜਾਣ ਦੇ ਦੋਸ਼ਾਂ ਦਰਮਿਆਨ ਇਹ ਪਟੀਸ਼ਨ ਅਦਾਲਤ ਵਿੱਚ ਦਾਇਰ ਕੀਤੀ ਗਈ ਹੈ।

ਮਜੀਠੀਆ ਦੀ ਕਾਨੂੰਨੀ ਟੀਮ ਦੇ ਮੈਂਬਰ ਅਮਨਬੀਰ ਸਿੰਘ ਸਿਆਲੀ, ਐਡਵੋਕੇਟ ਬਾਠ ਅਤੇ ਪ੍ਰਦੀਪ ਸੈਣੀ ਵੱਲੋਂ ਅੰਮ੍ਰਿਤਸਰ ਅਦਾਲਤ ਵਿੱਚ ਅਰਜ਼ੀ ਦਾਖ਼ਲ ਕੀਤੀ ਗਈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਮਜੀਠਾ ਥਾਣੇ ਵਿੱਚ ਦਰਜ ਐੱਫਆਈਆਰ ਦੀ ਨਕਲ ਹਾਲੇ ਤੱਕ ਉਨ੍ਹਾਂ ਨੂੰ ਮੁਹੱਈਆ ਨਹੀਂ ਕਰਵਾਈ ਗਈ। ਮਜੀਠੀਆ ਦੇ ਵਕੀਲ ਦਾ ਕਹਿਣਾ ਹੈ ਕਿ ਐੱਫਆਈਆਰ ਦੀ ਕਾਪੀ ਪ੍ਰਾਪਤ ਕਰਨਾ ਉਨ੍ਹਾਂ ਦਾ ਕਾਨੂੰਨੀ ਅਤੇ ਜਮਹੂਰੀ ਹੱਕ ਹੈ ਤਾਂ ਜੋ ਉਹ ਆਪਣੇ ਮੁਅੱਕਲ ਦਾ ਪੱਖ ਅਦਾਲਤ ਵਿੱਚ ਢੰਗ ਨਾਲ ਰੱਖ ਸਕਣ।

ਵਕੀਲਾਂ ਨੇ ਦਲੀਲ ਦਿੱਤੀ ਕਿ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਪੁਲਿਸ ਦੀ ਵੈੱਬਸਾਈਟ ਉੱਤੇ ਐੱਫਆਈਆਰ ਉਪਲਬਧ ਨਹੀਂ ਕਰਵਾਈ ਗਈ। ਉਨ੍ਹਾਂ ਮੁਤਾਬਕ ਅਦਾਲਤ ਵੱਲੋਂ ਇਸ ਮਾਮਲੇ ਸਬੰਧੀ ਦੁਪਹਿਰ ਬਾਅਦ ਫ਼ੈਸਲਾ ਸੁਣਾਇਆ ਜਾ ਸਕਦਾ ਹੈ।

ਗੌਰਤਲਬ ਹੈ ਕਿ ਬਿਕਰਮ ਸਿੰਘ ਮਜੀਠੀਆ ਉੱਤੇ ਦੋਸ਼ ਹੈ ਕਿ ਉਨ੍ਹਾਂ ਨੇ ਐਤਵਾਰ ਨੂੰ ਮਜੀਠਾ ਪੁਲਿਸ ਥਾਣੇ ਵਿੱਚ ਦਾਖ਼ਲ ਹੋ ਕੇ ਵੋਟਾਂ ਦੀ ਗਿਣਤੀ ਵਾਲੇ ਦਿਨ ਬੂਥ ‘ਤੇ ਹੰਗਾਮੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਜੋਬਨਪ੍ਰੀਤ ਸਿੰਘ ਨੂੰ ਛੁਡਵਾਉਣ ਦੀ ਕੋਸ਼ਿਸ਼ ਕੀਤੀ। ਇਸ ਮਾਮਲੇ ਵਿੱਚ ਮਜੀਠੀਆ ਸਮੇਤ 60 ਤੋਂ ਵੱਧ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਚੰਡੀਗੜ੍ਹ ਅਤੇ ਅੰਮ੍ਰਿਤਸਰ ਸਥਿਤ ਰਿਹਾਇਸ਼ਾਂ ਸਮੇਤ ਛੇ ਥਾਵਾਂ ‘ਤੇ ਛਾਪੇਮਾਰੀ ਵੀ ਕੀਤੀ ਗਈ, ਪਰ ਉਹ ਹੱਥ ਨਹੀਂ ਆਏ। ਇਸ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਲੁੱਕਆਊਟ ਸਰਕੂਲਰ ਜਾਰੀ ਕਰ ਦਿੱਤਾ ਗਿਆ, ਜਿਸ ਨਾਲ ਉਨ੍ਹਾਂ ਦੇ ਵਿਦੇਸ਼ ਜਾਣ ‘ਤੇ ਰੋਕ ਲੱਗ ਗਈ ਹੈ।

ਇਸੇ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਮੰਗਲਵਾਰ ਨੂੰ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਡੀਜੀਪੀ, ਅੰਮ੍ਰਿਤਸਰ ਦਿਹਾਤੀ ਦੇ ਐੱਸਐੱਸਪੀ ਅਤੇ ਮਜੀਠਾ ਥਾਣਾ ਮੁਖੀ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਣ ਲਈ ਇੱਕ ਦਿਨ ਦਾ ਹੋਰ ਸਮਾਂ ਮੰਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਅੱਜ ਕੀਤੀ ਜਾਵੇਗੀ।

ਪੁਲਿਸ ਅਨੁਸਾਰ ਸਥਾਨਕ ਚੋਣਾਂ ਦੌਰਾਨ ਵੋਟਿੰਗ ਵਾਲੇ ਦਿਨ ਮਜੀਠਾ ਦੇ ਇੱਕ ਬੂਥ ਦੇ ਬਾਹਰ ਹੰਗਾਮੇ ਦੀ ਘਟਨਾ ਸਾਹਮਣੇ ਆਈ ਸੀ। ਇਸ ਮਾਮਲੇ ਵਿੱਚ ਪਿੰਡ ਸੋਈਆਂ ਕਲਾਂ ਦੇ ਜੋਬਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਦੋਸ਼ ਹੈ ਕਿ ਜਦੋਂ ਐਤਵਾਰ ਨੂੰ ਥਾਣੇ ਵਿੱਚ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ ਤਾਂ ਮਜੀਠੀਆ ਆਪਣੇ ਸਮਰਥਕਾਂ ਨਾਲ ਥਾਣੇ ਅੰਦਰ ਪਹੁੰਚ ਗਏ। ਪੁਲਿਸ ਦਾ ਦਾਅਵਾ ਹੈ ਕਿ ਇਸ ਦੌਰਾਨ ਪੁਲਿਸ ਕਰਮਚਾਰੀਆਂ ਨਾਲ ਧੱਕਾ-ਮੁੱਕੀ ਹੋਈ ਅਤੇ ਇੱਕ ਪੁਲਿਸ ਮੁਲਾਜ਼ਮ ਦਾ ਮੋਬਾਈਲ ਫ਼ੋਨ ਖੋਹਣ ਦੀ ਕੋਸ਼ਿਸ਼ ਵੀ ਕੀਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *