ਲਲਿਤ ਕੁਮਾਰ
ਅੰਮ੍ਰਿਤਸਰ 4 ਨਵੰਬਰ 2025:
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਚੁਣੇ ਗਏ ਹਨ। ਪ੍ਰਧਾਨ ਬਣਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਰੇ ਮੈਂਬਰਾਂ ਅਤੇ ਅਹੁਦੈਦਾਰਾਂ ਦਾ ਧੰਨਵਾਦ ਕੀਤਾ।
ਧਾਮੀ ਨੇ ਕਿਹਾ ਕਿ ਪੰਜਵੀਂ ਵਾਰ ਮਿਲੀ ਇਹ ਜਿੰਮੇਵਾਰੀ ਬਹੁਤ ਵੱਡੀ ਹੈ ਅਤੇ ਉਹ ਪੰਥ ਵੱਲੋਂ ਦਿੱਤੇ ਭਰੋਸੇ ਦਾ ਮੰਨ ਰਖਣਗੇ।ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਚੋਣ ਪ੍ਰਕਿਰਿਆ ਸਰਵਸੰਮਤੀ ਨਾਲ ਹੋਈ, ਜਿਸ ਵਿੱਚ 11 ਮੈਂਬਰ ਅਤੇ 4 ਅਹੁਦੈਦਾਰ ਚੁਣੇ ਗਏ ਹਨ। ਉਨ੍ਹਾਂ ਨੇ ਘੋਸ਼ਣਾ ਕੀਤੀ ਕਿ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਗੁਰਪੁਰਬ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ 23 ਤੋਂ 29 ਨਵੰਬਰ ਤੱਕ ਮਨਾਇਆ ਜਾਵੇਗਾ।
ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖਾਂ ਦੇ ਯੋਗਦਾਨ ਨੂੰ ਸਨਮਾਨਿਤ ਕੀਤਾ ਜਾਵੇ ਅਤੇ ਕਕਾਰਾਂ ਨਾਲ ਸੰਬੰਧਿਤ ਰੋਕਾਂ ਤੋਂ ਬਚਿਆ ਜਾਵੇ।ਪੰਥਕ ਮੁੱਦਿਆਂ ਤੇ ਸਖ਼ਤ ਰੁਖ ਅਖਤਿਆਰ ਕਰਦਿਆਂ ਧਾਮੀ ਨੇ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਉਹਨਾਂ ਦੀ ਪਹਿਲੀ ਤਰਜੀਹ ਹੋਵੇਗੀ।
ਉਨ੍ਹਾਂ ਨੇ ਕੇਂਦਰ ਸਰਕਾਰ ਤੋਂ 2019 ਦੇ ਫ਼ੈਸਲੇ ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ। ਚੰਡੀਗੜ੍ਹ ਯੂਨੀਵਰਸਿਟੀ ਦੇ ਮਾਮਲੇ ਅਤੇ ਪਾਣੀ ਦੇ ਮੁੱਦੇ ‘ਤੇ ਵੀ ਉਨ੍ਹਾਂ ਨੇ ਚਿੰਤਾ ਪ੍ਰਗਟਾਈ।ਧਾਮੀ ਨੇ ਸਿੱਖ ਨੌਜਵਾਨਾਂ ਲਈ IAS, IPS, NDA ਅਤੇ ਜੂਡੀਸ਼ਰੀ ਕੋਚਿੰਗ ਸੈਂਟਰਾਂ ਨੂੰ ਹੋਰ ਮਜ਼ਬੂਤ ਕਰਨ ਦਾ ਐਲਾਨ ਕੀਤਾ ਤਾਂ ਜੋ ਹੋਰ ਨੌਜਵਾਨ ਸਰਕਾਰੀ ਸੇਵਾਵਾਂ ਵਿੱਚ ਸ਼ਾਮਲ ਹੋ ਸਕਣ।
ਉਨ੍ਹਾਂ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸਰਾਇਆਂ ਅਤੇ ਨਵੀਂ ਅਕਾਲੀ ਮਾਰਕੀਟ ਦਾ ਕੰਮ ਡੇਢ ਸਾਲ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ।ਧਾਮੀ ਨੇ ਅੰਤ ਵਿੱਚ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾਂ ਧਾਰਮਿਕ, ਸਮਾਜਿਕ ਅਤੇ ਸ਼ਿੱਖਿਆਕ ਖੇਤਰਾਂ ਵਿੱਚ ਪੰਥ ਦੀ ਸੇਵਾ ਲਈ ਸਮਰਪਿਤ ਹੈ ਅਤੇ ਜਿੱਥੇ ਸਰਕਾਰਾਂ ਨਾਕਾਮ ਰਹੀਆਂ ਨੇ, ਉੱਥੇ SGPC ਸਿੱਖ ਕੌਮ ਦੀ ਅਸਲ ਨੁਮਾਇੰਦਗੀ ਕਰਦੀ ਰਹੇਗੀ।
