ਸੁਖਜਿੰਦਰ ਸਹੋਤਾ
ਫ਼ਰੀਦਕੋਟ 10 ਅਕਤੂਬਰ 2025:
ਮਾਨਯੋਗ ਸੁਪਰੀਮ ਕੋਰਟ ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਰੋਕਣ ਲਈ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਜਿਸ ਤਹਿਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਕਲੱਸਟਰ ਅਫਸਰਾਂ ਨਾਲ ਰੀਵਿਊ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਇਸੇ ਲੜੀ ਤਹਿਤ ਅੱਜ ਉਨ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਿਲ੍ਹੇ ਦੇ ਕਲੱਸਟਰ ਅਫਸਰਾਂ ਨਾਲ ਵਿਸ਼ੇਸ਼ ਰੀਵਿਊ ਮੀਟਿੰਗ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਜਿਲ੍ਹੇ ਨੂੰ 22 ਕਲੱਸਟਰਾਂ ਵਿੱਚ ਵੰਡ ਕੇ ਕਲੱਸਟਰ ਅਫਸਰ ਤਾਇਨਾਤ ਕੀਤੇ ਗਏ ਹਨ, ਜੋ ਪਿੰਡਾਂ ਵਿੱਚ ਜਾ ਕੇ ਸਹਾਇਕ ਕਲੱਸਟਰ ਅਫਸਰ, ਨੋਡਲ ਅਫਸਰ, ਪਟਵਾਰੀਆਂ ਤੋਂ ਇਲਾਵਾ ਸੁਸਾਇਟੀ ਕਮੇਟੀ ਮੈਂਬਰ, ਮਨਰੇਗਾ ਵਰਕਰ, ਆਂਗਨਵਾੜੀ ਵਰਕਰ, ਆਸ਼ਾ ਵਰਕਰ, ਪਿੰਡ ਦੇ ਸਰਪੰਚ, ਨੰਬਰਦਾਰ ਦੀ ਸਹਾਇਤਾ ਨਾਲ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ।
ਕਲੱਸਟਰਾਂ ਦੇ ਅਫਸਰਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਕਲੱਸਟਰ ਅਫਸਰ ਨੋਡਲ ਅਫਸਰ ਰੋਜਾਨਾ ਸਵੇਰ ਤੋਂ ਸ਼ਾਮ ਤੱਕ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਇਸ ਪ੍ਰਤੀ ਲਗਾਤਾਰ ਜਾਗੂਰਕ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਿੰਡਾਂ ਵਿੱਚ ਘਰ ਘਰ ਕਿਸਾਨਾਂ ਕੋਲ ਜਾ ਕੇ ਖਾਸਕਰ ਜਿੰਨਾਂ ਨੇ ਪਿਛਲੇ ਸਾਲ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਈ ਹੈ ਵਿਸੇਸ਼ ਤੌਰ ਤੇ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਰਿਮੋਟ ਸੈਂਸਰਿੰਗ ਰਾਹੀਂ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਵਿਸ਼ੇਸ਼ ਨਿਗ੍ਹਾ ਰੱਖੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਤੇ ਦਿੱਤੀ ਜਾਂਦੀ ਮਸ਼ੀਨਰੀ ਦੀ ਵਰਤੋਂ ਕਰਨ ਬਾਰੇ ਵੀ ਵੱਧ ਤੋਂ ਵੱਧ ਜਾਗੂਰਕ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕਲੱਸਟਰ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਬਣਾਈਆਂ ਗਈਆਂ ਕਮੇਟੀਆਂ ਦੀਆਂ ਲਿਸਟਾਂ, ਕੰਬਾਇਨ ਮਾਲਿਕਾਂ ਦੀਆਂ ਲਿਸਟਾਂ, ਮਸ਼ੀਨਰੀ ਵਾਲੇ ਕਿਸਾਨਾਂ ਦੀਆਂ ਲਿਸਟਾਂ, ਬੇਲਰ ਮਾਲਿਕਾਂ ਦੀਆਂ ਲਿਸਟਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਅਤੇ ‘ਜ਼ੀਰੋ ਬਰਨਿੰਗ’ ਦੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਅਹਿਮ ਰੋਲ ਅਦਾ ਕਰਨ।
ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਤੋਂ ਇਲਾਵਾ ਸਮੂਹ ਕਲੱਸਟਰ ਅਫਸਰ ਹਾਜ਼ਰ ਸਨ।
