ਸਿੱਖ ਮੰਤਰੀ ਤੇ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਏ ਪੇਸ਼, ਜਥੇਦਾਰ ਗੜਗੱਜ ਨੇ ਦਿੱਤੀ ਏਕਤਾ ਅਤੇ ਮਰਿਆਦਾ ਦੀ ਸਿੱਖਿਆ
ਇਸ ਮਾਮਲੇ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ 29 ਜੂਨ ਨੂੰ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੇ ਹੁਕਮ ਜਾਰੀ ਕੀਤੇ ਗਏ ਸਨ।

ਸ੍ਰੀ ਅਮ੍ਰਿਤਸਰ ਸਾਹਿਬ
ਬਿਊਰੋ ਰਿਪੋਰਟ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਠਾਏ ਗਏ ਕੁਝ ਨੁਕਤਿਆਂ ਸਬੰਧੀ ਮਤਭੇਦ ਸਾਹਮਣੇ ਆਏ ਸਨ। ਇਸ ਮਾਮਲੇ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ 29 ਜੂਨ ਨੂੰ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਦੇ ਨਾਲ ਹੀ ਗੈਰ-ਸਿੱਖ ਵਿਧਾਇਕਾਂ ਨੂੰ ਲਿਖਤੀ ਰੂਪ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਕਿਹਾ ਗਿਆ ਸੀ।
ਇਸ ਸੱਦੇ ਤੋਂ ਬਾਅਦ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸਿੱਖ ਮੰਤਰੀ ਅਤੇ ਵਿਧਾਇਕਾਂ ਸਮੇਤ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਿਆਸੀ ਪਾਰਟੀਆਂ ਨਾਲ ਸਬੰਧਤ ਸਿੱਖ ਵਿਧਾਇਕ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪਹੁੰਚੇ। ਪੰਜ ਸਿੰਘ ਸਾਹਿਬਾਨਾਂ ਦੀ ਹਜ਼ੂਰੀ ਵਿੱਚ ਸਾਰੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੇ ਆਪਣੀ ਹਾਜ਼ਰੀ ਭਰੀ। ਇਸ ਮੌਕੇ ਪੰਜ ਸਿੰਘ ਸਾਹਿਬਾਨਾਂ ਦੇ ਪਿੱਛੇ ਲੱਗੀ ਤਸਵੀਰ ‘ਤੇ “ਅਕਾਲ ਤਖ਼ਤ ਮਹਾਨ ਹੈ, ਸਿੱਖ ਪੰਥ ਦੀ ਸ਼ਾਨ ਹੈ” ਲਿਖਿਆ ਹੋਇਆ ਸੀ, ਜੋ ਪੂਰੇ ਸਮਾਗਮ ਦੌਰਾਨ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਬਣਿਆ ਰਿਹਾ।
ਸਾਰੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਦੀ ਪੇਸ਼ੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਨੇ ਗੁਰਬਾਣੀ ਦੇ ਪਾਵਨ ਸ਼ਬਦਾਂ ਦਾ ਉਚਾਰਨ ਕੀਤਾ ਅਤੇ ਹਾਜ਼ਰ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਸਿਮਰਨ ਕਰਵਾਇਆ। ਸਿਮਰਨ ਤੋਂ ਬਾਅਦ ਕਾਰਵਾਈ ਦੀ ਸ਼ੁਰੂਆਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਹਮੇਸ਼ਾ ਨਿਰਭਉ ਅਤੇ ਨਿਰਵੈਰ ਦੇ ਸਿਧਾਂਤਾਂ ਅਨੁਸਾਰ ਪੰਥ ਦੀ ਅਗਵਾਈ ਕਰਦਾ ਆਇਆ ਹੈ।
ਆਪਣੇ ਸੰਬੋਧਨ ਦੌਰਾਨ ਜਥੇਦਾਰ ਗੜਗੱਜ ਨੇ ਕਿਹਾ ਕਿ ਅਸੀਂ ਸਾਰੇ ਗੁਰੂ ਦੇ ਭਾਈ ਅਤੇ ਭੈਣਾਂ ਹਾਂ। ਭਾਵੇਂ ਅਸੀਂ ਪੰਜਾਬ ਦੇ ਵੱਖ-ਵੱਖ ਖੇਤਰਾਂ ਜਾਂ ਦੁਨੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਰਹਿੰਦੇ ਹਾਂ, ਪਰ ਗੁਰੂ ਸਾਹਿਬ ਨੇ ਸਾਨੂੰ ਇੱਕ ਸਾਂਝੇ ਪਰਿਵਾਰ ਵਜੋਂ ਜੋੜਿਆ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਅਸਲ ਵਾਸਾ ਸ੍ਰੀ ਅਨੰਦਪੁਰ ਸਾਹਿਬ ਨਾਲ ਜੁੜਿਆ ਹੋਇਆ ਹੈ ਅਤੇ ਸਾਡਾ ਜਨਮ ਸ੍ਰੀ ਕੇਸਗੜ੍ਹ ਸਾਹਿਬ ਨਾਲ ਸਬੰਧਤ ਮੰਨਿਆ ਜਾਂਦਾ ਹੈ। ਇਸ ਲਈ ਸਾਰਿਆਂ ਨੂੰ ਆਪਸੀ ਏਕਤਾ, ਭਾਈਚਾਰੇ ਅਤੇ ਸਤਿਕਾਰ ਦੀ ਭਾਵਨਾ ਨਾਲ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਆਪਣੀ ਸ਼ਬਦਾਵਲੀ ਮਰਿਆਦਿਤ ਰੱਖਣ ਅਤੇ ਬੋਲਣ ਤੋਂ ਪਹਿਲਾਂ ਆਪਣੇ ਸ਼ਬਦਾਂ ਦੀ ਚੋਣ ਸੋਚ-ਸਮਝ ਕੇ ਕਰਨ ਦੀ ਨਸੀਹਤ ਵੀ ਦਿੱਤੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
