ਸ਼ੰਭੂ ਬਾਰਡਰ ‘ਤੇ ਬਣੀ ਸਹਿਮਤੀ: ਗ੍ਰਿਫ਼ਤਾਰ ਕਿਸਾਨ ਹੋਣਗੇ ਰਿਹਾਅ, ਹਰਿਆਣਾ ਸਰਕਾਰ ਨਾਲ ਗੱਲਬਾਤ ਅੱਗੇ ਵਧੀ
ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ਸਬੰਧੀ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਹਰਿਆਣਾ ਦੇ ਖੇਤੀਬਾੜੀ ਮੰਤਰੀ ਅਤੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਦੇ ਸ਼ੰਭੂ ਬਾਰਡਰ ਪਹੁੰਚਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।

ਘਨੌਰ
ਬਿਊਰੋ ਰਿਪੋਰਟ
ਦਿੱਲੀ ਦੇ ਕਿਸਾਨ ਘਾਟ ਵੱਲ ਜਾਣ ਲਈ ਸ਼ੰਭੂ ਬਾਰਡਰ ‘ਤੇ ਰੁਕੇ ਕਿਸਾਨਾਂ ਅਤੇ ਹਰਿਆਣਾ ਪੁਲਿਸ ਵਿਚਾਲੇ ਹੋਈ ਅਹਿਮ ਗੱਲਬਾਤ ਤੋਂ ਬਾਅਦ ਇੱਕ ਵੱਡੀ ਸਹਿਮਤੀ ਬਣੀ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਜਾਣਕਾਰੀ ਦਿੱਤੀ ਕਿ ਹਰਿਆਣਾ ਪੁਲਿਸ ਨੇ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਰਿਹਾਅ ਕਰਨ ਲਈ ਸਹਿਮਤੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ਸਬੰਧੀ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਹਰਿਆਣਾ ਦੇ ਖੇਤੀਬਾੜੀ ਮੰਤਰੀ ਅਤੇ ਅੰਬਾਲਾ ਦੇ ਡਿਪਟੀ ਕਮਿਸ਼ਨਰ ਦੇ ਸ਼ੰਭੂ ਬਾਰਡਰ ਪਹੁੰਚਣ ਦੀ ਵੀ ਜਾਣਕਾਰੀ ਸਾਹਮਣੇ ਆਈ ਹੈ।
ਜਾਣੋ ਸਹਿਮਤੀ ਤੋਂ ਪਹਿਲਾਂ ਕੀ ਹੋਇਆ
ਹਰਿਆਣਾ ਪੁਲਿਸ ਨਾਲ ਗੱਲਬਾਤ ਕਰਨ ਲਈ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਤੇਜਵੀਰ ਸਿੰਘ ਪੰਜੋਖਰਾ, ਦਿਲਬਾਗ ਸਿੰਘ ਗਿੱਲ ਅਤੇ ਹੋਰ ਪ੍ਰਮੁੱਖ ਆਗੂਆਂ ਦਾ ਵਫ਼ਦ ਸ਼ੰਭੂ ਬਾਰਡਰ ਪਹੁੰਚਿਆ। ਉਨ੍ਹਾਂ ਨੇ ਹਰਿਆਣਾ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਦਿੱਲੀ ਜਾਣ ਦੀ ਇਜਾਜ਼ਤ ਅਤੇ ਬਾਰਡਰ ਖੋਲ੍ਹਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ।
ਇਸ ਤੋਂ ਪਹਿਲਾਂ ਹਰਿਆਣਾ ਪੁਲਿਸ ਨੇ ਸ਼ੰਭੂ ਬਾਰਡਰ ‘ਤੇ ਧਾਰਾ 163 ਲਾਗੂ ਕਰਦਿਆਂ ਕਿਸਾਨਾਂ ਨੂੰ ਬੈਰੀਕੇਡਾਂ ਤੋਂ 100 ਮੀਟਰ ਦੂਰ ਰਹਿਣ ਦੀ ਚਿਤਾਵਨੀ ਦਿੱਤੀ ਸੀ।
ਬਾਰਡਰ ਸੀਲ, ਆਵਾਜਾਈ ਰਹੀ ਠੱਪ
ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ਵਿੱਚ ਦਿੱਲੀ ਦੇ ਕਿਸਾਨ ਘਾਟ ਵਿਖੇ ਦੇਸ਼ ਭਰ ਦੇ ਕਿਸਾਨਾਂ ਨੂੰ ਇਕੱਠੇ ਹੋਣ ਦੇ ਸੱਦੇ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਨੂੰ ਜੋੜਨ ਵਾਲਾ ਸ਼ੰਭੂ ਬਾਰਡਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ। ਬੀਤੀ ਰਾਤ ਤੋਂ ਹੀ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਸਨ ਅਤੇ ਸਵੇਰੇ ਕਰੀਬ 5:30 ਵਜੇ ਹਰਿਆਣਾ ਪੁਲਿਸ ਨੇ ਬੈਰੀਕੇਡ ਲਗਾ ਕੇ ਦੋਵੇਂ ਪਾਸਿਆਂ ਦੀ ਆਵਾਜਾਈ ਰੋਕ ਦਿੱਤੀ, ਜਿਸ ਕਾਰਨ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ।
ਸ਼ਾਂਤਮਈ ਅੰਦੋਲਨ ਦੀ ਗੱਲ, ਕਾਫ਼ਲੇ ਦਿੱਲੀ ਵੱਲ ਰਵਾਨਾ
ਚਾਰ ਘੰਟਿਆਂ ਦੇ ਧਰਨੇ ਦੇ ਐਲਾਨ ਤਹਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਸ਼ੰਭੂ ਬਾਰਡਰ ‘ਤੇ ਇਕੱਠੇ ਹੋਣੇ ਸ਼ੁਰੂ ਹੋ ਗਏ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਦਿੱਲੀ ਜਾਣਾ ਚਾਹੁੰਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਟਕਰਾਅ ਦੇ ਹੱਕ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਨਾ ਕੇਂਦਰ ਸਰਕਾਰ ਅਤੇ ਨਾ ਹੀ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਸਬੰਧੀ ਕੋਈ ਅਧਿਕਾਰਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਉੱਧਰ, ਬੀਤੇ ਦਿਨ ਹਰਿਆਣਾ ਪੁਲਿਸ ਵੱਲੋਂ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ। ਇਸ ਦੇ ਬਾਵਜੂਦ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਸਵੇਰੇ ਹੀ ਕਾਫ਼ਲਿਆਂ ਦੇ ਰੂਪ ਵਿੱਚ ਦਿੱਲੀ ਵੱਲ ਰਵਾਨਾ ਹੋ ਗਏ ਅਤੇ ਉਨ੍ਹਾਂ ਦਾ ਕੂਚ ਲਗਾਤਾਰ ਜਾਰੀ ਰਿਹਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
