ਵਾਇਰਲ ਵੀਡੀਓ ਮਾਮਲੇ ‘ਚ CM ਮਾਨ ਦਾ ਪਲਟਵਾਰ, ਕਿਹਾ- ਸਿਆਸੀ ਸਾਜ਼ਿਸ਼ ਤਹਿਤ ਮੈਨੂੰ ਕੀਤਾ ਜਾ ਰਿਹਾ ਹੈ ਬਦਨਾਮ
ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਇੱਕ ਵੀਡੀਓ ਨੂੰ ਲੈ ਕੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੁਝ ਹੁਕਮਨਾਮੇ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਕਿ ਉਹ ਵੀਡੀਓ ਉਨ੍ਹਾਂ ਦੀ ਹੈ ਅਤੇ ਉਹ ਏਆਈ ਨਾਲ ਤਿਆਰ ਨਹੀਂ ਕੀਤੀ ਗਈ।

ਚੰਡੀਗੜ੍ਹ
ਬਿਊਰੋ ਰਿਪੋਰਟ
ਕਥਿਤ ਵਾਇਰਲ ਵੀਡੀਓ ਮਾਮਲੇ ਵਿੱਚ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਪੱਖ ਨਾਲ ਲੋਕਾਂ ਦੇ ਰੂ-ਬ-ਰੂ ਹੋਏ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਇੱਕ ਵੀਡੀਓ ਨੂੰ ਲੈ ਕੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੁਝ ਹੁਕਮਨਾਮੇ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਕਿ ਉਹ ਵੀਡੀਓ ਉਨ੍ਹਾਂ ਦੀ ਹੈ ਅਤੇ ਉਹ ਏਆਈ ਨਾਲ ਤਿਆਰ ਨਹੀਂ ਕੀਤੀ ਗਈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਇਆ ਗਿਆ ਸੀ, ਉਸ ਵੇਲੇ ਵੀ ਉਨ੍ਹਾਂ ਸਾਫ਼ ਸ਼ਬਦਾਂ ਵਿੱਚ ਕਿਹਾ ਸੀ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਨਾ ਤਾਂ ਉਸ ਵਿਅਕਤੀ ਦਾ ਕੱਦ-ਕਾਠ ਉਨ੍ਹਾਂ ਨਾਲ ਮਿਲਦਾ ਹੈ ਅਤੇ ਨਾ ਹੀ ਸਰੀਰਕ ਬਣਤਰ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਧਾਰਮਿਕ ਅਹੁਦਿਆਂ ‘ਤੇ ਬੈਠੇ ਲੋਕ ਸਿਆਸੀ ਆਕਾਵਾਂ ਦੇ ਪ੍ਰਭਾਵ ਹੇਠ ਇਸ ਤਰ੍ਹਾਂ ਦਾ ਪ੍ਰਚਾਰ ਕਰ ਰਹੇ ਹਨ।
‘ਮੇਰੀ ਛਵੀ ਖ਼ਰਾਬ ਕਰਨ ਲਈ ਚਲਾਈ ਜਾ ਰਹੀ ਹੈ ਮੁਹਿੰਮ’
ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਕਥਿਤ ਤੌਰ ‘ਤੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਪਾਣੀਆਂ, ਗੁਰੂ ਸਾਹਿਬ ਦੀ ਬਾਣੀ, ਕਿਸਾਨਾਂ ਅਤੇ ਸੂਬੇ ਦੀ ਨੌਜਵਾਨੀ ਦੀ ਰਾਖੀ ਲਈ ਲਗਾਤਾਰ ਫ਼ੈਸਲੇ ਲੈ ਰਹੇ ਹਨ, ਪਰ ਕੁਝ ਲੋਕਾਂ ਨੂੰ ਇਹ ਗੱਲ ਰਾਸ ਨਹੀਂ ਆ ਰਹੀ ਅਤੇ ਇਸੇ ਲਈ ਧਰਮ ਨੂੰ ਆਧਾਰ ਬਣਾ ਕੇ ਉਨ੍ਹਾਂ ਖ਼ਿਲਾਫ਼ ਮਾਹੌਲ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਲਈ ਸਰਵਉੱਚ ਹੈ ਅਤੇ ਉਹ ਹਮੇਸ਼ਾ ਉੱਥੇ ਸਿਰ ਨਿਵਾਉਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਬਾਰੇ ਸੋਚਣਾ ਵੀ ਸੰਭਵ ਨਹੀਂ, ਪਰ ਉੱਥੇ ਹੋਈਆਂ ਸਿਆਸੀ ਨਿਯੁਕਤੀਆਂ ਅਤੇ ਉਨ੍ਹਾਂ ਦੇ ਫ਼ੈਸਲਿਆਂ ਬਾਰੇ ਸਿੱਖ ਸੰਗਤ ਸਭ ਕੁਝ ਜਾਣਦੀ ਹੈ।
‘ਮੈਂ ਇਸ ਵੀਡੀਓ ਨੂੰ ਸਿਰੇ ਤੋਂ ਨਕਾਰਦਾ ਹਾਂ’
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੀਡੀਓ ਨੂੰ ਪੂਰੀ ਤਰ੍ਹਾਂ ਨਕਾਰਦੇ ਹਨ ਅਤੇ ਇਸ ਨੂੰ ਉਨ੍ਹਾਂ ਦੀ ਛਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕਰਾਰ ਦਿੰਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪ੍ਰਬੰਧਕੀ ਢਾਂਚੇ ਵਿੱਚ ਬੈਠੇ ਕੁਝ ਲੋਕ ਸਿਆਸੀ ਪ੍ਰਭਾਵ ਹੇਠ ਕੰਮ ਕਰ ਰਹੇ ਹਨ, ਜੋ ਕਿ ਠੀਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰੋਮ-ਰੋਮ ਵਿੱਚ ਪੰਜਾਬ ਵੱਸਦਾ ਹੈ ਅਤੇ ਉਹ ਦਿਨ-ਰਾਤ ਸੂਬੇ ਦੇ ਹਿੱਤਾਂ ਲਈ ਕੰਮ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਬੇਅਦਬੀ ਵਿਰੋਧੀ ਕਾਨੂੰਨ ਬਣਨ ਤੋਂ ਬਾਅਦ ਕੁਝ ਲੋਕਾਂ ਨੂੰ ਲੱਗਣ ਲੱਗਾ ਕਿ ਇਹ ਕਾਨੂੰਨ ਉਨ੍ਹਾਂ ਖ਼ਿਲਾਫ਼ ਵੀ ਵਰਤਿਆ ਜਾ ਸਕਦਾ ਹੈ, ਜਿਸ ਕਾਰਨ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।
2 ਦਸੰਬਰ ਦੇ ਘਟਨਾਕ੍ਰਮ ਦਾ ਵੀ ਕੀਤਾ ਜ਼ਿਕਰ
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਇਹੀ ਲੋਕ ਬੇਅਦਬੀ ਮਾਮਲਿਆਂ ਵਿੱਚ ਕਾਨੂੰਨ ਬਣਾਉਣ ਦੀ ਮੰਗ ਕਰਦੇ ਸਨ, ਪਰ ਜਦੋਂ ਕਾਨੂੰਨ ਲਿਆਂਦਾ ਗਿਆ ਤਾਂ ਉਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਸਮੇਂ ਦੇ ਨਾਲ ਫ਼ੈਸਲੇ ਬਦਲੇ ਜਾਂਦੇ ਰਹੇ ਹਨ ਅਤੇ ਸੰਗਤ ਇਸ ਸਾਰੀ ਸਥਿਤੀ ਨੂੰ ਚੰਗੀ ਤਰ੍ਹਾਂ ਸਮਝਦੀ ਹੈ।
ਉਨ੍ਹਾਂ ਨੇ 2 ਦਸੰਬਰ ਦੇ ਘਟਨਾਕ੍ਰਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸ ਸਮੇਂ ਕੁਝ ਲੋਕਾਂ ਨੇ ਕਈ ਗੱਲਾਂ ਸਵੀਕਾਰ ਕੀਤੀਆਂ ਸਨ, ਪਰ ਕੁਝ ਦਿਨਾਂ ਬਾਅਦ ਉਹ ਆਪਣੇ ਹੀ ਬਿਆਨਾਂ ਤੋਂ ਪਿੱਛੇ ਹਟ ਗਏ। ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਸਿਰਫ਼ ਉਨ੍ਹਾਂ ਖ਼ਿਲਾਫ਼ ਹੀ ਲਗਾਤਾਰ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਅੰਤ ਵਿੱਚ ਮੁੱਖ ਮੰਤਰੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕਥਿਤ ਕੂੜ ਪ੍ਰਚਾਰ ਤੋਂ ਪ੍ਰਭਾਵਿਤ ਨਾ ਹੋਣ। ਉਨ੍ਹਾਂ ਕਿਹਾ ਕਿ ਆਖ਼ਰੀ ਫ਼ੈਸਲਾ ਸੰਗਤ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤ ਵਿੱਚ ਫ਼ੈਸਲੇ ਲੈਂਦੇ ਰਹਿਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
