ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਖੇਡਾਂ ਨਾਲ ਜੁੜੋ-ਸੰਧਵਾਂ

ਸੁਖਜਿੰਦਰ ਸਹੋਤਾ,

ਫ਼ਰੀਦਕੋਟ, 27 ਅਕਤੂਬਰ 2025:

  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਦੀ ਮੁਹਿੰਮ ਹਰ ਪਿੰਡ ਖੇਡ ਮੈਦਾਨ ਤਹਿਤ ਅੱਜ ਹਲਕੇ ਦੇ ਪਿੰਡ ਹਰੀ ਨੌਂ ਵਿਖੇ 36 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਮੈਦਾਨ ਦਾ ਨੀਂਹ ਪੱਥਰ ਰੱਖਿਆ।

ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਆਧੁਨਿਕ ਸੁਵਿਧਾਵਾਂ ਵਾਲੇ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਖੇਡ ਮੈਦਾਨ ਅਗਲੇ ਦੋ ਮਹੀਨਿਆਂ ਵਿੱਚ ਪੂਰਾ ਬਣ ਕੇ ਤਿਆਰ ਹੋ ਜਾਵੇਗਾ, ਜਿਸ ਨਾਲ ਪਿੰਡ ਅਤੇ ਆਸ-ਪਾਸ ਦੇ ਨੌਜਵਾਨਾਂ ਨੂੰ ਬਾਸਕਿਟ ਬਾਲ, ਵਾਲੀਬਾਲ  ਅਤੇ ਐਥਲੈਕਟਿਸ ਆਦਿ ਖੇਡਾਂ ਦੀਆਂ ਪ੍ਰੈਕਟਿਸ ਲਈ ਵਧੀਆ ਸਹੂਲਤ ਮਿਲੇਗੀ।

ਸਪੀਕਰ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਰਾਹੀਂ ਸਿਹਤਮੰਦ ਜੀਵਨਸ਼ੈਲੀ ਵੱਲ ਪ੍ਰੇਰਿਤ ਕਰਨਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੇ ਨਾਲ-ਨਾਲ ਪਿੰਡਾਂ ਵਿੱਚ ਖੇਡ ਸਮੱਗਰੀ, ਜਿਮ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਵਿੱਚ ਬੁਨਿਆਦੀ ਵਿਕਾਸ ਲਈ 16 ਲੱਖ ਰੁਪਏ ਅਤੇ 9.50 ਲੱਖ ਰੁਪਏ ਦੀ ਗ੍ਰਾਂਟ ਪਿੰਡ ਦੀ ਫਿਰਨੀ ਲਈ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਹੀ ਪਿੰਡਾਂ ਦਾ ਸ਼ਹਿਰਾਂ ਵਾਂਗ ਵਿਕਾਸ ਕਰਨਾ ਹੈ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਰਕਾਰ ਦੇ ਵਿਕਾਸਕਾਰੀ ਪ੍ਰੋਗਰਾਮਾਂ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਹਲਕੇ ਦੇ ਹਰ ਪਿੰਡ ਵਿੱਚ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਤੇਜ਼ੀ ਨਾਲ ਜਾਰੀ ਹਨ।

ਇਸ ਮੌਕੇ ਹਰਪਾਲ ਕੌਰ ਸਰਪੰਚ, ਨਿੰਦਰ ਕੌਰ, ਅੰਗਰੇਜ ਕੌਰ,ਗੁਰਪਿਆਰ ਸਿੰਘ, ਵੀਰ ਸਿੰਘ, ਹਰਿੰਦਰ ਸਿੰਘ, ਰਜਿੰਦਰ ਸਿੰਘ, ਮਨਦੀਪ ਸਿੰਘ ਸਿੱਧੂ, ਕਿਰਨਦੀਪ ਕੌਰ ਸਿੱਧੂ, ਪੱਪੂ ਨੰਬਰਦਾਰ, ਗੈਰੀ ਵੜਿੰਗ, ਨਿਰਭੈਅ ਸਿੰਘ ਸਰਪੰਚ ਭੈਰੋਭੱਟੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *