ਭਗਤ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਵਿਸ਼ਾਲ ਪੱਧਰ ‘ਤੇ ਮਨਾਈ ਜਾਵੇਗੀ — ਐਡਵੋਕੇਟ ਧਾਮੀ
ਜਨਮ ਅਸਥਾਨ ਗੋਵਰਧਨਪੁਰ ਵਾਰਾਣਸੀ ਤੋਂ ਵਿਸ਼ਾਲ ਨਗਰ ਕੀਰਤਨ ਕੱਢਣ ਦੇ ਨਾਲ-ਨਾਲ 8 ਕੀਰਤਨ ਦਰਬਾਰ ਅਤੇ 6 ਸੈਮੀਨਾਰ ਕਰਵਾਉਣ ਦਾ ਫ਼ੈਸਲਾ, ਸ਼ਤਾਬਦੀ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਸਬ-ਕਮੇਟੀ ਦੀ ਹੋਈ ਮੀਟਿੰਗ

ਅੰਮ੍ਰਿਤਸਰ
ਬਿਊਰੋ ਰਿਪੋਰਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650ਵੀਂ ਜਨਮ ਸ਼ਤਾਬਦੀ ਸਬੰਧੀ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਲਈ ਅੱਜ ਸਬ-ਕਮੇਟੀ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ 20 ਫਰਵਰੀ 2027 ਨੂੰ ਆ ਰਹੇ ਭਗਤ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮਾਂ, ਸੈਮੀਨਾਰਾਂ, ਕੀਰਤਨ ਦਰਬਾਰਾਂ ਅਤੇ ਉਨ੍ਹਾਂ ਦੇ ਜਨਮ ਅਸਥਾਨ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਵਿਸਥਾਰ ਨਾਲ ਵਿਚਾਰ-ਚਰਚਾ ਕੀਤੀ ਗਈ।
ਮੀਟਿੰਗ ਤੋਂ ਬਾਅਦ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਗੁਰਬਾਣੀ ਸਬੰਧੀ 6 ਸੈਮੀਨਾਰ ਕਰਵਾਏ ਜਾਣਗੇ ਅਤੇ ਵੱਖ-ਵੱਖ ਅਸਥਾਨਾਂ ‘ਤੇ 8 ਕੀਰਤਨ ਦਰਬਾਰ ਸਜਾਏ ਜਾਣਗੇ। ਇਸਦੇ ਨਾਲ ਹੀ ਭਗਤ ਰਵਿਦਾਸ ਜੀ ਦੇ ਜਨਮ ਅਸਥਾਨ ਗੋਵਰਧਨਪੁਰ (ਵਾਰਾਣਸੀ) ਤੋਂ ਇੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਵੱਖ-ਵੱਖ ਸੂਬਿਆਂ ਰਾਹੀਂ ਹੁੰਦਾ ਹੋਇਆ ਪੰਜਾਬ ਪਹੁੰਚੇਗਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜੀਵਨ ਅਤੇ ਇਤਿਹਾਸ ਸਬੰਧੀ ਵੱਖ-ਵੱਖ ਭਾਸ਼ਾਵਾਂ ਵਿੱਚ ਕਿਤਾਬਚੇ ਵੀ ਪ੍ਰਕਾਸ਼ਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰਨ ਦੇ ਨਾਲ-ਨਾਲ ਮਹਾਂਪੁਰਖਾਂ ਅਤੇ ਭਾਈਚਾਰੇ ਨਾਲ ਤਾਲਮੇਲ ਬਣਾਉਣ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ‘ਤੇ ਆਧਾਰਿਤ ਸਬ-ਕਮੇਟੀਆਂ ਵੀ ਬਣਾਈਆਂ ਗਈਆਂ ਹਨ। ਇਹ ਕਮੇਟੀਆਂ ਵੱਖ-ਵੱਖ ਮਹਾਂਪੁਰਖਾਂ ਨਾਲ ਸੰਪਰਕ ਕਰਨਗੀਆਂ, ਜਿਸ ਤੋਂ ਬਾਅਦ 25 ਮਈ ਨੂੰ ਮੀਟਿੰਗ ਕਰਕੇ ਸਮਾਗਮਾਂ ਦੀ ਸਫ਼ਲਤਾ ਲਈ ਸੁਝਾਅ ਲਏ ਜਾਣਗੇ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਵੱਖ-ਵੱਖ ਪ੍ਰੀਖਿਆਵਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰ ਉਤਾਰੇ ਜਾਣ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਦੇ ਇਤਰਾਜ਼ ਮਗਰੋਂ ਨੈਸ਼ਨਲ ਟੈਸਟਿੰਗ ਏਜੰਸੀ ਵੱਲੋਂ ਅਜਿਹੀਆਂ ਘਟਨਾਵਾਂ ਲਈ ਮੁਆਫ਼ੀ ਮੰਗੀ ਗਈ ਹੈ ਅਤੇ ਭਵਿੱਖ ਵਿੱਚ ਅਜਿਹਾ ਨਾ ਹੋਵੇ, ਇਸ ਸਬੰਧੀ ਪੱਤਰ ਵੀ ਭੇਜਿਆ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ ਅਤੇ ਭਵਿੱਖ ਵਿੱਚ ਕਿਸੇ ਵੀ ਸਿੱਖ ਵਿਦਿਆਰਥੀ ਨਾਲ ਅਜਿਹਾ ਨਾ ਹੋਵੇ, ਇਸ ਲਈ ਸਬੰਧਤ ਏਜੰਸੀ ਨੂੰ ਪਬਲਿਕ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
ਬੇਅਦਬੀ ਮਾਮਲਿਆਂ ਸਬੰਧੀ ਬਣਾਏ ਗਏ ਕਾਨੂੰਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਹੱਕ ਵਿੱਚ ਰਹੀ ਹੈ, ਪਰ ਪਾਸ ਕੀਤੇ ਗਏ ਕਾਨੂੰਨ ਵਿੱਚ ਸ਼ਾਮਲ ਕੁਝ ਧਾਰਾਵਾਂ ਕਿਸੇ ਵੀ ਤਰ੍ਹਾਂ ਸਵੀਕਾਰ ਨਹੀਂ ਕੀਤੀਆਂ ਜਾ ਸਕਦੀਆਂ, ਕਿਉਂਕਿ ਇਹ ਸੰਗਤ ਨੂੰ ਗੁਰਬਾਣੀ ਤੋਂ ਦੂਰ ਕਰਨ ਵਾਲੀਆਂ ਹਨ। ਉਨ੍ਹਾਂ ਕਿਹਾ ਕਿ ਧਰਮ ਨਿਰਮਲਤਾ ਦਾ ਸੁਨੇਹਾ ਦਿੰਦਾ ਹੈ ਅਤੇ ਸਰਕਾਰ ਨੂੰ ਇਸਨੂੰ ਵਕਾਰ ਦਾ ਮਸਲਾ ਬਣਾਉਣ ਦੀ ਬਜਾਏ ਸੰਗਤਾਂ ਵੱਲੋਂ ਜਤਾਏ ਜਾ ਰਹੇ ਖ਼ਦਸ਼ਿਆਂ ਨੂੰ ਦੂਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਵੀ ਆਦੇਸ਼ ਦਿੱਤੇ ਜਾਣਗੇ, ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਪੂਰੀ ਪਾਲਣਾ ਕਰੇਗੀ।
ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਗੁਰਚਰਨ ਸਿੰਘ ਗਰੇਵਾਲ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਕੇਵਲ ਸਿੰਘ ਬਾਦਲ, ਬਾਬਾ ਬੂਟਾ ਸਿੰਘ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਪਾਲ ਸਿੰਘ ਜੱਲ੍ਹਾ, ਸ. ਅਵਤਾਰ ਸਿੰਘ ਰਿਆ, ਸ. ਗੁਰਨਾਮ ਸਿੰਘ ਜੱਸਲ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਗੁਰਮੀਤ ਸਿੰਘ ਮੁਕਤਸਰੀ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅਤੇ ਇੰਚਾਰਜ ਸ. ਰਾਜਵਿੰਦਰ ਸਿੰਘ ਜੋਗਾ ਸਮੇਤ ਹੋਰ ਹਾਜ਼ਰ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
