5 ਜੁਲਾਈ ਨੂੰ ਹੋਵੇਗਾ ਵੱਡਾ ਪੰਥਕ ਇਕੱਠ, SGPC ਦੀ ਵਿਸ਼ੇਸ਼ ਮੀਟਿੰਗ ‘ਚ ਕਈ ਅਹਿਮ ਮਤੇ ਪਾਸ

5 ਜੁਲਾਈ ਨੂੰ ਹੋਵੇਗਾ ਵੱਡਾ ਪੰਥਕ ਇਕੱਠ, SGPC ਦੀ ਵਿਸ਼ੇਸ਼ ਮੀਟਿੰਗ ‘ਚ ਕਈ ਅਹਿਮ ਮਤੇ ਪਾਸ

ਉਨ੍ਹਾਂ ਕਿਹਾ ਕਿ ਇਸੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਵੀ ਮਨਾਇਆ ਜਾਂਦਾ ਹੈ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਉਪਰੰਤ ਪੰਥਕ ਇਕੱਤਰਤਾ ਕਰਵਾਈ ਜਾਵੇਗੀ।

ਸ੍ਰੀ ਅੰਮ੍ਰਿਤਸਰ ਸਾਹਿਬ

ਬਿਊਰੋ ਰਿਪੋਰਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ, ਜਿਸ ਵਿੱਚ ਕਈ ਅਹਿਮ ਮਤਿਆਂ ਨੂੰ ਮਨਜ਼ੂਰੀ ਦਿੱਤੀ ਗਈ। ਮੀਟਿੰਗ ਮਗਰੋਂ ਪ੍ਰਧਾਨ ਧਾਮੀ ਨੇ ਦੱਸਿਆ ਕਿ ਪੁਰਾਤਨ ਮਰਿਆਦਾ ਅਨੁਸਾਰ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਦਰਬਾਰ ਸਾਹਿਬ ਵਿਖੇ ਵਿਸ਼ਾਲ ਪੰਥਕ ਇਕੱਠ ਸੱਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਵੀ ਮਨਾਇਆ ਜਾਂਦਾ ਹੈ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਜਿਸ ਉਪਰੰਤ ਪੰਥਕ ਇਕੱਤਰਤਾ ਕਰਵਾਈ ਜਾਵੇਗੀ।

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਫ਼ੀ ਸਮੇਂ ਤੋਂ ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਹਾਰਾਸ਼ਟਰ ਸਰਕਾਰ ਨੇ ਸਾਲ 2024 ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਸਬੰਧੀ ਕੈਬਨਿਟ ਮਤਾ ਪਾਸ ਕਰਕੇ ਸ਼੍ਰੋਮਣੀ ਕਮੇਟੀ ਦੀ ਨੁਮਾਇੰਦਗੀ ਘਟਾ ਦਿੱਤੀ ਸੀ। ਹੁਣ 1956 ਦੇ ਐਕਟ ਨੂੰ ਹੀ ਖ਼ਤਮ ਕਰਨ ਲਈ ਇੱਕ ਹੋਰ ਕੈਬਨਿਟ ਮਤਾ ਪਾਸ ਕੀਤਾ ਗਿਆ ਹੈ, ਜਿਸ ਨੂੰ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਹ ਗੁਰਦੁਆਰਾ ਪ੍ਰਬੰਧ ਵਿੱਚ ਸਿੱਧੀ ਦਖ਼ਲਅੰਦਾਜ਼ੀ ਹੈ। ਵਿਸ਼ੇਸ਼ ਇਕੱਤਰਤਾ ਨੇ ਇਸ ਕਦਮ ਦੀ ਨਿੰਦਾ ਕਰਦਿਆਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਇਹ ਮਤਾ ਵਿਧਾਨ ਸਭਾ ਵਿੱਚ ਨਾ ਲਿਆਂਦਾ ਜਾਵੇ ਅਤੇ 1956 ਦਾ ਐਕਟ ਪਹਿਲਾਂ ਵਾਂਗ ਹੀ ਲਾਗੂ ਰਹਿਣ ਦਿੱਤਾ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਦੌਰਾਨ ਵਾਇਰਲ ਵੀਡੀਓ ਮਾਮਲੇ ਬਾਰੇ ਇਹ ਗੱਲ ਸਾਹਮਣੇ ਆਈ ਕਿ ਗੁਰੂਗ੍ਰਾਮ ਤੋਂ ਇਸ ਸਬੰਧੀ ਤੱਥਾਂ ਤੋਂ ਉਲਟ ਅਤੇ ਗਲਤ ਰਿਪੋਰਟ ਤਿਆਰ ਕਰਕੇ ਭੇਜੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦਾ ਇੱਕ ਵਫ਼ਦ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕਰੇਗਾ ਅਤੇ ਪੂਰੇ ਮਾਮਲੇ ਦੀ ਅਸਲ ਸਥਿਤੀ ਤੋਂ ਜਾਣੂ ਕਰਵਾਏਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਲਗਾਤਾਰ ਸ਼੍ਰੋਮਣੀ ਕਮੇਟੀ ਦੀਆਂ ਗੋਲਕਾਂ ਅਤੇ ਪ੍ਰਬੰਧ ਨੂੰ ਲੈ ਕੇ ਵੱਖ-ਵੱਖ ਵਿਵਾਦ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਹੋਰ ਮੀਟਿੰਗਾਂ ਵੀ ਕੀਤੀਆਂ ਜਾਣਗੀਆਂ।

 

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://news99punjab.in/

Leave a Reply

Your email address will not be published. Required fields are marked *