ਵਿਧਾਨ ਸਭਾ ‘ਚ CM ਵੱਲੋਂ ਵਿਸ਼ਵਾਸ ਮਤਾ ਪੇਸ਼; ਬਾਜਵਾ ਦੀ ਡੋਪ ਟੈਸਟ ਮੰਗ ‘ਤੇ ਹੰਗਾਮਾ, ਸਪੀਕਰ ਨੇ ਕੀਤਾ ਖਾਰਜ
ਉਨ੍ਹਾਂ ਦਾਅਵਾ ਕੀਤਾ ਕਿ ਇਹ ਸਭ ਅਫਵਾਹਾਂ ਸਿਰਫ਼ ਜਨਤਾ ਨੂੰ ਗੁੰਮਰਾਹ ਕਰਨ ਲਈ ਫੈਲਾਈਆਂ ਜਾ ਰਹੀਆਂ ਹਨ ਅਤੇ ਸਰਕਾਰ ਪੂਰੀ ਤਰ੍ਹਾਂ ਮਜ਼ਬੂਤ ਤੇ ਇਕਜੁੱਟ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਪੇਸ਼ ਕੀਤਾ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਕਿਹਾ ਕਿ ਅੱਜਕੱਲ੍ਹ ਅਫਵਾਹਾਂ ਦਾ ਮਾਹੌਲ ਬਣਾਇਆ ਜਾ ਰਿਹਾ ਹੈ ਅਤੇ ਨਕਾਰਾਤਮਕ ਖ਼ਬਰਾਂ ਨੂੰ ਜ਼ੋਰਸ਼ੋਰ ਨਾਲ ਫੈਲਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਗਲਤਫਹਿਮੀ ਪੈਦਾ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਵੀ ਗੱਲਾਂ ਚੱਲ ਰਹੀਆਂ ਹਨ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਟੁੱਟ ਸਕਦੇ ਹਨ ਜਾਂ ਪਾਰਟੀ ਛੱਡ ਸਕਦੇ ਹਨ, ਪਰ ਇਹ ਸਾਰੀਆਂ ਚਰਚਾਵਾਂ ਬਿਲਕੁਲ ਬੇਅਸਾਸ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਸਭ ਅਫਵਾਹਾਂ ਸਿਰਫ਼ ਜਨਤਾ ਨੂੰ ਗੁੰਮਰਾਹ ਕਰਨ ਲਈ ਫੈਲਾਈਆਂ ਜਾ ਰਹੀਆਂ ਹਨ ਅਤੇ ਸਰਕਾਰ ਪੂਰੀ ਤਰ੍ਹਾਂ ਮਜ਼ਬੂਤ ਤੇ ਇਕਜੁੱਟ ਹੈ।
ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਮੁੱਖ ਮੰਤਰੀ ਸਮੇਤ ਸਾਰੇ ਵਿਧਾਇਕਾਂ ਦਾ ਡੋਪ ਟੈਸਟ ਕਰਵਾਉਣ ਦੀ ਮੰਗ ਕਰਦਿਆਂ ਸਪੀਕਰ ਨੂੰ ਪੱਤਰ ਦੇਣ ਨਾਲ ਸਦਨ ਵਿੱਚ ਤਣਾਅਪੂਰਨ ਮਾਹੌਲ ਬਣ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਸ ਮੰਗ ਨੂੰ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਕਾਂਗਰਸ ਦੇ ਕੁਝ ਵਿਧਾਇਕਾਂ ਵੱਲੋਂ ਸਦਨ ਵਿੱਚ ਮੋਬਾਈਲ ਫੋਨ ਦੀ ਵਰਤੋਂ ਕਰਨ ‘ਤੇ ਵੀ ਟਿੱਪਣੀ ਕੀਤੀ ਸੀ, ਜਿਸ ਨਾਲ ਮਾਹੌਲ ਹੋਰ ਤਪ ਗਿਆ।
ਹੰਗਾਮਾ ਉਸ ਵੇਲੇ ਹੋਰ ਵੀ ਤੇਜ਼ ਹੋ ਗਿਆ ਜਦੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੇ ਬੈਠਣ ਦੇ ਢੰਗ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਖਹਿਰਾ ਲੱਤ ਉੱਤੇ ਲੱਤ ਰੱਖ ਕੇ ਬੈਠੇ ਹਨ, ਜਿਸ ‘ਤੇ ਸਪੀਕਰ ਨੇ ਵੀ ਉਨ੍ਹਾਂ ਨੂੰ ਅਜਿਹਾ ਨਾ ਕਰਨ ਲਈ ਕਿਹਾ।
ਇਸ ਤੋਂ ਬਾਅਦ ਦੋਵਾਂ ਪਾਸਿਆਂ ਵਿਚਕਾਰ ਤਿੱਖੀ ਬਹਿਸ ਹੋਈ। ਖਹਿਰਾ ਵੱਲੋਂ ਮੁੱਖ ਮੰਤਰੀ ਉੱਤੇ ਲਗਾਏ ਗਏ ਇਤਰਾਜ਼ਯੋਗ ਦੋਸ਼ਾਂ ਨਾਲ ਮਾਮਲਾ ਹੋਰ ਭੜਕ ਗਿਆ। ਆਖ਼ਿਰਕਾਰ ਕਾਂਗਰਸੀ ਵਿਧਾਇਕਾਂ ਨੇ ਸਦਨ ਵਿੱਚ ਨਾਅਰੇਬਾਜ਼ੀ ਕਰਦਿਆਂ ਵਾਕਆਊਟ ਕਰ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
