ਸੁਖਜਿੰਦਰ ਸਹੋਤਾ,
ਬਟਾਲਾ, 9 ਨਵੰਬਰ 2025:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਬਟਾਲਾ ਪਹੁੰਚੇ, ਜਿੱਥੇ ਉਨ੍ਹਾਂ ਨੇ 11 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਨਵੇਂ ਤਹਿਸੀਲ ਕਾਮਪਲੈਕਸ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਬਟਾਲਾ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੰਜਾਬ ਸਰਕਾਰ ਨੇ ਪੂਰਾ ਕੀਤਾ ਹੈ।
ਮਾਨ ਨੇ ਇਸ ਦੌਰਾਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਕਿਹਾ ਕਿ ਕੇਂਦਰ ਸਰਕਾਰ ਨਾਜਾਇਜ਼ ਤਰੀਕੇ ਨਾਲ ਨੋਟੀਫਿਕੇਸ਼ਨ ਜਾਰੀ ਕਰਕੇ ਯੂਨੀਵਰਸਿਟੀ ਦੀ ਸਿੰਡੀਕੇਟ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪੰਜਾਬੀ ਭਾਸ਼ਾ ਨਾਲ ਜੁੜੀ ਹਰ ਚੀਜ਼ ‘ਤੇ ਕਬਜ਼ਾ ਕਰਨਾ ਚਾਹੁੰਦੀ ਹੈ।
ਮਾਨ ਨੇ ਕਿਹਾ ਕਿ ਬੀ.ਬੀ.ਐੱਮ.ਬੀ ਉੱਪਰ ਵੀ ਕੇਂਦਰ ਸਰਕਾਰ ਕਬਜ਼ਾ ਕਰਨਾ ਚਾਹੁੰਦੀ ਹੈ ਅਤੇ 26 ਜਨਵਰੀ ਦੀ ਪਰੈਡ ਵਿਚੋਂ ਵੀ ਪੰਜਾਬ ਦੀ ਝਾਂਕੀ ਨੂੰ ਹਟਾ ਦਿੱਤਾ ਗਿਆ ਸੀ।ਕਾਂਗਰਸ ਵੱਲੋਂ ਚੋਣਾਂ ਵਿੱਚ ਵੋਟ ਚੋਰੀ ਦੇ ਦੋਸ਼ਾਂ ‘ਤੇ ਬੋਲਦਿਆਂ ਮਾਨ ਨੇ ਕਿਹਾ ਕਿ ਜਦੋਂ ਵੀ ਕੋਈ ਪਾਰਟੀ ਈ.ਵੀ.ਐੱਮ. ‘ਤੇ ਸਵਾਲ ਉਠਾਉਂਦੀ ਹੈ ਤਾਂ ਭਾਜਪਾ ਤੁਰੰਤ ਉਸਦੇ ਹੱਕ ‘ਚ ਆ ਜਾਂਦੀ ਹੈ ਕਿ ਈ.ਵੀ.ਐੱਮ. ‘ਤੇ ਸਵਾਲ ਨਾ ਕੀਤਾ ਜਾਵੇ।
ਉਨ੍ਹਾਂ ਨੇ ਦਾਅਵਾ ਕੀਤਾ ਕਿ ਦਿੱਲੀ ‘ਚ ਰਾਜ ਸਭਾ ਮੈਂਬਰ ਸੰਜੇ ਸਿੰਘ ਦੀ ਪਤਨੀ ਦੀ ਵੋਟ ਕੱਟ ਦਿੱਤੀ ਗਈ ਸੀ। ਮਾਨ ਨੇ ਕਿਹਾ ਕਿ ਵੋਟ ਚੋਰੀ ਲੋਕਤੰਤਰ ਲਈ ਬਹੁਤ ਘਾਤਕ ਹੈ।
