ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਘਰ ਈਡੀ ਦੀ ਛਾਪੇਮਾਰੀ; 11 ਥਾਵਾਂ ’ਤੇ ਇਕੱਠੇ ਰੇਡਾਂ
ਡੀਆਈਜੀ ਭੁੱਲਰ ਨੂੰ ਪਿਛਲੇ ਸਾਲ 8 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਉਸਦੇ ਅਹਾਤੇ ’ਤੇ ਕੀਤੀ ਤਲਾਸ਼ੀ ਦੌਰਾਨ ਕਰੀਬ 7 ਕਰੋੜ ਰੁਪਏ ਦੀ ਬਰਾਮਦਗੀ ਹੋਈ ਸੀ।

ਚੰਡੀਗੜ੍ਹ
ਬਿਊਰੋ ਰਿਪੋਰਟ
ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਰਿਸ਼ਵਤਖੋਰੀ ਦੇ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸੰਬੰਧਿਤ 11 ਥਾਵਾਂ ’ਤੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਇਹ ਕਾਰਵਾਈ ਸੋਮਵਾਰ ਸਵੇਰੇ ਸ਼ੁਰੂ ਕੀਤੀ ਗਈ।
ਮਿਲੀ ਜਾਣਕਾਰੀ ਅਨੁਸਾਰ ਈਡੀ ਦੀਆਂ ਟੀਮਾਂ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਨਾਭਾ ਅਤੇ ਜਲੰਧਰ ਵਿੱਚ ਵੱਖ-ਵੱਖ 11 ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ਇਹ ਸਾਰੇ ਥਾਂ ਭੁੱਲਰ, ਉਸਦੇ ਕਰੀਬੀਆਂ ਅਤੇ ਸ਼ੱਕੀ ਬੇਨਾਮੀ ਵਿਅਕਤੀਆਂ ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ। ਡੀਆਈਜੀ ਭੁੱਲਰ ਨੂੰ ਪਿਛਲੇ ਸਾਲ 8 ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ਵਿੱਚ ਉਸਦੇ ਅਹਾਤੇ ’ਤੇ ਕੀਤੀ ਤਲਾਸ਼ੀ ਦੌਰਾਨ ਕਰੀਬ 7 ਕਰੋੜ ਰੁਪਏ ਦੀ ਬਰਾਮਦਗੀ ਹੋਈ ਸੀ।
ਇਸ ਤੋਂ ਇਲਾਵਾ ਪਟਿਆਲਾ ਵਿੱਚ ਮਸ਼ਹੂਰ ਪ੍ਰਾਪਰਟੀ ਡੀਲਰ ਬੀਐਚ ਪ੍ਰਾਪਰਟੀ ਦੇ ਦਫ਼ਤਰ ’ਤੇ ਵੀ ਈਡੀ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਵੀ ਈਡੀ ਦੀ ਟੀਮ ਇਸ ਸਥਾਨ ’ਤੇ ਕਾਰਵਾਈ ਕਰ ਚੁੱਕੀ ਹੈ। ਇਹ ਸਾਰੀ ਛਾਪੇਮਾਰੀ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਾਮਲੇ ਦੇ ਤਹਿਤ ਕੀਤੀ ਜਾ ਰਹੀ ਹੈ।
