ਅਲੋਕਿਕ ਨਗਰ ਕੀਰਤਨ 20 ਨਵੰਬਰ ਨੂੰ ਫਰੀਦਕੋਟ ਤੋਂ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ-ਸੇਖੋਂ

Sukhjinder Sahota,

ਫਰੀਦਕੋਟ 13 ਨਵੰਬਰ  2025:

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸਾਲਾ ਸ਼ਹੀਦੀ ਸਤਾਬਦੀ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਿਆਲਾ ਜੀ ਤੇ ਬਾਬਾ ਜੈਤਾ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਸਮਰਪਿਤ ਮਾਲਵਾ ਜੋਨ ਤੋਂ ਅਲੋਕਿਕ ਨਗਰ ਕੀਰਤਨ 20 ਨਵੰਬਰ ਨੂੰ ਕਿਲ੍ਹਾ ਮੁਬਾਰਕ ਫਰੀਦਕੋਟ ਵਿੱਚ ਸਥਿਤ ਬਾਬਾ ਫਰੀਦ ਜੀ ਦੇ ਤਪ ਅਸਥਾਨ ਤੋਂ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਇਹ ਜਾਣਕਾਰੀ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਨਗਰ ਕੀਰਤਨ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਅਸੀਂ ਬਹੁਤ ਹੀ ਭਾਗਾਂ ਵਾਲੇ ਹਾਂ ਕਿ ਫਰੀਦਕੋਟ ਵਿਖੇ ਬਾਬਾ ਫਰੀਦ ਜੀ ਨੇ ਚਰਨ ਪਾਏ ਤੇ ਹੁਣ ਫਰੀਦਕੋਟ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਲੋਕਿਕ ਨਗਰ ਕੀਰਤਨ ਸ਼ੁਰੂ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਵਾਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਫਰੀਦਕੋਟ ਵਿਖੇ ਸਤਾਬਦੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਵੀ ਸਫਲਤਾ ਪੂਰਵਕ ਕਰਵਾਇਆ ਗਿਆ ਹੈ। ਉਨ੍ਹਾਂ ਸਮੁੱਚੇ ਫਰੀਦਕੋਟ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 20 ਨਵੰਬਰ ਨੂੰ ਸਵੇਰੇ 7 ਵਜੇ ਕਿਲ੍ਹਾ ਮੁਬਾਰਕ ਵਿਖੇ ਪਹੁੰਚਣ ਜਿੱਥੋਂ ਸ੍ਰੀ ਗੁਰੂ ਗਰੰਥ ਸਾਹਿਬ ਨਾਲ ਸ਼ੁਸ਼ੋਬਿਤ ਪਾਲਕੀ ਸਾਹਿਬ ਨਾਲ ਨਗਰ ਕੀਰਤਨ ਸ਼ੁਰੂ ਹੋਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਤ, ਮਹਾਂਪੁਰਖ ਤੇ ਸੰਗਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਨਗਰ ਕੀਰਤਨ ਪਿੰਡ ਗੋਲੇਵਾਲਾ ਤੋਂ ਫਿਰੋਜ਼ਪੁਰ ਵਿਖੇ ਦਾਖਲ ਹੋਵੇਗਾ ਤੇ ਸਾਰੇ ਰਸਤੇ ਵਿੱਚ ਗੁਰੂ ਸਾਹਿਬ ਦੀ ਪਾਲਕੀ ਤੇ ਫੁੱਲਾਂ ਦੀ ਵਰਖਾ ਹੋਵੇਗੀ, ਸੰਗਤਾਂ ਗੁਰੂ ਦਾ ਜਾਪ ਕਰਨਗੀਆਂ ਤੇ ਥਾਂ-ਥਾਂ ਤੇ ਲੰਗਰ ਲਾਏ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਕੀਰਤਨ ਸਬੰਧੀ ਮਰਿਆਦਾ ਤੇ ਸਫਾਈ ਆਦਿ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤੇ ਹਰ ਤਰ੍ਹਾਂ ਦੀਆਂ ਤਿਆਰੀਆਂ ਸਮੇਂ ਸਿਰ ਮੁਕੰਮਲ ਕਰ ਲਈਆਂ ਜਾਣ।

ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਅਲੋਕਿਕ ਨਗਰ ਕੀਰਤਨ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹਨ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀ ਨਗਰ ਕੀਰਤਨ ਦੌਰਾਨ ਮਨੁੱਖੀ ਕੜੀ ਬਣਾ ਕੇ ਸਾਰੇ ਸ਼ਹਿਰ ਵਿੱਚ ਸਹਿਯੋਗ ਕਰਨਗੇ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਮਿਤੀ 20 ਨਵੰਬਰ ਤੋਂ ਸਵੇਰੇ 8 ਵਜੇ ਕਿਲ੍ਹਾ ਮੁਬਾਰਕ ਵਿੱਚ ਸਥਿਤ ਬਾਬਾ ਫਰੀਦ ਜੀ ਦੇ ਤਪ ਅਸਥਾਨ ਤੋਂ ਸ਼ੁਰੂ ਹੋ ਕੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਜਿਵੇਂ ਕਿ ਹੁੱਕੀ ਚੌਂਕ, ਘੰਟਾ ਘਰ ਚੌਂਕ, ਭਾਈ ਘੱਨਈਆ ਚੌਂਕ, ਸਾਦਿਕ ਚੌਂਕ, ਨਾਨਕਸਰ ਬਸਤੀ, ਪਿੰਡ ਪਿੱਪਲੀ, ਰਾਜੋਵਾਲਾ ਤੋਂ ਗੋਲੇਵਾਲਾ ਹੁੰਦਾ ਹੋਇਆ ਫਿਰੋਜ਼ਪੁਰ ਵਿਖੇ ਦਾਖਲ ਹੋਵੇਗਾ। ਉਨ੍ਹਾਂ ਕਿਹਾ ਕਿ ਉਪਰੰਤ ਇਹ ਨਗਰ ਕੀਰਤਨ ਫਿਰੋਜਪੁਰ ਤੋਂ ਮੋਗਾ, ਜਗਰਾਓ, ਲੁਧਿਆਣਾ, ਖੰਨਾ, ਸਰਹਿੰਦ, ਸ੍ਰੀ ਫਤਿਹਗੜ੍ਹ ਸਾਹਿਬ, ਮੋਰਿੰਡਾ, ਸ੍ਰੀ ਚਮਕੌਰ ਸਾਹਿਬ, ਰੂਪਨਗਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਨਗਰ ਕੌਂਸਲ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਗਰ ਕੀਰਤਨ ਦੇ ਗੁਜ਼ਰਨ ਉਪਰੰਤ ਵੀ ਸਾਫ ਸਫਾਈ ਤੁਰੰਤ ਕਰਵਾਈ ਜਾਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਲੰਗਰਾਂ ਲਈ ਪਲਾਸਟਿਕ ਦੇ ਬਰਤਨਾਂ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ।

ਇਸ ਮੌਕੇ ਚੇਅਰਮੈਨ ਮਾਰਿਕਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਹਰਜੋਤ ਕੌਰ, ਵਧੀਕ ਡਿਪਟੀ ਕਮਿਸਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ. ਫਰੀਦਕੋਟ ਮੇਜਰ ਡਾ. ਵਰੁਣ ਕੁਮਾਰ, ਜੀ.ਏ ਸ੍ਰੀ ਗੁਰਕਿਰਨਦੀਪ ਸਿੰਘ,ਜੀ.ਐਸ. ਗੁਰਾਇਆ ਐਸ.ਪੀ.(ਡੀ)., ਐਮ.ਈ. ਨਗਰ ਕੌਂਸਲ ਸ੍ਰੀ ਰਾਕੇਸ਼ ਕੰਬੋਜ, ਪ੍ਰੋ. ਨਰਿੰਦਰਪਾਲ ਸਿੰਘ ਬਰਾੜ, ਸ੍ਰੀ ਸੁਰਿੰਦਰ ਸਿੰਘ ਰੁਮਾਣਾ ਬਾਬਾ ਫਰੀਦਕੋਟ ਸਿੱਖਿਆ ਸੰਸਥਾਵਾਂ, ਪੰਚਾਇਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

Leave a Reply

Your email address will not be published. Required fields are marked *