‘ਸਤਲੁਜ’ ਫਿਲਮ ਦੀ ਰਿਲੀਜ਼ ‘ਤੇ ਜਲਦ ਹੋ ਸਕਦਾ ਹੈ ਵੱਡਾ ਫੈਸਲਾ, ਕੇਂਦਰ ਨੇ ਬਣਾਈ ਰਿਵਿਊ ਕਮੇਟੀ
ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਇੱਕ ਰਿਵਿਊ ਕਮੇਟੀ ਦਾ ਗਠਨ ਕੀਤਾ ਹੈ, ਜੋ ਫਿਲਮ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਤੈਅ ਕਰੇਗੀ ਕਿ ਇਸ ਨੂੰ ਮੁੜ ਰਿਲੀਜ਼ ਕੀਤਾ ਜਾਵੇਗਾ ਜਾਂ ਨਹੀਂ ਅਤੇ ਕਿਸ ਤਰੀਕੇ ਨਾਲ ਕੀਤਾ ਜਾ ਸਕਦਾ ਹੈ।

ਚੰਡੀਗੜ੍ਹ
ਬਿਊਰੋ ਰਿਪੋਰਟ
ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫਿਲਮ ‘ਸਤਲੁਜ’ ਨੂੰ ਓਟੀਟੀ ਪਲੇਟਫਾਰਮ ਤੋਂ ਰਿਲੀਜ਼ ਹੋਣ ਦੇ ਦੋ ਦਿਨ ਬਾਅਦ ਹੀ ਹਟਾ ਦਿੱਤਾ ਗਿਆ ਸੀ। ਇਸ ਫੈਸਲੇ ਤੋਂ ਬਾਅਦ ਕਾਫ਼ੀ ਵਿਵਾਦ ਅਤੇ ਆਲੋਚਨਾ ਸਾਹਮਣੇ ਆਈ। ਹੁਣ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੇ ਇੱਕ ਰਿਵਿਊ ਕਮੇਟੀ ਦਾ ਗਠਨ ਕੀਤਾ ਹੈ, ਜੋ ਫਿਲਮ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਤੈਅ ਕਰੇਗੀ ਕਿ ਇਸ ਨੂੰ ਮੁੜ ਰਿਲੀਜ਼ ਕੀਤਾ ਜਾਵੇਗਾ ਜਾਂ ਨਹੀਂ ਅਤੇ ਕਿਸ ਤਰੀਕੇ ਨਾਲ ਕੀਤਾ ਜਾ ਸਕਦਾ ਹੈ।
ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਆਰ.ਪੀ. ਸਿੰਘ ਨੇ ਕਿਹਾ ਕਿ ‘ਸਤਲੁਜ’ ਨੂੰ ਕੇਂਦਰੀ ਫਿਲਮ ਪ੍ਰਮਾਣਨ ਬੋਰਡ (ਸੀਬੀਐਫਸੀ) ਤੋਂ ਮਨਜ਼ੂਰੀ ਨਹੀਂ ਮਿਲੀ ਸੀ, ਇਸ ਦੇ ਬਾਵਜੂਦ ਇਸ ਨੂੰ ਓਟੀਟੀ ਪਲੇਟਫਾਰਮ ‘ਤੇ ਰਿਲੀਜ਼ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸੇ ਕਾਰਨ ਸਰਕਾਰ ਨੂੰ ਦਖ਼ਲ ਦੇਣਾ ਪਿਆ। ਉਨ੍ਹਾਂ ਦੇ ਅਨੁਸਾਰ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੱਲੋਂ ਫਿਲਮ ਸਬੰਧੀ ਫੈਸਲੇ ਦੀ ਸਮੀਖਿਆ ਦੀ ਮੰਗ ਕੀਤੀ ਗਈ ਸੀ, ਜਿਸ ਤੋਂ ਬਾਅਦ ਕੇਂਦਰ ਨੇ ਰਿਵਿਊ ਕਮੇਟੀ ਬਣਾਉਣ ਦਾ ਫੈਸਲਾ ਲਿਆ।

ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਇਹ ਫਿਲਮ ‘ਪੰਜਾਬ 95’ ਭਾਰਤ ਵਿੱਚ ‘ਸਤਲੁਜ’ ਨਾਮ ਨਾਲ 3 ਜੁਲਾਈ ਨੂੰ ਓਟੀਟੀ ‘ਤੇ ਰਿਲੀਜ਼ ਹੋਈ ਸੀ। ਹਾਲਾਂਕਿ ਰਿਲੀਜ਼ ਤੋਂ ਦੋ ਦਿਨ ਬਾਅਦ ਹੀ ਇਸ ਨੂੰ ਪਲੇਟਫਾਰਮ ਤੋਂ ਹਟਾ ਦਿੱਤਾ ਗਿਆ। ਫਿਲਮ ਬਿਨਾਂ ਕਿਸੇ ਕੱਟ ਦੇ ਸਟ੍ਰੀਮ ਕੀਤੀ ਗਈ ਸੀ, ਪਰ ਐਤਵਾਰ ਸ਼ਾਮ ਤੱਕ ਇਹ ਭਾਰਤ ਵਿੱਚ ਉਪਲਬਧ ਨਹੀਂ ਰਹੀ।
ਫਿਲਮ ਹਟਾਏ ਜਾਣ ਤੋਂ ਬਾਅਦ ਓਟੀਟੀ ਪਲੇਟਫਾਰਮ ਨੇ ਆਪਣੇ ਅਧਿਕਾਰਤ ਬਿਆਨ ਵਿੱਚ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ‘ਸਤਲੁਜ’ ਨੂੰ ਭਾਰਤ ਵਿੱਚ ਅਗਲੇ ਨੋਟਿਸ ਤੱਕ ਉਪਲਬਧ ਨਹੀਂ ਕਰਵਾਇਆ ਜਾਵੇਗਾ। ਨਾਲ ਹੀ ਇਹ ਵੀ ਕਿਹਾ ਗਿਆ ਕਿ ਫਿਲਮ ਨੂੰ ਮੁੜ ਦਰਸ਼ਕਾਂ ਤੱਕ ਪਹੁੰਚਾਉਣ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ।
ਤਿੰਨ ਸਾਲ ਤੋਂ ਵੱਧ ਸਮੇਂ ਤੱਕ ਵਿਵਾਦਾਂ ਵਿੱਚ ਘਿਰੀ ਰਹੀ ਫਿਲਮ
ਦਿਲਜੀਤ ਦੋਸਾਂਝ ਨੇ ਇਸ ਫਿਲਮ ਵਿੱਚ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਕਿਰਦਾਰ ਨਿਭਾਇਆ ਹੈ। ਇਹ ਫਿਲਮ ਉਨ੍ਹਾਂ ਦੇ ਜੀਵਨ, ਸੰਘਰਸ਼ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਕੀਤੇ ਯੋਗਦਾਨ ‘ਤੇ ਆਧਾਰਿਤ ਹੈ। ਸੈਂਸਰ ਬੋਰਡ ਤੋਂ ਮਨਜ਼ੂਰੀ ਨਾ ਮਿਲਣ ਅਤੇ ਹੋਰ ਵਿਵਾਦਾਂ ਕਾਰਨ ਇਹ ਫਿਲਮ ਤਿੰਨ ਸਾਲ ਤੋਂ ਵੱਧ ਸਮੇਂ ਤੱਕ ਰਿਲੀਜ਼ ਦੀ ਉਡੀਕ ਕਰਦੀ ਰਹੀ। ਰਿਲੀਜ਼ ਤੋਂ ਬਾਅਦ ਇਸ ਨੂੰ ਹਟਾਏ ਜਾਣ ਨਾਲ ਇਹ ਮੁੜ ਚਰਚਾ ਦਾ ਵਿਸ਼ਾ ਬਣ ਗਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
