ਬੁਢਲਾਡਾ ਨੇੜੇ ਨੌਜਵਾਨ ਦੀ ਹੱਤਿਆ, ਸਬਜ਼ੀ ਮੰਡੀ ਜਾਂਦੇ ਸਮੇਂ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹਮਲਾ
ਰੋਜ਼ਾਨਾ ਦੀ ਤਰ੍ਹਾਂ ਉਹ ਸਵੇਰੇ ਤੜਕੇ ਆਪਣੇ ਕੰਮ ਲਈ ਨਿਕਲਿਆ ਸੀ, ਪਰ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਨਿਸ਼ਾਨਾ ਬਣਾ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮਾਨਸਾ
ਬਿਊਰੋ ਰਿਪੋਰਟ
ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਖੇਤਰ ਵਿੱਚ ਅੱਜ ਸਵੇਰੇ ਇੱਕ 29 ਸਾਲਾ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਜਦੀਪ ਸਿੰਘ ਵਜੋਂ ਹੋਈ ਹੈ, ਜੋ ਸਥਾਨਕ ਸਬਜ਼ੀ ਮੰਡੀ ਵਿੱਚ ਮੁਨੀਮ ਵਜੋਂ ਕੰਮ ਕਰਦਾ ਸੀ। ਰੋਜ਼ਾਨਾ ਦੀ ਤਰ੍ਹਾਂ ਉਹ ਸਵੇਰੇ ਤੜਕੇ ਆਪਣੇ ਕੰਮ ਲਈ ਨਿਕਲਿਆ ਸੀ, ਪਰ ਰਸਤੇ ਵਿੱਚ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਨਿਸ਼ਾਨਾ ਬਣਾ ਲਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਮਿਲੀ ਜਾਣਕਾਰੀ ਅਨੁਸਾਰ ਰਾਜਦੀਪ ਸਿੰਘ ਪਿੰਡ ਦਰਿਆਪੁਰ ਖੁਰਦ ਦਾ ਵਸਨੀਕ ਸੀ ਅਤੇ ਬੁਢਲਾਡਾ ਦੀ ਸਬਜ਼ੀ ਮੰਡੀ ਵਿੱਚ ਹਿਸਾਬ-ਕਿਤਾਬ ਦਾ ਕੰਮ ਕਰਦਾ ਸੀ। ਅੱਜ ਸਵੇਰੇ ਜਦੋਂ ਉਹ ਆਪਣੇ ਘਰ ਤੋਂ ਮੰਡੀ ਵੱਲ ਜਾ ਰਿਹਾ ਸੀ ਤਾਂ ਦਰਿਆਪੁਰ ਅਤੇ ਕੁਲਾਣਾ ਦੇ ਵਿਚਕਾਰ ਰੇਲਵੇ ਫਾਟਕ ਕੋਲ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ।
ਰਾਜਦੀਪ ਸਿੰਘ ਵਿਆਹਿਆ ਹੋਇਆ ਸੀ ਅਤੇ ਦੋ ਬੱਚਿਆਂ ਦਾ ਪਿਤਾ ਸੀ। ਮ੍ਰਿਤਕ ਦੇ ਪਿਤਾ ਹਰਬੰਸ ਸਿੰਘ ਅਤੇ ਮਾਤਾ ਨੇ ਆਪਣੇ ਗੁਆਂਢ ਵਿੱਚ ਰਹਿੰਦੇ ਕੁਝ ਲੋਕਾਂ ‘ਤੇ ਸ਼ੱਕ ਜਤਾਇਆ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਜਲਦੀ ਕਾਬੂ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਬੁਢਲਾਡਾ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਦੂਜੇ ਪਾਸੇ ਐੱਸਐੱਚਓ ਸਿਟੀ ਬੁਢਲਾਡਾ ਕੰਵਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦਰਦਨਾਕ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
