ਭੁੱਟੀਵਾਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਅੱਗ ਦੀ ਘਟਨਾ ਮਗਰੋਂ 9 ਪਾਵਨ ਸਰੂਪ ਗੋਇੰਦਵਾਲ ਸਾਹਿਬ ਲਈ ਰਵਾਨਾ

ਭੁੱਟੀਵਾਲਾ ਦੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ‘ਚ ਅੱਗ ਦੀ ਘਟਨਾ ਮਗਰੋਂ 9 ਪਾਵਨ ਸਰੂਪ ਗੋਇੰਦਵਾਲ ਸਾਹਿਬ ਲਈ ਰਵਾਨਾ

ਘਟਨਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪ ਅੱਗ ਦੀ ਭੇਟ ਚੜ੍ਹ ਗਏ ਸਨ, ਜਦਕਿ 4 ਹੋਰ ਸਰੂਪ ਅੱਗ ਬੁਝਾਉਣ ਸਮੇਂ ਪਾਣੀ ਕਾਰਨ ਪ੍ਰਭਾਵਿਤ ਹੋਏ। ਇਸ ਤੋਂ ਇਲਾਵਾ ਕਰੀਬ 22 ਗੁਟਕਾ ਸਾਹਿਬ ਅਤੇ ਸੈਂਚੀਆਂ ਨੂੰ ਵੀ ਨੁਕਸਾਨ ਪਹੁੰਚਿਆ।

ਸ੍ਰੀ ਮੁਕਤਸਰ ਸਾਹਿਬ

ਬਿਊਰੋ ਰਿਪੋਰਟ

ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿੱਚ ਬੀਤੀ ਸ਼ਾਮ ਵਾਪਰੀ ਅੱਗ ਦੀ ਘਟਨਾ ਤੋਂ ਬਾਅਦ ਨੁਕਸਾਨੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 9 ਪਾਵਨ ਸਰੂਪਾਂ ਨੂੰ ਅੱਜ ਪੂਰਨ ਮਰਿਆਦਾ ਅਤੇ ਧਾਰਮਿਕ ਰਸਮਾਂ ਅਨੁਸਾਰ ਅੰਤਿਮ ਸੰਸਕਾਰ ਲਈ ਗੋਇੰਦਵਾਲ ਸਾਹਿਬ ਭੇਜਿਆ ਗਿਆ।

ਘਟਨਾ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 5 ਪਾਵਨ ਸਰੂਪ ਅੱਗ ਦੀ ਭੇਟ ਚੜ੍ਹ ਗਏ ਸਨ, ਜਦਕਿ 4 ਹੋਰ ਸਰੂਪ ਅੱਗ ਬੁਝਾਉਣ ਸਮੇਂ ਪਾਣੀ ਕਾਰਨ ਪ੍ਰਭਾਵਿਤ ਹੋਏ। ਇਸ ਤੋਂ ਇਲਾਵਾ ਕਰੀਬ 22 ਗੁਟਕਾ ਸਾਹਿਬ ਅਤੇ ਸੈਂਚੀਆਂ ਨੂੰ ਵੀ ਨੁਕਸਾਨ ਪਹੁੰਚਿਆ।

ਘਟਨਾ ਦੀ ਸੂਚਨਾ ਮਿਲਣ ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਦੇਰ ਰਾਤ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕਾਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਪਾਵਨ ਸਰੂਪਾਂ ਨੂੰ ਪੂਰੀ ਮਰਿਆਦਾ ਨਾਲ ਗੋਇੰਦਵਾਲ ਸਾਹਿਬ ਭੇਜਿਆ ਜਾਵੇ।

ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵੱਲੋਂ ਅਰਦਾਸ ਕਰਨ ਤੋਂ ਬਾਅਦ ਵਿਸ਼ੇਸ਼ ਪਾਲਕੀ ਸਾਹਿਬ ਵਿੱਚ ਪਾਵਨ ਸਰੂਪਾਂ ਨੂੰ ਗੋਇੰਦਵਾਲ ਸਾਹਿਬ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਨਵਤੇਜ ਸਿੰਘ ਕਾਉਣੀ, ਮੈਨੇਜਰ ਨਿਰਮਲਜੀਤ ਸਿੰਘ, ਮੀਤ ਮੈਨੇਜਰ ਸੁਖਦੇਵ ਸਿੰਘ, ਹੋਰ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਰਹੀ।

ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਸੁੱਖ ਆਸਨ ਸੱਚਖੰਡ ਵਿੱਚ ਲੱਗੀ ਬਿਜਲੀ ਦੀ ਘੜੀ ਵਿੱਚ ਆਈ ਤਕਨੀਕੀ ਖ਼ਰਾਬੀ ਕਾਰਨ ਅੱਗ ਲੱਗੀ ਹੋ ਸਕਦੀ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੂਰੀ ਰਿਪੋਰਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਭੇਜੀ ਜਾਵੇਗੀ।

ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਗੁਰਦੁਆਰਿਆਂ ਵਿੱਚ ਲੱਗੇ ਬਿਜਲੀ ਉਪਕਰਨਾਂ ਦੀ ਨਿਯਮਿਤ ਜਾਂਚ ਕਰਵਾਈ ਜਾਵੇ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *