ਲਲਿਤ ਕੁਮਾਰ
ਅੰਮ੍ਰਿਤਸਰ 10 ਅਕਤੂਬਰ 2025:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ’ਤੇ ਤੀਖ਼ਾ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖਡੂਰ ਸਾਹਿਬ ਦੇ ਵਿਧਾਇਕ ਵਿਰੁੱਧ ਦੋਸ਼ ਸਾਬਤ ਹੋਣ ਦੇ ਬਾਵਜੂਦ ਵੀ ਉਸ ਦੀ ਸਸਪੈਂਸ਼ਨ ਨਹੀਂ ਕਰ ਰਹੀ। ਬਾਦਲ ਨੇ ਦੋਸ਼ ਲਗਾਇਆ ਕਿ ਸਰਕਾਰ ਪੰਥਕ ਹਲਕੇ ਤੋਂ ਡਰ ਰਹੀ ਹੈ, ਕਿਉਂਕਿ ਉਹਨਾਂ ਨੂੰ ਡਰ ਹੈ ਕਿ ਜੇ ਇੱਥੇ ਚੋਣ ਹੋਈ ਤਾਂ ਸ਼੍ਰੋਮਣੀ ਅਕਾਲੀ ਦਲ ਜਿੱਤ ਹਾਸਲ ਕਰ ਸਕਦਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਰਾਜ ਸਰਕਾਰ ਉਹਨਾਂ ਟਰਾਂਸਫਾਰਮਰਾਂ ਦਾ ਉਦਘਾਟਨ ਕਰ ਰਹੀ ਹੈ ਜੋ ਪਿਛਲੀ ਅਕਾਲੀ ਸਰਕਾਰ ਦੇ ਸਮੇਂ ਲਗਾਏ ਗਏ ਸਨ। ਉਹਨਾਂ ਨੇ ਤੰਜ਼ ਕੱਸਦਿਆਂ ਕਿਹਾ ਕਿ “ਜਿਨ੍ਹਾਂ ਵਿਕਾਸ ਕਾਰਜਾਂ ਨੂੰ ਸਾਡੀ ਸਰਕਾਰ ਨੇ ਕਰਵਾਇਆ ਸੀ, ਮੌਜੂਦਾ ਸਰਕਾਰ ਹੁਣ ਉਹਨਾਂ ’ਤੇ ਆਪਣੀ ਮੋਹਰ ਲਾ ਕੇ ਮਸ਼ਹੂਰੀ ਕਰ ਰਹੀ ਹੈ।” ਉਹਨਾਂ ਦਾ ਕਹਿਣਾ ਸੀ ਕਿ ਸਰਕਾਰ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਝੂਠੇ ਪ੍ਰਚਾਰ ਰਾਹੀਂ ਆਪਣੀ ਰਾਜਨੀਤਿਕ ਛਵੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਬੰਦੀ ਸਿੰਘਾਂ ਦੀ ਰਿਹਾਈ ਲਈ ਮੁੜ ਉਠਾਈ ਮੰਗ, ਰਾਜੋਆਣਾ ਦੀ ਸਜ਼ਾ ਬਦਲਣ ਦਾ ਕੀਤਾ ਜ਼ਿਕਰ
ਬਲਵੰਤ ਸਿੰਘ ਰਾਜੋਆਣਾ ਬਾਰੇ ਗੱਲ ਕਰਦਿਆਂ ਬਾਦਲ ਨੇ ਕਿਹਾ ਕਿ ਜਿਹੜੇ ਵੀ ਬੰਦੀ ਸਿੰਘ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ, ਉਨ੍ਹਾਂ ਨੂੰ ਤੁਰੰਤ ਰਿਹਾ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਯਾਦ ਦਿਵਾਇਆ ਕਿ ਰਾਜੋਆਣਾ ਨੂੰ ਪਹਿਲਾਂ ਮੌਤ ਦੀ ਸਜ਼ਾ ਸੁਣਾਈ ਗਈ ਸੀ ਪਰ ਸ਼੍ਰੋਮਣੀ ਅਕਾਲੀ ਦਲ ਨੇ ਉਸ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਸੀ। ਬਾਦਲ ਨੇ ਕਿਹਾ ਕਿ ਇਹ ਮਾਮਲਾ ਕੇਵਲ ਇੱਕ ਵਿਅਕਤੀ ਨਾਲ ਨਹੀਂ, ਸਗੋਂ ਪੂਰੇ ਸਿੱਖ ਜਥੇਬੰਦੀ ਸੰਗਰਾਮ ਨਾਲ ਜੁੜਿਆ ਹੈ।
ਉਹਨਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਥਕ ਹਿੱਤਾਂ ਦੀ ਰੱਖਿਆ ਲਈ ਖੜ੍ਹਾ ਰਹੇਗਾ ਅਤੇ ਜਿਹੜੇ ਵੀ ਬੰਦੀ ਸਿੰਘ ਨਿਆਂ ਦੀ ਉਡੀਕ ਕਰ ਰਹੇ ਹਨ, ਉਨ੍ਹਾਂ ਦੀ ਰਿਹਾਈ ਲਈ ਲੜਾਈ ਜਾਰੀ ਰਹੇਗੀ। ਸੁਖਬੀਰ ਬਾਦਲ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਉਹ ਪੰਥਕ ਮੁੱਦਿਆਂ ’ਤੇ ਚੁੱਪ ਰਹੇ ਤਾਂ ਲੋਕ ਉਹਨਾਂ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਮੁਕੰਮਲ ਜਵਾਬ ਦੇਣਗੇ।
