ਹੁਸੈਨੀਵਾਲਾ ਤੋਂ ਫ਼ਿਰੋਜ਼ਪੁਰ ਤੱਕ ਗੂੰਜਿਆ ਦੇਸ਼ਭਗਤੀ ਦਾ ਜਜ਼ਬਾ, CM ਮਾਨ ਨੇ ਸ਼ਹੀਦਾਂ ਨੂੰ ਕੀਤਾ ਨਮਨ

ਹੁਸੈਨੀਵਾਲਾ ਤੋਂ ਫ਼ਿਰੋਜ਼ਪੁਰ ਤੱਕ ਗੂੰਜਿਆ ਦੇਸ਼ਭਗਤੀ ਦਾ ਜਜ਼ਬਾ, CM ਮਾਨ ਨੇ ਸ਼ਹੀਦਾਂ ਨੂੰ ਕੀਤਾ ਨਮਨ

ਇਸ ਤੋਂ ਪਹਿਲਾਂ ਉਹ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦੀ ਸਮਾਰਕ ਪਹੁੰਚੇ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ।

ਫ਼ਿਰੋਜ਼ਪੁਰ

ਬਿਊਰੋ ਰਿਪੋਰਟ

ਸੁਤੰਤਰਤਾ ਦਿਵਸ ਮੌਕੇ ਫ਼ਿਰੋਜ਼ਪੁਰ ਵਿੱਚ ਦੇਸ਼ਭਗਤੀ ਦਾ ਮਾਹੌਲ ਦੇਖਣ ਨੂੰ ਮਿਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਛਾਉਣੀ ਬੋਰਡ ਸਟੇਡੀਅਮ ਵਿੱਚ ਕੌਮੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਉਹ ਆਪਣੀ ਧਰਮ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਹੁਸੈਨੀਵਾਲਾ ਸਥਿਤ ਰਾਸ਼ਟਰੀ ਸ਼ਹੀਦੀ ਸਮਾਰਕ ਪਹੁੰਚੇ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਟ ਕੀਤੀ।

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਵੰਡ ਦਾ ਸਭ ਤੋਂ ਵੱਡਾ ਦਰਦ ਪੰਜਾਬੀਆਂ ਨੇ ਝੱਲਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਆਜ਼ਾਦੀ ਦੀ ਲੜਾਈ ਵਿੱਚ ਪੰਜਾਬੀਆਂ ਨੇ ਮੋਹਰੀ ਭੂਮਿਕਾ ਨਿਭਾਈ ਅਤੇ ਅਣਗਿਣਤ ਕੁਰਬਾਨੀਆਂ ਦਿੱਤੀਆਂ।

ਇਸ ਮੌਕੇ ਬਹਾਦਰੀ ਅਤੇ ਸ਼ਾਨਦਾਰ ਸੇਵਾਵਾਂ ਲਈ 25 ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਰਕਾਰੀ ਸਮਾਗਮ ਵਿੱਚ ‘ਵੰਦੇ ਮਾਤਰਮ’ ਦਾ ਗਾਇਨ ਵੀ ਕੀਤਾ ਗਿਆ, ਜੋ ਸਮਾਗਮ ਦੀਆਂ ਖਾਸ ਝਲਕੀਆਂ ਵਿੱਚੋਂ ਇੱਕ ਰਿਹਾ।

ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਰਹੀ ਮੁਸਤੈਦ

ਸੁਤੰਤਰਤਾ ਦਿਵਸ ਨੂੰ ਲੈ ਕੇ ਪੰਜਾਬ ਭਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ। ਸਮਾਗਮ ਵਾਲੀਆਂ ਥਾਵਾਂ ’ਤੇ ਪੁਲਿਸ ਵੱਲੋਂ ਵਿਸ਼ੇਸ਼ ਨਿਗਰਾਨੀ ਰੱਖੀ ਗਈ ਅਤੇ ਫ਼ੋਰਸ ਨੂੰ ਪੂਰੀ ਤਰ੍ਹਾਂ ਚੌਕਸ ਰੱਖਿਆ ਗਿਆ। ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਕੋਈ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਨਜ਼ਰ ਆਉਣ ’ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।

BSF ਸਮੇਤ 8 ਟੁਕੜੀਆਂ ਨੇ ਦਿਖਾਈ ਅਨੁਸ਼ਾਸਨ ਦੀ ਝਲਕ

ਫ਼ਿਰੋਜ਼ਪੁਰ ਦੇ ਸਮਾਗਮ ਵਿੱਚ BSF, ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਹਿਮਾਚਲ ਪੁਲਿਸ, ਪੰਜਾਬ ਹੋਮਗਾਰਡਜ਼, ਹੋਮਗਾਰਡਜ਼ ਮਹਿਲਾ ਵਿੰਗ, NCC ਅਤੇ ਸਕਾਊਟਸ ਐਂਡ ਗਾਈਡਜ਼ ਦੀਆਂ 8 ਟੁਕੜੀਆਂ ਨੇ ਮਾਰਚ ਪਾਸਟ ਕੀਤਾ।

ਮਾਰਚ ਪਾਸਟ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਨੇ ਪੀ.ਟੀ. ਸ਼ੋਅ, ਦੇਸ਼ਭਗਤੀ ਆਧਾਰਿਤ ਕੋਰੀਓਗ੍ਰਾਫ਼ੀ, ਗਿੱਧਾ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਦੇ ਨਾਲ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਵਿਕਾਸ ਕਾਰਜਾਂ ਅਤੇ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਪੇਸ਼ ਕੀਤੀਆਂ ਗਈਆਂ।

ਖਟਕੜ ਕਲਾਂ ਵਿੱਚ ਸਹੁੰ ਚੁੱਕਣ ਦਾ ਵੀ ਕੀਤਾ ਜ਼ਿਕਰ

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਲ 2022 ਵਿੱਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਉਨ੍ਹਾਂ ਕਿਹਾ ਕਿ ਜਿੱਥੇ ਆਮ ਤੌਰ ’ਤੇ ਮੁੱਖ ਮੰਤਰੀ ਸਹੁੰ ਚੁੱਕ ਸਮਾਗਮ ਰਾਜਭਵਨ ਜਾਂ ਵੱਡੇ ਸਟੇਡੀਅਮਾਂ ਵਿੱਚ ਹੁੰਦੇ ਹਨ, ਉੱਥੇ ਉਨ੍ਹਾਂ ਨੇ ਸ਼ਹੀਦਾਂ ਦੀ ਧਰਤੀ ਨੂੰ ਤਰਜੀਹ ਦਿੱਤੀ ਅਤੇ ਖਟਕੜ ਕਲਾਂ ਵਿੱਚ ਸਹੁੰ ਚੁੱਕੀ।

ਉਨ੍ਹਾਂ ਸਰਕਾਰੀ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੀ ਤਸਵੀਰ ਦੀ ਥਾਂ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲਗਾਉਣ ਦੇ ਫ਼ੈਸਲੇ ਦਾ ਵੀ ਜ਼ਿਕਰ ਕੀਤਾ। ਇਸ ਤੋਂ ਇਲਾਵਾ ਮੋਹਾਲੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਅਤੇ ਉੱਥੇ ਉਨ੍ਹਾਂ ਦਾ ਬੁੱਤ ਸਥਾਪਿਤ ਕਰਨ ਦੀ ਗੱਲ ਵੀ ਕਹੀ।

ਪੰਜਾਬ ਨੂੰ ਵੰਡਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਸਖ਼ਤ ਸੰਦੇਸ਼

ਪੰਜਾਬ ਦੀ ਭਾਈਚਾਰਕ ਸਾਂਝ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ’ਤੇ ਨਫ਼ਰਤ ਦਾ ਬੀਜ ਨਹੀਂ ਪੁੰਗਰ ਸਕਦਾ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਏਕਤਾ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣਗੀਆਂ।

ਕੁਰਬਾਨੀਆਂ ਦੇ ਇਤਿਹਾਸ ਨੂੰ ਯਾਦ ਕਰਦਿਆਂ ਜਵਾਨਾਂ ਨੂੰ ਕੀਤਾ ਸਲਾਮ

ਭਗਵੰਤ ਮਾਨ ਨੇ ਕੂਕਾ ਲਹਿਰ, ਗ਼ਦਰ ਲਹਿਰ ਅਤੇ ਬੱਬਰ ਅਕਾਲੀ ਲਹਿਰ ਸਮੇਤ ਆਜ਼ਾਦੀ ਦੇ ਸੰਘਰਸ਼ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਭਗਤ ਸਿੰਘ, ਊਧਮ ਸਿੰਘ ਅਤੇ ਕਰਤਾਰ ਸਿੰਘ ਸਰਾਭਾ ਸਮੇਤ ਹਜ਼ਾਰਾਂ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

ਉਨ੍ਹਾਂ ਕਿਹਾ ਕਿ ਕਈ ਗੁਮਨਾਮ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਵੀ ਦੇਸ਼ ਦੇ ਇਤਿਹਾਸ ਵਿੱਚ ਹਮੇਸ਼ਾ ਯਾਦ ਰਹਿਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਵਿੱਚ ਵੀ ਪੰਜਾਬੀ ਜਵਾਨ ਹਮੇਸ਼ਾ ਅੱਗੇ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਲੋਕ ਗਰਮੀਆਂ ਵਿੱਚ ਆਪਣੇ ਘਰਾਂ ਵਿੱਚ ਏਸੀ ਅਤੇ ਕੂਲਰ ਦੀ ਠੰਢ ਮਾਣ ਰਹੇ ਹੁੰਦੇ ਹਨ, ਉਸ ਸਮੇਂ ਸਾਡੇ ਜਵਾਨ ਤਪਦੇ ਰੇਗਿਸਤਾਨਾਂ ਵਿੱਚ ਦੇਸ਼ ਦੀ ਰਾਖੀ ਕਰ ਰਹੇ ਹੁੰਦੇ ਹਨ। ਕੜਾਕੇ ਦੀ ਸਰਦੀ ਵਿੱਚ ਵੀ ਉਹ ਬਰਫ਼ੀਲੀਆਂ ਸਰਹੱਦਾਂ ’ਤੇ ਡਟੇ ਰਹਿੰਦੇ ਹਨ।

ਫ਼ਿਰੋਜ਼ਪੁਰ ਤੋਂ ਦਿੱਤੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਦਿਆਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਦੇਸ਼ ਦੀ ਏਕਤਾ ਨੂੰ ਮਜ਼ਬੂਤ ਬਣਾਉਣ ਦਾ ਸੱਦਾ ਦਿੱਤਾ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ: https://news99punjab.in/

Leave a Reply

Your email address will not be published. Required fields are marked *