ਵਿਦਿਆਰਥਣਾਂ ਦੀ ਸ਼ਿਕਾਇਤ ਤੋਂ ਬਾਅਦ ਮੋਗਾ ਦੇ ਸਰਕਾਰੀ ਸਕੂਲ ਦਾ ਅਧਿਆਪਕ ਮੁਅੱਤਲ, ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ

ਵਿਦਿਆਰਥਣਾਂ ਦੀ ਸ਼ਿਕਾਇਤ ਤੋਂ ਬਾਅਦ ਮੋਗਾ ਦੇ ਸਰਕਾਰੀ ਸਕੂਲ ਦਾ ਅਧਿਆਪਕ ਮੁਅੱਤਲ, ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ

ਇਹ ਫ਼ੈਸਲਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਭੇਜੀ ਮੁੱਢਲੀ ਜਾਂਚ ਰਿਪੋਰਟ ਦੇ ਆਧਾਰ ‘ਤੇ ਲਿਆ ਗਿਆ ਹੈ।

ਚੰਡੀਗੜ੍ਹ

ਬਿਊਰੋ ਰਿਪੋਰਟ

ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਸਥਿਤ ਸਰਕਾਰੀ ਮਿਡਲ ਸਕੂਲ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਵੱਲੋਂ ਗਲਤ ਵਿਵਹਾਰ ਅਤੇ ਧਮਕੀਆਂ ਦੀ ਸ਼ਿਕਾਇਤ ਮਿਲਣ ਮਗਰੋਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਸਮਾਜਿਕ ਸਿੱਖਿਆ ਦੇ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਫ਼ੈਸਲਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਭੇਜੀ ਮੁੱਢਲੀ ਜਾਂਚ ਰਿਪੋਰਟ ਦੇ ਆਧਾਰ ‘ਤੇ ਲਿਆ ਗਿਆ ਹੈ।

ਸ਼ਿਕਾਇਤ ਕਰਨ ਵਾਲੀਆਂ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਦੋਸ਼ ਹੈ ਕਿ ਸੰਬੰਧਤ ਅਧਿਆਪਕ ਨੇ ਉਨ੍ਹਾਂ ਨਾਲ ਅਣਉਚਿਤ ਵਿਵਹਾਰ ਕੀਤਾ ਅਤੇ ਇਹ ਵੀ ਧਮਕੀ ਦਿੱਤੀ ਕਿ ਜੇਕਰ ਉਹ ਇਸ ਘਟਨਾ ਬਾਰੇ ਕਿਸੇ ਨੂੰ ਦੱਸਣਗੀਆਂ ਤਾਂ ਉਨ੍ਹਾਂ ਨੂੰ ਪ੍ਰੀਖਿਆ ਵਿੱਚ ਫੇਲ੍ਹ ਕਰ ਦਿੱਤਾ ਜਾਵੇਗਾ।

ਮਾਮਲੇ ਨੂੰ ਗੰਭੀਰ ਮੰਨਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਬੱਚੇ ਦੀ ਸੁਰੱਖਿਆ ਅਤੇ ਭਲਾਈ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ, “ਕਿਸੇ ਵੀ ਵਿਦਿਆਰਥੀ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਬੱਚਿਆਂ ਨੂੰ ਡਰਾਉਣ ਜਾਂ ਨੁਕਸਾਨ ਪਹੁੰਚਾਉਣ ਵਾਲੇ ਕਿਸੇ ਵੀ ਅਧਿਆਪਕ ਨੂੰ ਬਖ਼ਸ਼ੇਗੀ ਨਹੀਂ। ਮਾਮਲੇ ਦੀ ਸਮਾਂਬੱਧ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਜੇਕਰ ਦੋਸ਼ ਸਾਬਤ ਹੁੰਦੇ ਹਨ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਸਨਮਾਨਜਨਕ ਮਾਹੌਲ ਯਕੀਨੀ ਬਣਾਉਣ ਲਈ ਵਚਨਬੱਧ ਹੈ। ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜੀ ਹਰ ਸ਼ਿਕਾਇਤ ‘ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁਅੱਤਲੀ ਦੇ ਸਮੇਂ ਦੌਰਾਨ ਸੰਬੰਧਤ ਅਧਿਆਪਕ ਨੂੰ ਸੇਵਾ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਇਸ ਦੇ ਨਾਲ ਹੀ ਉਸ ਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਦਾ ਦਫ਼ਤਰ ਨਿਰਧਾਰਤ ਕੀਤਾ ਗਿਆ ਹੈ, ਜਿੱਥੇ ਉਸ ਨੂੰ ਅਗਲੇ ਹੁਕਮਾਂ ਤੱਕ ਰੋਜ਼ਾਨਾ ਹਾਜ਼ਰੀ ਲਗਾਉਣੀ ਲਾਜ਼ਮੀ ਹੋਵੇਗੀ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *