ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬੇਅਦਬੀ ਕਾਨੂੰਨ ‘ਚ ਸੋਧ ਲਈ ਸਰਕਾਰ ਨੂੰ ਦਿੱਤੀ ਇੱਕ ਮਹੀਨੇ ਦੀ ਮੋਹਲਤ, ਸਿੱਖ ਵਿਧਾਇਕਾਂ ਨੇ ਭਰੀ ਹਾਮੀ
ਸੁਣਵਾਈ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ।

ਸ੍ਰੀ ਅਮ੍ਰਿਤਸਰ ਸਾਹਿਬ
ਬਿਊਰੋ ਰਿਪੋਰਟ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਮੱਦੇਨਜ਼ਰ ਅੱਜ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਸੱਦਿਆ ਗਿਆ। ਇਸ ਦੌਰਾਨ ਐਕਟ ਨਾਲ ਜੁੜੇ ਵੱਖ-ਵੱਖ ਮੁੱਦਿਆਂ ‘ਤੇ ਉਨ੍ਹਾਂ ਤੋਂ ਸਪੱਸ਼ਟੀਕਰਨ ਲਿਆ ਗਿਆ। ਸੁਣਵਾਈ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਸਿੱਖ ਭਾਵਨਾਵਾਂ ਅਨੁਸਾਰ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਿਆਦ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਕਾਨੂੰਨ ਵਿੱਚ ਜ਼ਰੂਰੀ ਸੋਧਾਂ ਨੂੰ ਮਨਜ਼ੂਰੀ ਦਿੱਤੀ ਜਾਵੇ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਇਸ ਇਕੱਤਰਤਾ ਦੌਰਾਨ ਹਾਜ਼ਰ ਸਾਰੇ ਸਿੱਖ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਵੀ ਸਿੱਖ ਭਾਵਨਾਵਾਂ ਦੇ ਅਨੁਸਾਰ ਐਕਟ ਵਿੱਚ ਹੋਰ ਸੋਧਾਂ ਕਰਨ ਲਈ ਆਪਣੀ ਸਹਿਮਤੀ ਜਤਾਈ। ਪੰਜ ਜੈਕਾਰਿਆਂ ਤੋਂ ਬਾਅਦ ਮੌਜੂਦ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੇ ਹੱਥ ਖੜ੍ਹੇ ਕਰਕੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਅਤੇ ਕਾਨੂੰਨ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਲਈ ਸਹਿਮਤੀ ਦਿੱਤੀ।
ਅਰਦਾਸ, ਗੁਰਬਾਣੀ ਅਤੇ ਸਿਮਰਨ ਨਾਲ ਸ਼ੁਰੂ ਹੋਈ ਕਾਰਵਾਈ
ਸਾਰੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਦੀ ਪੇਸ਼ੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਇਸ ਉਪਰੰਤ ਉਨ੍ਹਾਂ ਨੇ ਗੁਰਬਾਣੀ ਦੇ ਪਾਵਨ ਸ਼ਬਦਾਂ ਦਾ ਉਚਾਰਨ ਕੀਤਾ ਅਤੇ ਹਾਜ਼ਰ ਸਾਰੇ ਮੰਤਰੀਆਂ ਤੇ ਵਿਧਾਇਕਾਂ ਨਾਲ ਸਿਮਰਨ ਕਰਵਾਇਆ। ਇਸ ਤੋਂ ਬਾਅਦ ਕਾਰਵਾਈ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਿਰਭਉ ਅਤੇ ਨਿਰਵੈਰ ਦੇ ਸਿਧਾਂਤਾਂ ‘ਤੇ ਚੱਲਣ ਵਾਲੀ ਸਰਵਉੱਚ ਪੰਥਕ ਸੰਸਥਾ ਹੈ।
ਆਪਣੇ ਸੰਬੋਧਨ ਦੌਰਾਨ ਜਥੇਦਾਰ ਗੜਗੱਜ ਨੇ ਕਿਹਾ ਕਿ ਅਸੀਂ ਸਾਰੇ ਗੁਰੂ ਦੇ ਭਾਈ ਅਤੇ ਭੈਣਾਂ ਹਾਂ। ਭਾਵੇਂ ਅਸੀਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਜਾਂ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਵੱਸਦੇ ਹੋਈਏ, ਪਰ ਗੁਰੂ ਸਾਹਿਬ ਨੇ ਸਾਨੂੰ ਇੱਕ ਸਾਂਝੇ ਪਰਿਵਾਰ ਵਜੋਂ ਜੋੜਿਆ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਨਾਤਾ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਨਾਲ ਜੁੜਿਆ ਹੋਇਆ ਹੈ। ਇਸ ਲਈ ਸਾਰਿਆਂ ਨੂੰ ਆਪਸੀ ਭਾਈਚਾਰਾ, ਸਤਿਕਾਰ ਅਤੇ ਏਕਤਾ ਦੀ ਭਾਵਨਾ ਨਾਲ ਰਹਿਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ ਨੇ ਵਿਧਾਇਕਾਂ ਨੂੰ ਆਪਣੀ ਸ਼ਬਦਾਵਲੀ ਸੰਤੁਲਿਤ ਰੱਖਣ ਅਤੇ ਸੋਚ-ਸਮਝ ਕੇ ਬੋਲਣ ਦੀ ਨਸੀਹਤ ਵੀ ਦਿੱ।
ਸੁਣਵਾਈ ਦੌਰਾਨ ਜਥੇਦਾਰ ਗੜਗੱਜ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸੀ ਵਿਧਾਇਕ ਪਰਗਟ ਸਿੰਘ, ਆਮ ਆਦਮੀ ਪਾਰਟੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਗਨੀਵ ਕੌਰ ਸਮੇਤ ਹੋਰ ਸਿਆਸੀ ਆਗੂਆਂ ਤੋਂ ਵੀ ਇਸ ਕਾਨੂੰਨ ਸਬੰਧੀ ਵਿਸਥਾਰ ਨਾਲ ਸਪੱਸ਼ਟੀਕਰਨ ਮੰਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/
