ਮਾਨ ਦੀ ਪਤਨੀ ਨੇ ਦੋ ਵੱਡੇ ਵਿਰੋਧੀ ਆਗੂਆਂ ਨੂੰ ਘੇਰਿਆ ਕਾਨੂੰਨੀ ਰਾਹੀਂ, ਮਾਮਲਾ ਪਹੁੰਚਿਆ ਨੋਟਿਸ ਤੱਕ
ਦੱਸਿਆ ਜਾ ਰਿਹਾ ਹੈ ਕਿ ਨੋਟਿਸ ਵਿੱਚ ਦੋਵਾਂ ਆਗੂਆਂ ਨੂੰ ਉਨ੍ਹਾਂ ਵੱਲੋਂ ਲਗਾਏ ਗਏ ਕਥਿਤ ਦੋਸ਼ਾਂ ਸਬੰਧੀ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਮੰਗ ਪੂਰੀ ਨਾ ਹੋਣ ਦੀ ਸੂਰਤ ਵਿੱਚ ਅਗਲੀ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਨੋਟਿਸ ਵਿੱਚ ਦੋਵਾਂ ਆਗੂਆਂ ਨੂੰ ਉਨ੍ਹਾਂ ਵੱਲੋਂ ਲਗਾਏ ਗਏ ਕਥਿਤ ਦੋਸ਼ਾਂ ਸਬੰਧੀ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਲਈ ਕਿਹਾ ਗਿਆ ਹੈ। ਮੰਗ ਪੂਰੀ ਨਾ ਹੋਣ ਦੀ ਸੂਰਤ ਵਿੱਚ ਅਗਲੀ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ।
ਇਹ ਸਾਰਾ ਵਿਵਾਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵੱਲੋਂ ਕੀਤੇ ਗਏ ਕਥਿਤ ਦਾਅਵਿਆਂ ਤੋਂ ਬਾਅਦ ਸ਼ੁਰੂ ਹੋਇਆ। ਇਨ੍ਹਾਂ ਦਾਅਵਿਆਂ ਵਿੱਚ ਡਾ. ਗੁਰਪ੍ਰੀਤ ਕੌਰ ਮਾਨ ’ਤੇ ਇੱਕ ਬਲਾਤਕਾਰ ਮਾਮਲੇ ਨੂੰ ਪ੍ਰਭਾਵਿਤ ਕਰਨ ਲਈ ਵੱਡੀ ਰਕਮ ਮੰਗਣ ਦੇ ਦੋਸ਼ ਲਗਾਏ ਗਏ ਸਨ। ਇਸ ਮਾਮਲੇ ਵਿੱਚ ਗੁਰ ਚਾਹਲ ਨੂੰ ਮੁੱਖ ਦੋਸ਼ੀ ਦੱਸੇ ਜਾਣ ਅਤੇ ਇੱਕ ਵਪਾਰੀ ਖ਼ਿਲਾਫ਼ ਕੇਸ ਰੱਦ ਹੋਣ ਦੀ ਗੱਲ ਵੀ ਸਾਹਮਣੇ ਆਈ ਸੀ।
ਵਿਵਾਦ ਨੇ ਉਸ ਸਮੇਂ ਹੋਰ ਤੂਲ ਫੜਿਆ ਜਦੋਂ 2 ਸਤੰਬਰ ਨੂੰ ਬਿਕਰਮ ਸਿੰਘ ਮਜੀਠੀਆ ਨੇ ਸੋਸ਼ਲ ਮੀਡੀਆ ’ਤੇ ਇੱਕ ਕਥਿਤ ਆਡੀਓ-ਵੀਡੀਓ ਕਲਿੱਪ ਜਾਰੀ ਕੀਤੀ। ਮਜੀਠੀਆ ਦਾ ਦਾਅਵਾ ਸੀ ਕਿ ਇਸ ਕਲਿੱਪ ਵਿੱਚ ਮਾਮਲੇ ਨਾਲ ਜੁੜੇ ਕਥਿਤ ਵਿਚੋਲਿਆਂ ਅਤੇ ਡਾ. ਗੁਰਪ੍ਰੀਤ ਕੌਰ ਮਾਨ ਦੇ ਇੱਕ ਰਿਸ਼ਤੇਦਾਰ ਵਿਚਕਾਰ ਪੈਸਿਆਂ ਦੇ ਲੈਣ-ਦੇਣ ਬਾਰੇ ਗੱਲਬਾਤ ਕੀਤੀ ਜਾ ਰਹੀ ਹੈ।
ਕਾਨੂੰਨੀ ਨੋਟਿਸ ਮਿਲਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਨੋਟਿਸ ਮਿਲਿਆ ਹੈ, ਪਰ ਉਹ ਇਸ ਦਾ ਜਵਾਬ ਦੇਣ ਦੀ ਬਜਾਏ ਆਪਣੇ ਸਟੈਂਡ ’ਤੇ ਕਾਇਮ ਰਹਿਣਗੇ।
ਖਹਿਰਾ ਨੇ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਖ਼ਿਲਾਫ਼ ਮਾਣਹਾਨੀ ਦਾ ਮਾਮਲਾ ਦਰਜ ਕਰਨਾ ਹੈ ਤਾਂ ਉਹ ਇਸ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਸਰਕਾਰ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਵਿਰੁੱਧ ਹੋਰ ਕੋਈ ਕਾਰਵਾਈ ਕਰਨੀ ਹੈ ਤਾਂ ਉਹ ਵੀ ਕੀਤੀ ਜਾ ਸਕਦੀ ਹੈ।
ਦੂਜੇ ਪਾਸੇ, ਕਾਨੂੰਨੀ ਨੋਟਿਸ ਤੋਂ ਬਾਅਦ ਮਾਮਲਾ ਸਿਆਸੀ ਤੌਰ ’ਤੇ ਵੀ ਭਖਦਾ ਦਿਖਾਈ ਦੇ ਰਿਹਾ ਹੈ। ਇੱਕ ਪਾਸੇ ਡਾ. ਗੁਰਪ੍ਰੀਤ ਕੌਰ ਮਾਨ ਨੇ ਕਥਿਤ ਦੋਸ਼ਾਂ ਨੂੰ ਲੈ ਕੇ ਕਾਨੂੰਨੀ ਰਾਹ ਅਖ਼ਤਿਆਰ ਕੀਤਾ ਹੈ, ਜਦਕਿ ਦੂਜੇ ਪਾਸੇ ਵਿਰੋਧੀ ਆਗੂ ਆਪਣੇ ਬਿਆਨਾਂ ਅਤੇ ਦਾਅਵਿਆਂ ਨੂੰ ਲੈ ਕੇ ਪਿੱਛੇ ਹਟਦੇ ਨਜ਼ਰ ਨਹੀਂ ਆ ਰਹੇ। ਹੁਣ ਇਸ ਮਾਮਲੇ ਵਿੱਚ ਅਗਲਾ ਕਦਮ ਕੀ ਹੁੰਦਾ ਹੈ, ਇਸ ’ਤੇ ਸਾਰਿਆਂ ਦੀ ਨਜ਼ਰ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/
