ਸੁਖਜਿੰਦਰ ਸਹੋਤਾ
ਫ਼ਰੀਦਕੋਟ, 29 ਅਕਤੂਬਰ 2025:
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਅੱਜ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ, ਖਾਦ ਦੀ ਉਪਲਬਧਤਾ ਅਤੇ ਪਰਾਲੀ ਪ੍ਰਬੰਧਨ ਸਬੰਧੀ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ।
ਮੀਟਿੰਗ ਦੌਰਾਨ ਕਿਸਾਨ ਆਗੂਆਂ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਨਮੀ ਜਾਂਚ, ਬੋਰੀਆਂ ਦੀ ਘਾਟ, ਦੋਹਰਾ ਪੱਖਾਂ ਲਗਾਉਣ ਅਤੇ ਭੁਗਤਾਨ ਸਬੰਧੀ ਕੁਝ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ। ਇਸ ਨਾਲ ਹੀ ਉਨ੍ਹਾਂ ਵੱਲੋਂ ਡੀ.ਏ.ਪੀ. ਖਾਦ ਦੀ ਕਮੀ ਸਬੰਧੀ ਵੀ ਮੁੱਦਾ ਉਠਾਇਆ ਗਿਆ।
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਸਾਨਾਂ ਨੂੰ ਭਰੋਸਾ ਦਵਾਇਆ ਕਿ ਜ਼ਿਲ੍ਹੇ ਵਿੱਚ ਡੀ.ਏ.ਪੀ. ਖਾਦ ਦੀ ਉਪਲਬਧਤਾ ਸੁਚਾਰੂ ਬਣਾਈ ਰੱਖਣ ਲਈ ਖੇਤੀਬਾੜੀ ਵਿਭਾਗ ਨਾਲ ਲਗਾਤਾਰ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖਾਦ ਦੀ ਸਪਲਾਈ ਸਮੇਂ ਸਿਰ ਪਹੁੰਚੇ, ਇਸ ਲਈ ਸੁਸਾਇਟੀਆਂ ਵਿੱਚ ਲੋੜੀਂਦੀ ਮਾਤਰਾ ਵਿੱਚ ਖਾਦ ਭੇਜੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕਾਲਾਬਾਜ਼ਾਰੀ ਜਾਂ ਜਮ੍ਹਾਂਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਛਾਪੇਮਾਰੀ ਅਭਿਆਨ ਚਲਾਇਆ ਜਾ ਰਿਹਾ ਹੈ ਤਾਂ ਜੋ ਖਾਦ ਦੀ ਕਾਲਾਬਾਜ਼ਾਰੀ ਤੇ ਵਾਧੂ ਦਰਾਂ ‘ਤੇ ਵਿਕਰੀ ਨੂੰ ਰੋਕਿਆ ਜਾ ਸਕੇ। ਜੇ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਆਉਂਦੀ ਹੈ ਤਾਂ ਉਹ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦੇ ਹਨ।
ਇਸ ਮੌਕੇ ਮੈਡਮ ਪੂਨਮਦੀਪ ਕੌਰ ਨੇ ਕਿਸਾਨਾਂ ਨੂੰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਹੈਪੀ ਸੀਡਰ, ਮਲਚਰ, ਰੀਵਰਸ ਪਲਾਓ, ਸੁਪਰ ਐਸ.ਐਮ.ਐਸ. ਤੇ ਹੋਰ ਯੰਤਰਾਂ ਉੱਤੇ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਜਿਹੜੇ ਕਿਸਾਨ ਇਹ ਯੰਤਰ ਵਰਤਦੇ ਹਨ, ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਤੇ ਪ੍ਰੋਤਸਾਹਨ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸਾਫ਼ ਹਵਾ ਅਤੇ ਸਿਹਤਮੰਦ ਵਾਤਾਵਰਣ ਸਾਡੀ ਸਾਂਝੀ ਜ਼ਿੰਮੇਵਾਰੀ ਹੈ, ਇਸ ਲਈ ਸਾਰੇ ਕਿਸਾਨ ਭਾਈ ਮਿਲਜੁਲ ਕੇ ਇਸ ਉਦੇਸ਼ ਨੂੰ ਸਫ਼ਲ ਬਣਾਉਣ।
