ਸੰਜੀਵ ਅਰੋੜਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ, ਗੁਰੂਗ੍ਰਾਮ ਕੋਰਟ ‘ਚ ਪਰਿਵਾਰ ਨਾਲ ਮਿਲ ਭਾਵੁਕ ਹੋਏ ਮੰਤਰੀ

ਸੰਜੀਵ ਅਰੋੜਾ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ, ਗੁਰੂਗ੍ਰਾਮ ਕੋਰਟ ‘ਚ ਪਰਿਵਾਰ ਨਾਲ ਮਿਲ ਭਾਵੁਕ ਹੋਏ ਮੰਤਰੀ

ਇਸ ਮਾਮਲੇ ਵਿੱਚ ਈਡੀ ਪਹਿਲਾਂ 7 ਦਿਨਾਂ ਅਤੇ ਫਿਰ 2 ਦਿਨਾਂ ਦਾ ਰਿਮਾਂਡ ਹਾਸਲ ਕਰ ਚੁੱਕੀ ਸੀ। ਹੁਣ ਕੋਰਟ ਨੇ ਉਨ੍ਹਾਂ ਨੂੰ 1 ਜੂਨ ਤੱਕ ਨਿਆਇਕ ਹਿਰਾਸਤ ਵਿੱਚ ਭੇਜਦਿਆਂ ਅਗਲੀ ਪੇਸ਼ੀ ਲਈ ਤਾਰੀਖ ਨਿਰਧਾਰਤ ਕੀਤੀ ਹੈ।

ਗੁਰੂਗ੍ਰਾਮ

ਬਿਊਰੋ ਰਿਪੋਰਟ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਅੱਜ ਗੁਰੂਗ੍ਰਾਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਸੁਣਵਾਈ ਮਗਰੋਂ ਅਦਾਲਤ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਉਨ੍ਹਾਂ ਨੂੰ 9 ਮਈ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਈਡੀ ਪਹਿਲਾਂ 7 ਦਿਨਾਂ ਅਤੇ ਫਿਰ 2 ਦਿਨਾਂ ਦਾ ਰਿਮਾਂਡ ਹਾਸਲ ਕਰ ਚੁੱਕੀ ਸੀ। ਹੁਣ ਕੋਰਟ ਨੇ ਉਨ੍ਹਾਂ ਨੂੰ 1 ਜੂਨ ਤੱਕ ਨਿਆਇਕ ਹਿਰਾਸਤ ਵਿੱਚ ਭੇਜਦਿਆਂ ਅਗਲੀ ਪੇਸ਼ੀ ਲਈ ਤਾਰੀਖ ਨਿਰਧਾਰਤ ਕੀਤੀ ਹੈ।

ਗੁਰੂਗ੍ਰਾਮ ਕੋਰਟ ਵਿੱਚ ਪੇਸ਼ੀ ਦੌਰਾਨ ਸੰਜੀਵ ਅਰੋੜਾ ਦੀ ਸਿਹਤ ਕੁਝ ਕਮਜ਼ੋਰ ਦਿਖਾਈ ਦਿੱਤੀ ਅਤੇ ਉਨ੍ਹਾਂ ਦੀ ਦਾੜ੍ਹੀ ਵੀ ਵਧੀ ਹੋਈ ਨਜ਼ਰ ਆਈ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਅਦਾਲਤ ਵਿੱਚ ਮੌਜੂਦ ਸਨ। ਪਰਿਵਾਰ ਨਾਲ ਮੁਲਾਕਾਤ ਦੌਰਾਨ ਅਰੋੜਾ ਕਾਫੀ ਭਾਵੁਕ ਹੋ ਗਏ। ਇਸ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਗਲੇ ਮਿਲ ਕੇ ਰੋਂਦੇ ਹੋਏ ਦਿਖਾਈ ਦਿੱਤੇ। ਸੰਜੀਵ ਅਰੋੜਾ ਨੇ ਆਪਣੇ ਪਰਿਵਾਰ ਨੂੰ ਧੀਰਜ ਰੱਖਣ ਅਤੇ ਹੌਸਲਾ ਬਣਾਈ ਰੱਖਣ ਲਈ ਦਿਲਾਸਾ ਦਿੱਤਾ।

ਦੂਜੇ ਪਾਸੇ ਸੰਜੀਵ ਅਰੋੜਾ ਵੱਲੋਂ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਸੁਣਵਾਈ ਹੋਣੀ ਹੈ। ਇਸ ਮਾਮਲੇ ਵਿੱਚ ਈਡੀ ਵੱਲੋਂ ਅਦਾਲਤ ਵਿੱਚ ਆਪਣਾ ਜਵਾਬ ਦਾਖਲ ਕੀਤਾ ਜਾਣਾ ਹੈ।

ਸੰਜੀਵ ਅਰੋੜਾ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਵਿੱਚ ਈਡੀ ਦੀ ਕਾਰਵਾਈ ਨੂੰ ਗੈਰ-ਸੰਵਿਧਾਨਕ ਅਤੇ ਕਾਨੂੰਨ ਦੇ ਉਲਟ ਕਰਾਰ ਦਿੱਤਾ ਗਿਆ ਹੈ। ਪਟੀਸ਼ਨ ਵਿੱਚ ਉਨ੍ਹਾਂ ਨੇ ਆਪਣੀ ਗ੍ਰਿਫ਼ਤਾਰੀ ਨੂੰ ਰੱਦ ਕਰਨ ਦੇ ਨਾਲ-ਨਾਲ ਐਫਆਈਆਰ ਅਤੇ ਪੂਰੀ ਅਪਰਾਧਿਕ ਕਾਰਵਾਈ ਨੂੰ ਵੀ ਖਾਰਜ ਕਰਨ ਦੀ ਮੰਗ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਇਸ ਮਾਮਲੇ ਦੀ ਸੁਣਵਾਈ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

ਪਟੀਸ਼ਨ ਵਿੱਚ ਅਰੋੜਾ ਦੀ ਕਾਨੂੰਨੀ ਟੀਮ ਨੇ ਦਲੀਲ ਦਿੱਤੀ ਹੈ ਕਿ ਈਡੀ ਵੱਲੋਂ ਗ੍ਰਿਫ਼ਤਾਰੀ ਸਮੇਂ ਲਾਜ਼ਮੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਅਰੋੜਾ ਨੂੰ ਕਾਨੂੰਨ ਅਨੁਸਾਰ ਮਿਲਣ ਵਾਲੇ ਜ਼ਰੂਰੀ ਸੁਰੱਖਿਆ ਅਧਿਕਾਰ ਅਤੇ ਪ੍ਰਬੰਧ ਨਹੀਂ ਦਿੱਤੇ ਗਏ। ਇਸ ਤੋਂ ਇਲਾਵਾ ਪਟੀਸ਼ਨ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਈਡੀ ਦੀ ਕਾਰਵਾਈ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਸੀ ਅਤੇ ਕੇਂਦਰੀ ਜਾਂਚ ਏਜੰਸੀ ਨੇ ਆਪਣੀਆਂ ਸ਼ਕਤੀਆਂ ਦਾ ਦੁਰਪਯੋਗ ਕੀਤਾ ਹੈ।

ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅਸਲ ਐਫਆਈਆਰ ਅਤੇ ਈਡੀ ਦੀ ਇਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ ਕਾਨੂੰਨੀ ਤੌਰ ‘ਤੇ ਸਹੀ ਨਹੀਂ ਹਨ, ਜਿਸ ਕਾਰਨ ਗ੍ਰਿਫ਼ਤਾਰੀ ਆਪਣੇ ਆਪ ਵਿੱਚ ਗੈਰ-ਕਾਨੂੰਨੀ ਬਣ ਜਾਂਦੀ ਹੈ। ਅਰੋੜਾ ਦੀ ਕਾਨੂੰਨੀ ਟੀਮ ਨੇ ਅਦਾਲਤ ਅੱਗੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਤੱਥਾਂ ਅਤੇ ਸਬੂਤਾਂ ਨਾਲੋਂ ਵੱਧ ਰਾਜਨੀਤਿਕ ਮਕਸਦਾਂ ਤੋਂ ਪ੍ਰੇਰਿਤ ਦਿਖਾਈ ਦਿੰਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *